ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਮਨਾਇਆ ਗਿਆ ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ
Tuesday, Apr 20, 2021 - 12:14 PM (IST)
ਰੋਮ (ਕੈਂਥ)- ਇਟਲੀ ਦੇ ਲਾਸੀਓ ਸੂਬੇ ਦੇ ਅਧੀਨ ਅਤੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਐਤਵਾਰ ਨੂੰ ਖ਼ਾਲਸਾ ਪੰਥ ਦਾ 322ਵਾਂ ਸਾਜਨਾ ਦਿਵਸ ਤੇ ਵਿਸਾਖੀ ਸਮਾਗਮ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ।
ਇਸ ਮੌਕੇ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਗ੍ਰੰਥੀ ਸਿੰਘ ਜੀ ਵਲੋਂ ਕੀਰਤਨ ਅਤੇ ਕਥਾ ਕਰਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਨੂੰ ਗੁਰਬਾਣੀ ਅਤੇ ਇਸ ਪਾਵਨ ਦਿਹਾੜੇ ਦੇ ਇਤਿਹਾਸ ਨਾਲ ਸੰਗਤਾਂ ਤੋਂ ਜਾਣੂ ਕਰਵਾਇਆ ਗਿਆ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਖਾਲਸਾ ਪੰਥ ਦੀ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਇਹ ਸਮਾਗਮ ਕਰਵਾਇਆ ਗਿਆ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵਲੋਂ ਬਣਾਏ ਗਏ ਕਾਨੂੰਨਾਂ ਦੇ ਅਨੁਸਾਰ ਹੀ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨਾਂ ਕਿਹਾ ਸਮੂਹ ਸੰਗਤਾਂ ਵਲੋਂ ਜ਼ਿੰਮੇਵਾਰੀ ਸਮਝਦਿਆਂ ਹੋਇਆਂ ਸਰਕਾਰ ਵਲੋਂ ਬਣਾਏ ਕਾਨੂੰਨਾਂ ਦੀ ਪਾਲਣਾ ਕੀਤੀ ਗਈ।
ਕਿਉਂਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਹੀ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਸੀ ਕਿ ਸਮਾਗਮ ਵਿਚ ਸ਼ਾਮਲ ਹੋਣ ਸਮੇਂ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਬਣਾਏ ਗਏ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਮਾਗਮ ਵਿਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।