''ਗੁਰਦੁਆਰਾ ਸਾਹਿਬ ਦੀਆਂ ਸਟੇਜਾਂ ''ਤੇ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਬੋਲਣ ਦੀ ਮਨਾਹੀ''

Thursday, Apr 05, 2018 - 01:15 PM (IST)

ਨਿਊਯਾਰਕ(ਰਾਜ ਗੋਗਨਾ)— ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ਤੇ ਨਗਰ ਕੀਰਤਨਾਂ ਵਿਚ ਸਟੇਜ 'ਤੇ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਬੋਲਣ ਦੀ ਕੀਤੀ ਗਈ ਮਨਾਹੀ 'ਤੇ ਸਿੱਖ ਸੰਗਤ ਪੂਰੀ ਤਰ੍ਹਾਂ ਕਾਇਮ ਹੈ ਅਤੇ ਡੱਟ ਕੇ ਪਹਿਰਾ ਦੇ ਰਹੀ ਹੈ ਕਿ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਗੁਰੂ ਘਰ ਦੀ ਕਿਸੇ ਵੀ ਸਟੇਜ 'ਤੇ ਬੋਲਣ ਨਹੀਂ ਦਿੱਤਾ ਜਾਵੇਗਾ। ਇਹ ਜਾਣਕਾਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਨੇ ਦਿੱਤੀ।

PunjabKesari
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅਮਰੀਕਾ ਦੇ 96 ਗੁਰਦੁਆਰਾ ਸਾਹਿਬ ਸਮੇਤ ਕੈਨੇਡਾ, ਅਤੇ ਇੰਗਲੈਂਡ ਦੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਇਕ ਅਹਿਮ ਫ਼ੈਸਲਾ ਲਿਆ ਗਿਆ ਸੀ ਕਿ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਕਿਸੇ ਵੀ ਗੁਰਦੁਆਰਾ ਸਾਹਿਬ ਦੀ ਸਟੇਜ ਜਾਂ ਨਗਰ-ਕੀਰਤਨਾਂ ਸਮੇਂ ਕਿਸੇ ਵੀ ਸਟੇਜ ਤੋਂ ਬੋਲਣ ਨਹੀਂ ਦਿੱਤਾ ਜਾਵੇਗਾ। ਜਿਸ ਨਾਲ ਭਾਰਤ ਸਰਕਾਰ ਨੂੰ ਵੱਡਾ ਝਟਕਾ ਲੱਗਾ ਸੀ ਅਤੇ ਭਾਰਤ ਸਰਕਾਰ ਉਸ ਦਿਨ ਤੋਂ ਹੀ ਲਗਾਤਾਰ ਆਪਣੇ ਨੁਮਾਇੰਦਿਆਂ ਰਾਹੀਂ ਇਹ ਕੋਸ਼ਿਸ਼ ਕਰ ਰਹੀ ਹੈ ਕਿ ਕਿਵੇਂ ਇਸ ਅਹਿਮ ਫ਼ੈਸਲੇ ਨੂੰ ਪੂਰਨ ਰੂਪ ਵਿਚ ਲਾਗੂ ਹੋਣ ਤੋਂ ਰੋਕਿਆ ਜਾਵੇ। ਹੁਣ ਜਦੋਂ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਵੱਡੀ ਗਿਣਤੀ ਵਿਚ ਨਗਰ ਕੀਰਤਨ ਕੱਢੇ ਜਾ ਰਹੇ ਹਨ ਤੇ ਭਾਰਤ ਸਰਕਾਰ ਦੇ ਨੁਮਾਇੰਦੇ ਵੀ ਪੂਰੀ ਤਰਾਂ ਸਰਗਰਮ ਹੋ ਚੁੱਕੇ ਹਨ। ਇਸ ਸੰਬੰਧ ਵਿਚ ਭਾਈ ਹਿੰਮਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਭਾਰਤੀ ਨੁਮਾਇੰਦੇ ਇਨ੍ਹਾਂ ਨਗਰ-ਕੀਰਤਨਾਂ ਵਿਚ ਸ਼ਾਮਿਲ ਹੋਣ ਅਤੇ ਸਟੇਜਾਂ ਤੱਕ ਪਹੁੰਚ ਕਰਨ ਲਈ ਪੂਰੀ ਤਰਾਂ ਸਰਗਰਮ ਹੋ ਚੁੱਕੇ ਹਨ। ਅੱਗੇ ਉਨ੍ਹਾਂ ਨੇ ਦੁਨੀਆਂ ਭਰ ਦੇ ਗੁਰਦੁਆਰਾ ਪ੍ਰਬੰਧਕਾਂ ਅਤੇ ਖ਼ਾਸ ਕਰਕੇ ਅਮਰੀਕਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਹੈ ਕਿ ਆਓ ਅਸੀਂ ਸਾਰੇ ਮਿਲ ਕੇ ਆਪਣੇ ਕੀਤੇ ਫ਼ੈਸਲੇ 'ਤੇ ਡੱਟ ਕੇ ਪਹਿਰਾ ਦਈਏ ਤਾਂ ਜੋ ਭਾਰਤ ਸਰਕਾਰ ਦੇ ਨੁਮਾਇੰਦੇ ਨਗਰ ਕੀਰਤਨਾਂ ਦੀਆਂ ਸਟੇਜਾਂ ਤੱਕ ਨਾਂ ਪਹੁੰਚ ਸਕਣ। ਇਹ ਵੀ ਪਤਾ ਲੱਗਾ ਹੈ ਕਿ ਭਾਰਤੀ ਕੌਂਸਲੇਟਾਂ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਭਾਰਤੀ ਅੰਬੈਸੀਆਂ ਵਿਚ ਮਨਾਉਣ ਦੇ ਵੀ ਮਨਸੂਬੇ ਘੜੇ ਜਾ ਰਹੇ ਹਨ। ਸੰਗਤਾਂ ਇਸ ਪ੍ਰਤੀ ਸੁਚੇਤ ਰਹਿਣ, ਜੇਕਰ ਇਸ ਤਰ੍ਹਾਂ ਦੇ ਕੋਈ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਉਨ੍ਹਾਂ ਪ੍ਰੋਗਰਾਮਾਂ ਵਿਚ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਦੇਣ ਵਾਲੇ ਗੁਰਦੁਆਰਾ ਪ੍ਰਬੰਧਕਾਂ ਦਾ ਅਤੇ ਸ਼ਾਮਿਲ ਹੋਣ ਵਾਲਿਆਂ ਦਾ ਵੀ ਪੂਰਨ ਤੌਰ 'ਤੇ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ।


Related News