ਪਾਰਮਾ ਵਿਖੇ ਸ੍ਰੀ ਗੁਰੂ ਹਰਿ ਰਾਇ ਜੀ ਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ
Tuesday, Feb 18, 2025 - 03:31 PM (IST)

ਪਾਰਮਾ (ਕੈਂਥ)- ਗੁਰਦੁਆਰਾ ਸਿੰਘ ਸਭਾ ਪਾਰਮਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਭਾਈ ਬਲਵੀਰ ਸਿੰਘ ਦੇ ਪਰਿਵਾਰ ਵੱਲੋਂ ਆਪਣੀ ਪੋਤਰੀ ਦੇ ਜਨਮ ਦਿਨ 'ਤੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਸਵੇਰ ਵੇਲੇ ਪਾਏ ਗਏ।
ਇਸ ਤੋਂ ਇਲਾਵਾ ਭਾਈ ਕੁਲਵੰਤ ਸਿੰਘ ਵੱਲੋਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ ਅਤੇ ਭਾਈ ਗੁਰਦੇਵ ਸਿੰਘ ਵੱਲੋਂ ਦੀਪ ਸਿੱਧੂ ਦੀ ਮਿੱਠੀ ਯਾਦ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ। ਇਹਨਾਂ ਸਮਾਗਮਾਂ ਵਿੱਚ ਭਾਈ ਜਸਵੀਰ ਸਿੰਘ ਭੌਰ ਦੇ ਢਾਡੀ ਜਥੇ ਵੱਲੋਂ ਬਹੁਤ ਹੀ ਬੁਲੰਦ ਆਵਾਜ਼ ਅਤੇ ਵਿਲੱਖਣ ਅੰਦਾਜ਼ ਵਿੱਚ ਗੁਰ ਇਤਿਹਾਸ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸਾਰੀਆਂ ਹੀ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।