ਇਮਰਾਨ ਖਾਨ ਨੂੰ ਰਾਸ ਨਹੀਂ ਆ ਰਹੇ ਚੋਣ ਨਤੀਜੇ, ਪਾਰਟੀ ਨੇ 10 ਮਾਰਚ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਦਾ ਕੀਤਾ ਐਲਾਨ

03/06/2024 10:16:08 AM

ਇਸਲਾਮਾਬਾਦ (ਭਾਸ਼ਾ)- ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਫਤਵੇ ਦੀ ‘ਚੋਰੀ’ ਵਿਰੁੱਧ 10 ਮਾਰਚ ਤੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰੇਗੀ। ਦੇਸ਼ 'ਚ ਪਿਛਲੇ ਮਹੀਨੇ ਦੀ ਸ਼ੁਰੂਆਤ 'ਚ ਹੋਈਆਂ ਚੋਣਾਂ 'ਚ ਧਾਂਦਲੀ ਦੇ ਦੋਸ਼ ਲੱਗੇ ਹਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਨੈਸ਼ਨਲ ਅਸੈਂਬਲੀ ਦੇ ਸਾਬਕਾ ਸਪੀਕਰ ਅਤੇ ਪੀ.ਟੀ.ਆਈ. ਦੇ ਸੀਨੀਅਰ ਨੇਤਾ ਅਸਦ ਕੈਸਰ ਨੇ ਕਿਹਾ, "ਅਸੀਂ ਸਾਰੀਆਂ ਸਿਆਸੀ ਤਾਕਤਾਂ ਨੂੰ ਇੱਕਜੁੱਟ ਕਰਾਂਗੇ ਅਤੇ ਕਾਨੂੰਨ ਅਤੇ ਸੰਵਿਧਾਨ ਦੇ ਤਹਿਤ ਇੱਕ ਅੰਦੋਲਨ ਸ਼ੁਰੂ ਕਰਾਂਗੇ।"

ਇਹ ਵੀ ਪੜ੍ਹੋ: ਦੱਖਣੀ ਕੋਰੀਆ ’ਚ ਬੋਲੇ ਜੈਸ਼ੰਕਰ, ਕੁਝ ਦੇਸ਼ਾਂ ਵੱਲੋਂ ਕੌਮਾਂਤਰੀ ਵਿਵਸਥਾ ਨੂੰ ਆਪਣੀਆਂ ਉਂਗਲਾਂ ’ਤੇ ਨਚਾਉਣਾ ਹੁਣ ਬੀਤੇ ਸਮੇਂ ਦੀ ਗੱਲ

ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਉਹ ਸਾਰੇ ਸੂਬਿਆਂ 'ਚ ਸੜਕਾਂ 'ਤੇ ਉਤਰਨ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ, ''ਸਾਡਾ ਅੰਦੋਲਨ ਜਾਰੀ ਰਹੇਗਾ ਅਤੇ ਸਾਰੀਆਂ ਸਿਆਸੀ ਸ਼ਕਤੀਆਂ ਨੂੰ ਇਕੱਠਿਆਂ ਲਿਆਵਾਂਗਾ।'' ਕੈਸਰ ਨੇ ਕਿਹਾ ਕਿ ਉਹ ਸਮਾਨ ਸੋਚ ਵਾਲੀਆਂ ਪਾਰਟੀਆਂ ਨੂੰ ਇਕਜੁੱਟ ਕਰਨਗੇ। ਪਾਕਿਸਤਾਨ 'ਚ 8 ਫਰਵਰੀ ਨੂੰ ਚੋਣਾਂ ਹੋਈਆਂ ਸਨ, ਜਿਨ੍ਹਾਂ 'ਚ ਧਾਂਦਲੀ ਦੇ ਦੋਸ਼ ਲੱਗੇ ਹਨ। ਚੋਣ ਨਤੀਜਿਆਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਇਮਰਾਨ ਖਾਨ ਦੀ ਪਾਰਟੀ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ ਨੈਸ਼ਨਲ ਅਸੈਂਬਲੀ ਦੀਆਂ 266 ਸੀਟਾਂ ਵਿੱਚੋਂ 90 ਤੋਂ ਵੱਧ ਸੀਟਾਂ ਜਿੱਤੀਆਂ ਸਨ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪੀ.ਐੱਮ.ਐੱਲ.-ਐੱਨ. ਨੂੰ 75 ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੀ ਪੀ.ਪੀ.ਪੀ. ਨੂੰ 54 ਸੀਟਾਂ ਮਿਲੀਆਂ। ਮੁਤਾਹਿਦਾ ਕੌਮੀ ਮੂਵਮੈਂਟ ਪਾਕਿਸਤਾਨ (MQM-P) ਨੇ 17 ਸੀਟਾਂ ਜਿੱਤੀਆਂ। 

ਇਹ ਵੀ ਪੜ੍ਹੋ: ਮਾਲਦੀਵ 'ਚ ਭਾਰਤੀ ਫ਼ੌਜੀਆਂ ਦੀ ਮੌਜੂਦਗੀ ਨੂੰ ਲੈ ਕੇ ਰਾਸ਼ਟਰਪਤੀ ਮੁਈਜ਼ੂ ਦਾ ਵੱਡਾ ਬਿਆਨ

ਨਵਾਜ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਗੱਠਜੋੜ ਸਰਕਾਰ ਬਣਾਉਣ ਲਈ ਸਹਿਮਤ ਹੋਏ। ਕੈਸਰ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ ਕਿਉਂਕਿ ਉਹ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ 'ਜਾਅਲੀ ਸਰਕਾਰ' 'ਤੇ ਵਿਸ਼ਵਾਸ ਨਹੀਂ ਕਰਦੇ ਹਨ। 'ਡਾਨ' ਅਖ਼ਬਾਰ ਦੀ ਖ਼ਬਰ ਮੁਤਾਬਕ ਪੀ.ਟੀ.ਆਈ. ਦੇ ਜਨ ਪ੍ਰਤੀਨਿਧੀ ਉਮੈਰ ਨਿਆਜ਼ੀ ਨੇ ਕਿਹਾ ਕਿ ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਨੇ 10 ਮਾਰਚ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਕਿਰਾਏ ਦੇ ਮਕਾਨ 'ਚ ਰਹਿੰਦੇ ਇੱਕੋ ਪਰਿਵਾਰ ਦੇ 5 ਜੀਆਂ ਦੀਆਂ ਮਿਲੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 


cherry

Content Editor

Related News