ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਇਆ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ

Tuesday, Jun 30, 2026 - 11:12 AM (IST)

ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਇਆ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ

ਰੇਜੋ ਇਮੀਲੀਆ (ਕੈਂਥ) ਸ਼ਹੀਦਾਂ ਦੇ ਸਿਰਤਾਜ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਲਗਭਗ 420 ਵਰ੍ਹੇ ਬੀਤ ਚੁੱਕੇ ਹਨ। ਲੇਕਿਨ ਇਤਿਹਾਸ ਦੀ ਇਸ ਅਦੁੱਤੀ ਕੁਰਬਾਨੀ ਜਿਸਨੇ ਸਿੱਖੀ ਵਿੱਚ ਇੱਕ ਨਵਾਂ ਜਜ਼ਬਾ ਪੈਦਾ ਕੀਤਾ। ਜਿੱਥੇ ਸਬਰ, ਸੰਤੋਖ ਅਤੇ ਵਾਹਿਗੁਰੂ ਦਾ ਭਾਣਾ ਮੰਨਣ ਦਾ ਸੰਦੇਸ਼ ਦਿੱਤਾ। ਉੱਥੇ ਹੀ ਸਿੱਖੀ ਦੇ ਸੰਤ ਤੋਂ ਸਿਪਾਹੀ ਦਾ ਰੂਪ ਵੀ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨ ਕੇ ਪ੍ਰਤੱਖ ਕੀਤਾ। ਦੁਨੀਆਂ ਭਰ ਵਿੱਚ ਜਿੱਥੇ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਸਦੀਆਂ ਹਨ ਉਹ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੀਆਂ ਹਨ। ਇਟਲੀ ਦੇ ਪ੍ਰਥਮ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ ਵਿਖੇ ਸਮੂਹ ਇਲਾਕਾ ਨਿਵਾਸੀ ਟਰੱਕ ਡਰਾਈਵਰ ਵੀਰਾਂ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਇਲਾਕਾ ਨਿਵਾਸੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਤਿੰਨ ਦਿਨਾਂ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ਼ੁੱਕਰਵਾਰ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਹਨਾਂ ਦੇ ਭੋਗ ਐਤਵਾਰ ਸਵੇਰ ਵੇਲੇ ਪੂਰਨ ਗੁਰ ਮਰਿਯਾਦਾ ਅਨੁਸਾਰ ਪਾਏ ਗਏ। 

PunjabKesari

ਸ਼ੁੱਕਰਵਾਰ ਅਤੇ ਸ਼ਨੀਵਾਰ ਸ਼ਾਮ ਦੇ ਵਿਸ਼ੇਸ਼ ਦੀਵਾਨ ਵੀ ਸਜਾਏ ਗਏ। ਐਤਵਾਰ ਸਵੇਰੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਬੱਚਿਆਂ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਪ੍ਰਸਿੱਧ ਪੰਥਕ ਢਾਡੀ ਜੱਥਾ ਗਿਆਨੀ ਸਰੂਪ ਸਿੰਘ ਕਡਿਆਣਾ ਵੱਲੋਂ ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਅਤੇ ਵੱਖਰੇ ਅੰਦਾਜ਼ ਵਿੱਚ ਢਾਡੀ ਕਲਾ ਦੀਆਂ ਵੱਖ-ਵੱਖ ਵੰਨਗੀਆਂ ਵਿੱਚ ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਇਤਿਹਾਸ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਢਾਡੀ ਜਥੇ ਦੀ ਖਾਸੀਅਤ ਹੈ ਕਿ ਇਹ ਇਤਿਹਾਸ ਦੇ ਪੰਨਿਆਂ ਨੂੰ ਪਲਟ ਕੇ ਵਰਤਮਾਨ ਵਿੱਚ ਸੰਗਤਾਂ ਦੇ ਸਨਮੁੱਖ ਪੇਸ਼ ਕਰਨ ਦੀ ਸਮਰੱਥਾ ਰੱਖਦਾ ਹੈ। ਐਤਵਾਰ ਦਾ ਦਿਨ ਇਟਲੀ ਦੀਆਂ ਗਰਮੀਆਂ ਦਾ ਸਭ ਤੋਂ ਗਰਮ ਦਿਨ ਸੀ। ਪਰ ਸੇਵਾਦਾਰਾਂ ਨੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਹੋਈ ਸੀ। ਗਰਮੀ ਦੇ ਬਾਵਜੂਦ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਇਸ ਮੌਕੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਹਾਜ਼ਰੀ ਭਰੀ। ਇਸ ਮੌਕੇ ਆਈਆਂ ਸਮੂਹ ਸੰਗਤਾਂ ਦਾ ਅਤੇ ਸਮੂਹ ਟਰੱਕ ਡਰਾਈਵਰ ਵੀਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੇਵਾਵਾਂ ਕਰਨ ਲਈ ਉਹਨਾਂ ਨੂੰ ਸਿਰੋਪਾਉ ਦੀ ਬਖਸ਼ਿਸ਼ ਕੀਤੀ ਗਈ। ਆਈਆਂ ਸੰਗਤਾਂ ਲਈ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਭੰਡਾਰਿਆਂ ਵਿੱਚੋਂ ਵੱਖ-ਵੱਖ ਪ੍ਰਕਾਰ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News