ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
Monday, Jun 29, 2026 - 11:27 AM (IST)
ਕਰੇਮੋਨਾ (ਕੈਂਥ) ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਇਤਿਹਾਸ ਦੇ ਪਹਿਲੇ ਸ਼ਹੀਦ ਹਨ, ਜਿਨ੍ਹਾਂ ਨੇ ਸੱਚ,ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਅਦੁੱਤੀ ਕੁਰਬਾਨੀ ਦਿੱਤੀ। ਤੱਤੀ ਤਵੀ 'ਤੇ ਬੈਠ ਕੇ, ਤੱਤੀ ਰੇਤ ਸਿਰ 'ਤੇ ਸਹਾਰਦੇ ਹੋਏ ਵੀ ਗੁਰੂ ਸਾਹਿਬ ਨੇ ਵਾਹਿਗੁਰੂ ਦੇ ਭਾਣੇ ਨੂੰ ਮਿੱਠਾ ਮੰਨਿਆ ਅਤੇ ਜ਼ੁਲਮ ਅੱਗੇ ਕਦੇ ਵੀ ਸਿਰ ਨਹੀਂ ਝੁਕਾਇਆ। ਉਨ੍ਹਾਂ ਦੀ ਸ਼ਹਾਦਤ ਸਾਨੂੰ ਸੱਚ ਦੇ ਰਾਹ 'ਤੇ ਡਟੇ ਰਹਿਣ, ਹਰ ਹਾਲਤ ਵਿੱਚ ਵਾਹਿਗੁਰੂ ਦੀ ਰਜ਼ਾ ਨੂੰ ਸਵੀਕਾਰ ਕਰਨ ਅਤੇ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਗੁਰੂ ਸਾਹਿਬ ਦਾ ਮਹਾਨ ਬਲਿਦਾਨ ਸਦਾ ਲਈ ਸਿੱਖ ਕੌਮ ਅਤੇ ਸਮੁੱਚੀ ਮਨੁੱਖਤਾ ਲਈ ਹਿੰਮਤ, ਸਬਰ ਅਤੇ ਅਟੱਲ ਵਿਸ਼ਵਾਸ ਦਾ ਪ੍ਰਤੀਕ ਰਹੇਗਾ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ, ਤੌਰੇ (ਕਰੇਮੋਨਾ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ।

ਇਸ ਸਮਾਗਮ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਲੰਗਰ ਦੀਆਂ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਵੱਲੋਂ ਕੀਤੀ ਗਈ। ਸ਼ਨੀਵਾਰ ਸ਼ਾਮ ਦੇ ਦੀਵਾਨ ਸਜਾਏ ਗਏ ਅਤੇ ਐਤਵਾਰ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੂਰਨ ਗੁਰ ਮਰਿਯਾਦਾ ਅਨੁਸਾਰ ਪਾਏ ਗਏ। ਅਰਦਾਸ ਉਪਰੰਤ ਦੀਵਾਨ ਦੀ ਆਰੰਭਤਾ ਕੀਤੀ ਗਈ, ਜਿਸ ਵਿੱਚ ਭਾਈ ਜਸ਼ਨਪ੍ਰੀਤ ਸਿੰਘ ਮਾਨਤੋਵਾ ਵਾਲਿਆਂ ਦੇ ਰਾਗੀ ਜਥੇਂ ਵੱਲੋਂ ਰਸ ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ, ਧਰਮ ਦੀ ਰੱਖਿਆ ਅਤੇ ਮਨੁੱਖਤਾ ਲਈ ਦਿੱਤੇ ਅਦੁੱਤੀ ਬਲਿਦਾਨ ਬਾਰੇ ਜਾਣੂ ਕਰਵਾ ਕੇ ਨਿਹਾਲ ਕੀਤਾ ਗਿਆ। ਦੀਵਾਨਾਂ ਦੀ ਸਮਾਪਤੀ ਵੇਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਮੂਹ ਸੰਗਤਾਂ ਨੂੰ ਜੀ ਆਇਆ ਆਖਦਿਆ ਉਹਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਲੰਗਰਾਂ ਦੀਆਂ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਅਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੰਗਤ ਲਈ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ਸੀ ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
