ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ ਸਖ਼ਤ ! ਕਰ'ਤਾ ਇਹ ਐਲਾਨ

Monday, Oct 26, 2026 - 03:30 PM (IST)

ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ ਸਖ਼ਤ ! ਕਰ'ਤਾ ਇਹ ਐਲਾਨ

ਲਾਹੌਰ (ਪੀਟੀਆਈ)- ਪਾਕਿਸਤਾਨ ਦੀ ਪੰਜਾਬ ਸਰਕਾਰ ਨੇ 'ਪਬਲਿਕ ਸੇਫਟੀ ਲਾਅ' ਮਤਲਬ ਜਨਤਕ ਸੁਰੱਖਿਆ ਕਾਨੂੰਨ ਦੇ ਤਹਿਤ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਤਿੰਨ ਭੈਣਾਂ ਦੀ ਹਿਰਾਸਤ 30 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਲੀਮਾ ਖਾਨ, ਨੂਰੀਨ ਨਿਆਜ਼ੀ ਅਤੇ ਡਾ. ਉਜ਼ਮਾ ਖਾਨ ਨੂੰ 'ਪੰਜਾਬ ਮੇਨਟੇਨੈਂਸ ਆਫ਼ ਪਬਲਿਕ ਆਰਡਰ ਆਰਡੀਨੈਂਸ, 1960' (ਜਨਤਕ ਵਿਵਸਥਾ ਬਣਾਈ ਰੱਖਣ ਸਬੰਧੀ ਆਰਡੀਨੈਂਸ) ਦੇ ਤਹਿਤ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਰੱਖਿਆ ਗਿਆ ਹੈ। ਜਿੱਥੇ ਅਲੀਮਾ ਨੂੰ 20 ਸਤੰਬਰ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਉੱਥੇ ਹੀ ਉਜ਼ਮਾ ਅਤੇ ਨੂਰੀਨ ਨੂੰ ਅਗਲੇ ਦਿਨ ਹਿਰਾਸਤ ਵਿੱਚ ਲਿਆ ਗਿਆ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਜੇਲ੍ਹ ਵਿੱਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਥਾਪਕ ਦੇ ਹੱਕ ਵਿੱਚ ਸਮਰਥਨ ਜੁਟਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਸੀ।

ਪੜ੍ਹੋ ਇਹ ਅਹਿਮ ਖ਼ਬਰ-  ਵਿਦਿਆਰਥੀਆਂ ਅੱਗੇ ਰਾਸ਼ਟਰਪਤੀ ਨੇ ਟੇਕੇ ਗੋਡੇ ! ਸਰਬੀਆ 'ਚ ਹੋ ਗਿਆ ਵੱਡਾ ਉਲਟਫੇਰ

ਪੰਜਾਬ ਦੇ ਇੱਕ ਸਹਾਇਕ ਐਡਵੋਕੇਟ ਜਨਰਲ ਨੇ ਸੋਮਵਾਰ ਨੂੰ ਲਾਹੌਰ ਹਾਈ ਕੋਰਟ (ਐਲਐਚਸੀ) ਨੂੰ ਦੱਸਿਆ ਕਿ ਸਰਕਾਰ ਨੇ ਲਾਹੌਰ ਦੇ ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ 'ਤੇ ਖਾਨ ਦੀਆਂ ਤਿੰਨਾਂ ਭੈਣਾਂ ਦੀ ਹਿਰਾਸਤ 30 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਇਸ ਤੋਂ ਬਾਅਦ ਅਦਾਲਤ ਨੇ ਤਿੰਨਾਂ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਹ ਪਟੀਸ਼ਨ ਅਲੀਮਾ ਦੇ ਪੁੱਤਰ ਸ਼ਹਿਰੇਜ਼ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਭੈਣਾਂ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਗਈ ਸੀ।ਪਟੀਸ਼ਨਕਰਤਾ ਦੇ ਵਕੀਲ ਰਾਣਾ ਮੁਦੱਸਰ ਉਮਰ ਨੇ ਪਿਛਲੇ ਹਫ਼ਤੇ ਅਦਾਲਤ ਨੂੰ ਦੱਸਿਆ ਸੀ ਕਿ 20 ਅਕਤੂਬਰ ਨੂੰ 30 ਦਿਨਾਂ ਦੀ ਹਿਰਾਸਤ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਤਿੰਨੇ ਭੈਣਾਂ ਜੇਲ੍ਹ ਵਿੱਚ ਹੀ ਸਨ।

ਇਸ ਤੋਂ ਬਾਅਦ ਲਾਹੌਰ ਹਾਈ ਕੋਰਟ ਦੇ ਜਸਟਿਸ ਅਭੇਰ ਗੁਲ ਖਾਨ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਕੋਟ ਲਖਪਤ ਜੇਲ੍ਹ ਦੇ ਸੁਪਰਡੈਂਟ ਨੂੰ ਅਗਲੀ ਸੁਣਵਾਈ 'ਤੇ ਪੇਸ਼ ਹੋਣ ਅਤੇ ਆਪਣੇ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਭੈਣਾਂ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਪੀਟੀਆਈ, ਇਮਰਾਨ ਖਾਨ ਦੀ ਰਿਹਾਈ ਦੀ ਮੰਗ ਕਰਦੇ ਹੋਏ ਦੇਸ਼ ਵਿਆਪੀ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। 74 ਸਾਲਾ ਸਾਬਕਾ ਪ੍ਰਧਾਨ ਮੰਤਰੀ ਅਗਸਤ 2023 ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ 'ਤੇ ਕਈ ਮਾਮਲੇ ਚੱਲ ਰਹੇ ਹਨ, ਜਿਨ੍ਹਾਂ ਨੂੰ ਉਹ ਅਤੇ ਉਨ੍ਹਾਂ ਦੀ ਪਾਰਟੀ ਸਿਆਸੀ ਪ੍ਰੇਰਿਤ ਦੱਸਦੇ ਹਨ। ਪੀਟੀਆਈ ਆਗੂਆਂ ਨੇ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਹਿਰਾਸਤ ਦੇ ਹੁਕਮਾਂ ਵਿੱਚ ਵਾਧੇ 'ਤੇ ਸਵਾਲ 'ਤੇ ਸਵਾਕ ਕੀਤਾ। ਉਨ੍ਹਾਂ ਨੇ ਪੁੱਛਿਆ ਕਿ ਜਦੋਂ ਇਨ੍ਹਾਂ ਭੈਣਾਂ ਖ਼ਿਲਾਫ਼ ਕੋਈ ਅਪਰਾਧਿਕ ਮਾਮਲਾ ਨਹੀਂ  ਹੈ ਤਾਂ ਉਨ੍ਹਾਂ ਨੂੰ ਹਿਰਾਸਤ ਵਿਚ ਕਿਉਂ ਰੱਖਿਆ ਗਿਆ ਹੈ। ਸਾਬਕਾ ਸੰਘੀ ਮੰਤਰੀ ਅਤੇ ਪੀਟੀਆਈ ਆਗੂ ਮੂਨਿਸ ਇਲਾਹੀ ਨੇ ਇਸ ਹਿਰਾਸਤ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪਾਰਟੀ ਅਤੇ ਇਸ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਲਈ 'ਸਾਵਧਾਨੀ ਹਿਰਾਸਤ' (preventive detention) ਦੀ ਵਰਤੋਂ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News