ਟਰੰਪ ਪ੍ਰਸ਼ਾਸਨ ਦੌਰਾਨ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਬਣੇ ਰਹਿਣਗੇ ਮਜ਼ਬੂਤ
Thursday, Nov 07, 2024 - 01:09 PM (IST)
ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਰਣਨੀਤਕ ਮਾਮਲਿਆਂ ਦੇ ਮਾਹਿਰਾਂ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਦੌਰਾਨ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਪਰ ਪ੍ਰਵਾਸ, ਆਯਾਤ ਹੋਣ ਵਾਲੀਆਂ ਵਸਤੂਆਂ 'ਤੇ ਡਿਊਟੀ ਲਗਾਉਣ ਵਰਗੇ ਕੁਝ ਮੁੱਦਿਆਂ 'ਤੇ ਬੇਚੈਨੀ ਦੀ ਸਥਿਤੀ ਹੋ ਸਕਦੀ ਹੈ। ਮਾਹਿਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਦੀ ਬਹੁਤ ਚੰਗੀ ਦੋਸਤੀ ਹੋਣ ਕਾਰਨ ਦੋਵਾਂ ਧਿਰਾਂ ਵਿਚਾਲੇ ਮੁਸ਼ਕਲ ਮੁੱਦਿਆਂ ਨੂੰ ਸੁਲਝਾਉਣ ਦੀ ਸੰਭਾਵਨਾ ਹੈ। ਆਪਣੀ ਚੋਣ ਮੁਹਿੰਮ ਵਿੱਚ, ਟਰੰਪ ਨੇ ਵਿਦੇਸ਼ੀ ਵਸਤੂਆਂ, ਖਾਸ ਤੌਰ 'ਤੇ ਚੀਨ ਤੋਂ ਆਯਾਤ ਕੀਤੇ ਜਾਣ ਵਾਲੇ ਉਤਪਾਦਾਂ 'ਤੇ ਵੱਧ 'ਟੈਰਿਫ' ਲਗਾਉਣ ਦਾ ਪ੍ਰਸਤਾਵ ਰੱਖਿਆ ਸੀ ਅਤੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ਾਂ ਵਿੱਚ ਭੇਜਣ ਦੀ ਮੁਹਿੰਮ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ: ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਬੋਲੇ, 'ਮੈਨੂੰ ਕਮਲਾ ਹੈਰਿਸ 'ਤੇ ਮਾਣ ਹੈ'
ਇਹ ਸਪੱਸ਼ਟ ਹੋਣ ਤੋਂ ਥੋੜ੍ਹੀ ਦੇਰ ਬਾਅਦ ਕਿ ਟਰੰਪ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ, ਕੈਪੀਟਲ ਹਿੱਲ ਦੇ ਸੀਨੀਅਰ ਨੇਤਾ ਅਤੇ ਸੰਚਾਰ ਰਣਨੀਤੀਕਾਰ ਅਨੰਗ ਮਿੱਤਲ ਨੇ ਕਿਹਾ ਕਿ ਰਿਪਬਲਿਕਨ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਦਾ ਮੰਨਣਾ ਹੈ ਕਿ 21ਵੀਂ ਸਦੀ ਨੂੰ ਆਕਾਰ ਦੇਣ ਵਿਚ ਭਾਰਤ-ਅਮਰੀਕਾ ਸਬੰਧਾਂ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ। ਚੋਣਾਂ ਤੋਂ ਇੱਕ ਦਿਨ ਪਹਿਲਾਂ, ਆਬਜ਼ਰਵਰ ਰਿਸਰਚ ਫਾਊਂਡੇਸ਼ਨ ਦੇ ਅਮਰੀਕਾ ਚੈਪਟਰ ਦੇ ਕਾਰਜਕਾਰੀ ਨਿਰਦੇਸ਼ਕ ਧਰੁਵ ਜੈਸ਼ੰਕਰ ਨੇ ਕਿਹਾ ਕਿ ਨਵੀਂ ਦਿੱਲੀ ਨੂੰ ਵਪਾਰ ਅਤੇ ਇਮੀਗ੍ਰੇਸ਼ਨ ਮੁੱਦਿਆਂ 'ਤੇ ਟਰੰਪ ਪ੍ਰਸ਼ਾਸਨ ਨਾਲ ਸਖ਼ਤ ਗੱਲਬਾਤ ਕਰਨੀ ਪੈ ਸਕਦੀ ਹੈ। ਉਨ੍ਹਾਂ ਕਿਹਾ, 'ਜਿੱਥੋਂ ਤੱਕ ਟਰੰਪ ਦਾ ਸਵਾਲ ਹੈ, ਮੈਨੂੰ ਲੱਗਦਾ ਹੈ ਕਿ ਵਪਾਰ ਅਤੇ ਇਮੀਗ੍ਰੇਸ਼ਨ ਦੇ ਮੁੱਦੇ 'ਤੇ ਕੁਝ ਸਖ਼ਤ ਗੱਲਬਾਤ ਹੋਵੇਗੀ, ਹਾਲਾਂਕਿ ਕਈ ਹੋਰ ਮੁੱਦਿਆਂ 'ਤੇ ਉਨ੍ਹਾਂ ਦੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਸਕਾਰਾਤਮਕ ਸਬੰਧਾਂ ਗੱਲ ਕਹੀ ਹੈ।' ਮਿੱਤਲ ਨੇ ਕਿਹਾ ਕਿ ਟਰੰਪ ਪ੍ਰਧਾਨ ਮੰਤਰੀ ਮੋਦੀ ਨਾਲ ਆਪਣੇ ਨਿੱਜੀ ਸਬੰਧਾਂ ਰਾਹੀਂ ਭਾਰਤ-ਅਮਰੀਕਾ ਸਬੰਧਾਂ ਨੂੰ ਅੱਗੇ ਵਧਾਉਣਗੇ ਅਤੇ ਵਪਾਰ, ਰੱਖਿਆ ਅਤੇ ਵਿਦੇਸ਼ੀ ਸਿੱਧੇ ਨਿਵੇਸ਼ 'ਤੇ ਦੁਵੱਲੇ ਸਮਝੌਤਿਆਂ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ: ਡੋਨਾਲਡ ਟਰੰਪ: ਅਮਰੀਕਾ ਦੇ ਰਾਸ਼ਟਰਪਤੀ ਚੁਣੇ ਜਾਣ ਵਾਲੇ ਸਭ ਤੋਂ ਵੱਡੀ ਉਮਰ ਦੇ ਸ਼ਖਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8