ਇਮਰਾਨ ਖਾਨ ਨੇ ਪਾਕਿਸਤਾਨੀ ਜਨਰਲ ਨੂੰ ਸਰਕਾਰ ਦਾ ਸਮਰਥਨ ਨਾ ਕਰਨ ਦੀ ਕੀਤੀ ਅਪੀਲ
Sunday, Jul 17, 2022 - 09:44 PM (IST)
 
            
            ਇਸਲਾਮਾਬਾਦ-ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨੀ ਫੌਜ ਤੋਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ 'ਅਸਫਲ' ਸਰਕਾਰ ਦਾ ਸਮਰਥਨ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਫੌਜ ਦੇ ਚੋਟੀ ਦੇ ਅਧਿਕਾਰੀਆਂ ਨੂੰ ਆਪਣੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕਰਦੇ ਹੋਏ ਦਾਅਵਾ ਕੀਤਾ ਕਿ ਕੋਈ ਵੀ ਗਲਤ ਕਦਮ ਜਨਤਾ ਅਤੇ ਸਥਾਪਨਾ ਦਰਮਿਆਨ ਖਾਈ ਨੂੰ ਹੋਰ ਵਧਾ ਸਕਦਾ ਹੈ।
ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਪ੍ਰਧਾਨ ਖਾਨ ਨੇ ਸ਼ਨੀਵਾਰ ਨੂੰ ਇਥੇ 'ਪਾਕਿਸਤਾਨ ਫੈਡਰਲ ਯੂਨੀਅਨ ਆਫ ਜਰਨਲਿਸਟ' (ਪੀ.ਐੱਫ.ਯੂ.ਜੇ.) ਵੱਲੋਂ ਆਯੋਜਿਤ ਇਕ ਸੈਮੀਨਾਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਦੀ ਨਜ਼ਰ ਫੌਜ ਵੱਲ ਹੈ ਕਿਉਂਕਿ ਉਨ੍ਹਾਂ ਕੋਲ ਸ਼ਕਤੀ ਹੈ। ਖਾਨ ਨੇ ਕਿਹਾ ਕਿ ਮੌਜੂਦਾ ਸ਼ਾਸਨ ਜਿੰਨਾ ਲੰਬਾ ਚੱਲੇਗਾ, ਦੇਸ਼ ਦੇ ਲਈ ਉਨ੍ਹਾਂ ਹੀ ਨੁਕਸਾਨਦੇਹ ਸਾਬਤ ਹੋਵੇਗਾ।
ਖਾਨ, ਫੌਜ 'ਤੇ ਇਸ ਸਾਲ ਦੀ ਸ਼ੁਰੂਆਤ 'ਚ ਪੈਦਾ ਹੋਏ ਰਾਜਨੀਤਿਕ ਸੰਕਟ ਦੌਰਾਨ ਉਨ੍ਹਾਂ ਦਾ ਸਾਥ ਛੱਡਣ ਦਾ ਦੋਸ਼ ਲਾਉਂਦੇ ਰਹੇ ਹਨ। ਉਨ੍ਹਾਂ ਨੇ ਫੌਜ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦਾ ਸਮਰਥਨ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਕਦੀ ਦੀ ਕਮੀ ਨਾਲ ਜੂਝ ਰਿਹਾ ਪਾਕਿਸਤਾਨ ਇਕ ਮਹਤੱਵਪੂਰਨ ਮੋੜ 'ਤੇ ਖੜ੍ਹਾ ਹੈ ਅਤੇ ਇਹ ਬਹੁਤ ਮਹਤੱਵਪੂਰਨ ਹੈ ਕਿ ਅਜੇ 'ਸਹੀ ਫੈਸਲੇ' ਲਏ ਜਾਣ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            