ਅੱਜ ਹੋਵੇਗਾ ਇਮਰਾਨ ਖਾਨ ਦੀ ਕਿਸਮਤ ਦਾ ਫ਼ੈਸਲਾ, ਨੈਸ਼ਨਲ ਅਸੈਂਬਲੀ ਦੇ ਸੈਸ਼ਨ 'ਚ ਨਹੀਂ ਹੋਏ ਹਾਜ਼ਰ
Saturday, Apr 09, 2022 - 02:23 PM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਆਯੋਜਿਤ ਨੈਸ਼ਨਲ ਅਸੈਂਬਲੀ ਦੇ ਸੈਸ਼ਨ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਹਾਜ਼ਰ ਨਹੀਂ ਹੋਏ, ਜਿਸ ਵਿਚ ਵਿਰੋਧੀ ਧਿਰ ਵੱਲੋਂ ਪੇਸ਼ ਬੇਭਰੋਸਗੀ ਪ੍ਰਸਤਾਵ ਨਾਲ ਉਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਇਸ ਤੋਂ ਪਹਿਲਾਂ ਸਵੇਰੇ 11 ਵਜੇ ਸੈਸ਼ਨ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੈਸ਼ਨ ਨੂੰ ਦੁਪਹਿਰ 1 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਸਪੀਕਰ ਅਸਦ ਕੈਸਰ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕੰਮ ਕਰਨ ਲਈ ਕਿਹਾ ਅਤੇ ਕਿਹਾ ਕਿ ਅੱਜ ਸੰਸਦ ਸੰਵਿਧਾਨਕ ਤਰੀਕੇ ਨਾਲ ਚੁਣੇ ਹੋਏ ਪ੍ਰਧਾਨ ਮੰਤਰੀ ਨੂੰ ਹਰਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਬੀਤ ਗਿਆ ਉਸ ਨੂੰ ਜਾਣ ਦਿਓ ਅਤੇ ਕਾਨੂੰਨ ਅਤੇ ਸੰਵਿਧਾਨ ਲਈ ਖੜ੍ਹੇ ਹੋਵੋ। ਉਨ੍ਹਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਆਪਣੀ ਭੂਮਿਕਾ ਨਿਭਾਉਂਦੇ ਹੋਏ ਆਪਣਾ ਨਾਂ ‘ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ’ ਲਿਖਵਾਉਣ।
ਕੈਸਰ ਨੇ ਸ਼ਰੀਫ਼ ਨੂੰ ਭਰੋਸਾ ਦਿਵਾਇਆ ਕਿ ਉਹ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨਗੇ, ਪਰ ਮਹੱਤਵਪੂਰਨ ਗੱਲ ਇਹ ਹੈ ਕਿ ਇੱਕ ਅੰਤਰਰਾਸ਼ਟਰੀ ਸਾਜ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਬਾਰੇ ਵੀ ਚਰਚਾ ਹੋਣੀ ਚਾਹੀਦੀ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਪ੍ਰਧਾਨ ਮੰਤਰੀ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦਾ ਅਧਿਕਾਰ ਸੀ, ਪਰ ਕਿਹਾ ਕਿ ਇਸ ਦਾ ਬਚਾਅ ਕਰਨਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਸੰਵਿਧਾਨਕ, ਸਿਆਸੀ ਅਤੇ ਲੋਕਤੰਤਰੀ ਢੰਗ ਨਾਲ ਲੜਨ ਦਾ ਇਰਾਦਾ ਰੱਖਦੇ ਹਾਂ। ਉਨ੍ਹਾਂ ਕਿਹਾ ਕਿ ਸੰਵਿਧਾਨ ਦਾ ਸਤਿਕਾਰ ਕਰਨਾ ਜ਼ਰੂਰੀ ਹੈ। ਸ਼ੁੱਕਰਵਾਰ ਦੇਰ ਰਾਤ ਖਾਨ ਦੇ ਸੰਬੋਧਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਜਿਵੇਂ ਪ੍ਰਧਾਨ ਮੰਤਰੀ ਨੇ ਕੱਲ੍ਹ ਕਿਹਾ ਸੀ, ਉਹ ਨਿਰਾਸ਼ ਹਨ ਪਰ ਅਦਾਲਤ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ।’’ ਇਸ ’ਤੇ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਸੀਟਾਂ ’ਤੇ ਖੜ੍ਹੇ ਹੋ ਗਏ ਅਤੇ ਹੰਗਾਮਾ ਸ਼ੁਰੂ ਕਰ ਦਿੱਤਾ। ਹੰਗਾਮੇ ਨੂੰ ਦੇਖਦੇ ਹੋਏ ਸਪੀਕਰ ਨੇ ਸਦਨ ਦੀ ਕਾਰਵਾਈ ਸਥਾਨਕ ਸਮੇਂ ਅਨੁਸਾਰ ਦੁਪਹਿਰ 12.30 ਵਜੇ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਟਰੱਕ ਡਰਾਈਵਰ ਨੇ ਪੁਲਸ ਨੂੰ ਪਾਈਆਂ ਭਾਜੜਾਂ, ਇੰਝ ਚੜਿਆ ਅੜਿੱਕੇ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।