ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ
Tuesday, Jun 30, 2026 - 04:18 PM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਘੱਟਗਿਣਤੀ ਸਿੱਖ ਭਾਈਚਾਰੇ ਦੇ ਧਾਰਮਿਕ ਅਸਥਾਨਾਂ ਅਤੇ ਇਤਿਹਾਸਕ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਫਾਰੂਕਾਬਾਦ ਯਾਨੀ ਮੰਡੀ ਚੁਰਕਾਨਾ ਵਿਖੇ ਸਥਿਤ ਲਗਭਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਦੇ ਇੱਕ ਹਿੱਸੇ ਨੂੰ ਭੂ-ਮਾਫੀਆ ਨੇ ਲੋਕਲ ਐਡਮਿਨਿਸਟ੍ਰੇਸ਼ਨ ਦੀ ਕਥਿਤ ਮਿਲੀਭੁਗਤ ਨਾਲ ਢਾਹ ਦਿੱਤਾ। ਇਸ ਘਟਨਾ ਦੀ ਖ਼ਬਰ ਸਾਹਮਣੇ ਆਉਂਦੇ ਹੀ ਪਾਕਿਸਤਾਨੀ ਸਿੱਖ ਕਮਿਊਨਿਟੀ ਵਿੱਚ ਭਾਰੀ ਰੋਸ ਅਤੇ ਗੁੱਸਾ ਹੈ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਭੰਨਤੋੜ ਅਤੇ ਗੈਰ ਕਾਨੂੰਨੀ ਉਸਾਰੀ ਦੇ ਕੰਮ ਨੂੰ ਤੁਰੰਤ ਰੁਕਵਾ ਦਿੱਤਾ।
ਨਨਕਾਣਾ ਸਾਹਿਬ ਤੋਂ ਸਿੱਖ ਪ੍ਰਤੀਨਿਧ ਭੁਪਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦੋਸ਼ ਲਾਇਆ ਕਿ ਇਹ ਘਟਨਾ 24 ਅਤੇ 25 ਜੂਨ ਦੀ ਦਰਮਿਆਨੀ ਰਾਤ ਨੂੰ ਵਾਪਰੀ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨੀ ਵੱਡੀ ਘਟਨਾ ਤੋਂ ਬਾਅਦ ਵੀ ਕਿਸੇ ਸਰਕਾਰੀ ਵਿਭਾਗ ਨੇ ਕੋਈ ਬਿਆਨ ਜਾਰੀ ਨਹੀਂ ਕੀਤਾ ਅਤੇ ਨਾ ਹੀ ਅਜੇ ਤੱਕ ਕੋਈ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਭੁਪਿੰਦਰ ਸਿੰਘ ਨੇ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ- 'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ ਸਕਦੇ?' ਅਮਰੀਕੀ ਸੰਸਦ 'ਚ ਗੂੰਜਿਆ ਸਵਾਲ
ਸਿੱਖਾਂ ਦੇ ਤਿੱਖੇ ਵਿਰੋਧ ਅਤੇ ਦਬਾਅ ਕਾਰਨ ਆਖਰਕਾਰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਉਨ੍ਹਾਂ ਨੇ ਪੂਰੀ ਇਮਾਰਤ ਨੂੰ ਤਾਲਾ ਲਗਾ ਕੇ ਸੀਲ ਕਰ ਦਿੱਤਾ ਹੈ। ਇਹ ਪ੍ਰਾਚੀਨ ਗੁਰਦੁਆਰਾ ਸਾਹਿਬ ਇਤਿਹਾਸਕ ਗੁਰਦੁਆਰਾ ਸ਼੍ਰੀ ਸੱਚਾ ਸੌਦਾ ਸਾਹਿਬ ਦੇ ਬਿਲਕੁਲ ਨਜ਼ਦੀਕ ਸਥਿਤ ਹੈ, ਜਿਸ ਦੀ ਉਸਾਰੀ ਦਾ ਸਾਲ ਇਸ ਦੇ ਮੁੱਖ ਗੇਟ 'ਤੇ ਵੀ ਲਿਖਿਆ ਹੋਇਆ ਹੈ। ਵੰਡ ਤੋਂ ਬਾਅਦ ਇਹ ਗੁਰਦੁਆਰਾ ਉਜਾੜ ਹੋ ਗਿਆ ਸੀ, ਜਿਸ ਨੂੰ ਸਰਕਾਰ ਵੱਲੋਂ ਇਤਿਹਾਸਕ ਸਮਾਰਕ ਵਜੋਂ ਲਿਸਟਡ ਕਰਕੇ ਇਸ ਨੂੰ ਢਾਹੁਣ 'ਤੇ ਕਾਨੂੰਨੀ ਪਾਬੰਦੀ ਲਗਾਈ ਗਈ ਸੀ।
ਸਾਲ 1960 ਵਿੱਚ ਪਾਕਿਸਤਾਨ ਸਰਕਾਰ ਨੇ ਇਹ ਖਾਲੀ ਪਈ ਪ੍ਰਾਪਰਟੀ ਭਾਰਤ ਤੋਂ ਆਏ ਰਿਫਊਜੀਆਂ ਨੂੰ ਰਹਿਣ ਲਈ ਅਲਾਟ ਕਰ ਦਿੱਤੀ ਸੀ, ਪਰ ਨਿਯਮਾਂ ਮੁਤਾਬਕ ਢਾਂਚੇ ਵਿੱਚ ਕੋਈ ਵੀ ਬਦਲਾਅ ਕਰਨ ਦੀ ਮਨਾਹੀ ਸੀ। ਇਸ ਦੇ ਬਾਵਜੂਦ ਲੈਂਡ ਮਾਫੀਆ ਨੇ ਇਸ ਕੀਮਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਸ ਹੈਰੀਟੇਜ ਇਮਾਰਤ ਨੂੰ ਨੁਕਸਾਨ ਪਹੁੰਚਾਇਆ। ਸਥਾਨਕ ਸਿੱਖ ਐਕਟਿਵਿਸਟਸ ਮੁਤਾਬਕ ਇਹ ਇਮਾਰਤ ਚਾਰ ਸਾਲ ਪਹਿਲਾਂ ਤੱਕ ਬਿਲਕੁਲ ਸਹੀ ਹਾਲਤ ਵਿੱਚ ਸੀ, ਪਰ ਉਸ ਸਮੇਂ ਵੀ ਭੂ-ਮਾਫੀਆ ਨੇ ਇਸ ਦੇ ਮੁੱਖ ਗੁੰਬਦ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਸਿੱਖਾਂ ਨੇ ਦੋਸ਼ ਲਾਇਆ ਹੈ ਕਿ ਉਸ ਵੇਲੇ ਵੀ ਪੁਲਿਸ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਪਰ ਇਵੈਕੂਏਸ਼ਨ ਟਰੱਸਟ ਪ੍ਰਾਪਰਟੀ ਬੋਰਡ (ETPB) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਨੇ ਇਸ ਇਤਿਹਾਸਕ ਵਿਰਾਸਤ ਨੂੰ ਸੇਫ ਰੱਖਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਫਿਲਹਾਲ ਪ੍ਰਸ਼ਾਸਨ ਵੱਲੋਂ ਜਗ੍ਹਾ ਨੂੰ ਸੀਲ ਕਰਕੇ ਹਰ ਤਰ੍ਹਾਂ ਦੀ ਉਸਾਰੀ 'ਤੇ ਬੈਨ ਲਗਾ ਦਿੱਤਾ ਗਿਆ ਹੈ ਅਤੇ ਵਕਫ਼ ਬੋਰਡ ਵੱਲੋਂ ਦੋਸ਼ੀਆਂ ਖਿਲਾਫ ਲੀਗਲ ਐਕਸ਼ਨ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਅਹਿਮ ਖ਼ਬਰ
ਢਾਹਿਆ ਗਿਆ ਗੁਰਦੁਆਰਾ ਸਾਹਿਬ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵ ਰੱਖਦਾ ਹੈ। ਇਹ ਉਹ ਕੇਂਦਰ ਸੀ ਜਿੱਥੋਂ ਸਿੰਘ ਸਭਾ ਲਹਿਰ ਨੇ ਜ਼ੋਰ ਫੜਿਆ ਸੀ ਅਤੇ ਗੁਰਦੁਆਰਿਆਂ ਨੂੰ ਮਹੰਤਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਚਲਾਈ ਗਈ ਸੀ। ਇਸੇ ਲਹਿਰ ਨੇ ਅੱਗੇ ਚੱਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਥਾਪਨਾ ਦੀ ਨੀਂਹ ਰੱਖੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
