US ਵੱਲੋਂ H-1B ਵੀਜ਼ਾ ਲਈ ਲਾਟਰੀ ਸਿਸਟਮ 'ਚ ਵੱਡੇ ਬਦਲਾਅ ਦਾ ਐਲਾਨ, ਇਸ ਤਾਰੀਖ਼ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
Wednesday, Jan 31, 2024 - 12:31 PM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਲਾਟਰੀ ਰਾਹੀਂ ਐੱਚ-1ਬੀ ਵੀਜ਼ਾ ਲਈ ਚੋਣ ਪ੍ਰਕਿਰਿਆ ਵਿਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਵਿੱਤੀ ਸਾਲ 2025 ਲਈ ਵੀਜ਼ਾ ਅਰਜ਼ੀਆਂ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ 6 ਮਾਰਚ ਤੋਂ ਸ਼ੁਰੂ ਹੋ ਜਾਵੇਗੀ। ਇਕ ਅਮਰੀਕੀ ਸੰਘੀ ਏਜੰਸੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ।
ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਲਈ ਇਸ 'ਤੇ ਨਿਰਭਰ ਕਰਦੀਆਂ ਹਨ। ਨਵੀਂ ਪ੍ਰਣਾਲੀ ਦੇ ਤਹਿਤ ਕਈ ਵਿਵਸਥਾਵਾਂ ਕੀਤੀਆਂ ਗਈਆਂ ਹਨ, ਜਿਸ ਵਿੱਚ ਰੁਜ਼ਗਾਰਦਾਤਾਵਾਂ ਵੱਲੋਂ ਰਜਿਸਟ੍ਰੇਸ਼ਨ ਲਈ ਲਾਭਪਾਤਰੀ-ਕੇਂਦ੍ਰਿਤ ਚੋਣ ਪ੍ਰਕਿਰਿਆ ਦੀ ਵਿਵਸਥਾ ਵੀ ਸ਼ਾਮਲ ਹੈ। ਅਤੀਤ ਵਿੱਚ, ਜੇਕਰ ਕੋਈ ਵਿਅਕਤੀ ਇੱਕ ਤੋਂ ਵੱਧ ਵਾਰ ਅਰਜ਼ੀ ਦਿੰਦਾ ਹੈ ਤਾਂ ਸਿਸਟਮ ਵਿੱਚ ਧਾਂਦਲੀ ਹੋਣ ਦੀ ਸੰਭਾਵਨਾ ਰਹਿੰਦੀ ਸੀ ਪਰ ਹੁਣ H-1B ਵੀਜ਼ਾ ਲਈ ਅਰਜ਼ੀਆਂ ਨੂੰ ਵਿਅਕਤੀਗਤ ਬਿਨੈਕਾਰਾਂ ਦੇ ਆਧਾਰ 'ਤੇ ਗਿਣਿਆ ਅਤੇ ਸਵੀਕਾਰ ਕੀਤਾ ਜਾਵੇਗਾ। ਇੱਥੋਂ ਤੱਕ ਕਿ ਜੇਕਰ ਇਕ ਵਿਅਕਤੀ ਵੱਖ-ਵੱਖ ਕੰਪਨੀ ਲਈ ਕਈ ਅਰਜ਼ੀਆਂ ਜਮ੍ਹਾਂ ਕਰਦਾ ਹੈ ਤਾਂ ਉਨ੍ਹਾਂ ਨੂੰ ਪਾਸਪੋਰਟ ਨੰਬਰ ਵਰਗੇ ਨਿੱਜੀ ਪਛਾਣ ਪੱਤਰ ਦੇ ਆਧਾਰ 'ਤੇ ਇੱਕ ਅਰਜ਼ੀ ਵਜੋਂ ਗਿਣਿਆ ਜਾਵੇਗਾ।
ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਵੀ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ, ਜਿਸ ਦਾ ਉਦੇਸ਼ ਐੱਚ-1ਬੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧਾਉਣਾ ਅਤੇ ਹੇਰਾਫੇਰੀ ਦੀ ਸੰਭਾਵਨਾ ਨੂੰ ਘਟਾਉਣਾ ਹੈ। ਸੰਘੀ ਏਜੰਸੀ ਨੇ ਕਿਹਾ ਕਿ ਨਵੀਂ ਪ੍ਰਣਾਲੀ ਰਜਿਸਟ੍ਰੇਸ਼ਨ ਪ੍ਰਣਾਲੀ ਵਿਚ ਹੇਰਾਫੇਰੀ ਦੇ ਜੋਖ਼ਮ ਨੂੰ ਘਟਾਏਗੀ ਅਤੇ ਇਹ ਯਕੀਨੀ ਬਣਾਉਣਾ ਆਸਾਨ ਬਣਾਵੇਗੀ ਕਿ ਹਰੇਕ ਲਾਭਪਾਤਰੀ ਨੂੰ ਚੁਣੇ ਜਾਣ ਦਾ ਬਰਾਬਰ ਮੌਕਾ ਮਿਲੇ। ਯੂ.ਐੱਸ.ਸੀ.ਆਈ.ਐੱਸ. ਦੇ ਨਿਰਦੇਸ਼ਕ ਉਰ ਐੱਮ. ਜਾਡੌ ਨੇ ਕਿਹਾ, “ਅਸੀਂ ਹਮੇਸ਼ਾ ਆਪਣੀਆਂ ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਸੁਧਾਰ ਕਰਦੇ ਹੋਏ ਪਾਰਦਰਸ਼ਤਾ ਨੂੰ ਵਧਾਉਣ ਅਤੇ ਹੇਰਾਫੇਰੀ ਦੀ ਸੰਭਾਵਨਾ ਨੂੰ ਘਟਾਉਣ ਦੇ ਤਰੀਕੇ ਲੱਭਦੇ ਰਹਿੰਦੇ ਹਾਂ।” USCIS ਨੇ ਕਿਹਾ ਕਿ ਵਿੱਤੀ ਸਾਲ 2025 ਲਈ H-1B ਵੀਜ਼ਾ ਅਰਜ਼ੀਆਂ 6 ਮਾਰਚ ਤੋਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਅਤੇ ਇਹ ਪ੍ਰਕਿਰਿਆ 22 ਮਾਰਚ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ: US 'ਚ ਭਾਰਤੀ ਵਿਦਿਆਰਥੀ ਦਾ ਹਥੌੜੇ ਨਾਲ ਕਤਲ, ਦੂਤਘਰ ਨੇ ਸੈਣੀ ਦੀ ਲਾਸ਼ India ਭੇਜਣ ਦਾ ਦਿੱਤਾ ਭਰੋਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।