ਇਟਲੀ ''ਚ ਸਜਾਇਆ ਗਿਆ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
Wednesday, Mar 27, 2024 - 05:14 AM (IST)
ਇਟਲੀ (ਸਾਬੀ ਚੀਨੀਆ) - ਖਾਲਸਾ ਪੰਥ ਦੀ ਚੜਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਸਮੁੱਚੇ ਸਿੱਖ ਜਗਤ ਦੁਆਰਾ ਬੜੀ ਸ਼ਰਧਾ ਅਤੇ ਜਾਹੋ ਜਲਾਲ ਨਾਲ ਮਨਾਇਆ ਜਾਂਦਾ ਹੈ। ਇਟਲੀ ਦੇ ਜ਼ਿਲ੍ਹਾ ਕਰੇਮੋਨਾ ਵਿੱਚ ਪੈਂਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੁਆਰਾ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਰਵਾਨਾ ਹੋਇਆ।
ਇਹ ਵੀ ਪੜ੍ਹੋ- ਜਲਦ ਭਾਰਤ 'ਚ ਆ ਰਿਹੈ OnePlus ਦਾ ਇਹ ਦਮਦਾਰ ਪ੍ਰੋਸੈਸਰ ਵਾਲਾ ਸਮਾਰਟਫੋਨ, ਜਾਣੋ ਕਦੋਂ ਹੋ ਰਿਹੈ ਲਾਂਚ
ਆਰੰਭਤਾ ਮੌਕੇ ਸੰਗਤਾਂ ਦੁਆਰਾ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਨਗਰ ਕੀਰਤਨ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ। ਵੱਖ-ਵੱਖ ਰਾਗੀ, ਢਾਡੀ ਜੱਥਿਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਸੰਗਤਾਂ ਦੁਆਰਾ ਸਾਰੇ ਰਾਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਜਗ੍ਹਾ-ਜਗ੍ਹਾ ਸੰਗਤਾਂ ਲਈ ਲੰਗਰ ਵਰਤਾਇਆ ਗਿਆ। ਨਿਹੰਗ ਸਿੰਘ ਫੋਜਾਂ ਅਤੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਵਿੱਚ ਕਾਜੇਲਮੋਰਾਨੋ ਦੇ ਇਟਾਲੀਅਨ ਪ੍ਰਸ਼ਾਸ਼ਨ ਨੇ ਵੀ ਸਮੂਲੀਅਤ ਕੀਤੀ। ਨਗਰ ਕੀਰਤਨ ਦਾ ਇਟਾਲੀਅਨ ਮੂਲ ਅਤੇ ਹੋਰਨਾਂ ਮੂਲ ਦੇ ਲੋਕਾਂ ਤੇ ਗਹਿਰਾ ਪ੍ਰਭਾਵ ਪਿਆ। ਕਾਜੇਲਮੋਰਾਨੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਇਸ ਮੌਕੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਸੇਵਾਦਾਰ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੇਵਾਦਾਰਾਂ ਨੇ ਸਮੁੱਚੀਆਂ ਸਿੱਖ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸਮਾਜਿਕ ਜੱਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾੳ ਅਤੇ ਇਟਾਲੀਅਨ ਪ੍ਰਸ਼ਾਸ਼ਨ ਨੂੰ ਸਨਮਾਨ ਚਿੰਨ ਭੇਂਟ ਕੀਤੇ। ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੀ ਪ੍ਰਬੰਧਕ ਸੇਵਾਦਾਰਾਂ ਅਤੇ ਜੱਥੇਦਾਰ ਭਾਈ ਪ੍ਰਗਟ ਸਿੰਘ ਖਾਲਸਾ ਨੇ ਆਈ ਹੋਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e