ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

Thursday, Nov 14, 2024 - 01:21 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ (ਏਜੰਸੀ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀਰਵਾਰ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਹਰ ਸਿੱਖ ਦੇ ਦਿਲ ਵਿਚ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ। ਇਸ ਦੌਰਾਨ ਪਾਰਟੀ ਆਗੂ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੱਥੇ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ: ਮਹਿੰਗਾਈ ਦੀ ਮਾਰ, ਮੁੜ ਵੱਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

PunjabKesari

ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਉਤਾਵਲਾ ਰਹਿੰਦਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ 2244 ਸ਼ਰਧਾਲੂਆਂ ਵਿੱਚੋਂ 1481 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਨਾਲ ਸਿੱਖ ਸ਼ਰਧਾਲੂਆਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਜੱਸਲ ਨੇ ਦੱਸਿਆ ਕਿ ਸੰਗਤਾਂ ਦਾ ਇਹ ਜਥਾ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। 16 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਣਾ (ਸ਼ੇਖੂਪੁਰਾ) ਵਿਚ ਨਤਮਸਤਕ ਹੋਵੇਗਾ। ਇਸੇ ਤਰ੍ਹਾਂ 17 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਅਤੇ 18 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ ਪੁੱਜਣਗੇ। 19 ਨਵੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰੁਕੇਗਾ ਅਤੇ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਅਮਾਨਾਬਾਦ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ, ਜਿੱਥੋਂ 23 ਨਵੰਬਰ ਨੂੰ ਜਥਾ ਵਾਪਸ ਭਾਰਤ ਪਰਤੇਗਾ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਬੰਬ ਨਾਲ ਉਡਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News