ਸ਼ਿਕਾਗੋ ਦੇ ਪੈਲਾਟਾਇਨ ਗੁਰਦੁਆਰੇ ‘ਚ ਭਾਰਤੀ ਕੌਂਸਲ ਜਨਰਲ ਨੂੰ ਸਿਰੋਪਾਓ ਦੇਣ ‘ਤੇ ਭਾਰੀ ਵਿਰੋਧ
Monday, May 18, 2026 - 11:42 AM (IST)
ਪੈਲਾਟਾਇਨ (ਸ਼ਿਕਾਗੋ) ਸਰਬਜੀਤ ਸਿੰਘ ਬਨੂੜ- ਸਿੱਖ ਧਾਰਮਿਕ ਸੁਸਾਇਟੀ ਵਿਖੇ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਭਾਰਤੀ ਕੌਂਸਲ ਜਨਰਲ ਸੋਮਨਾਥ ਘੋਸ਼ ਨੂੰ ਗੁਰਦੁਆਰਾ ਸਾਹਿਬ ਅੰਦਰ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਖ਼ਾਲਿਸਤਾਨ ਰੈਫਰੈਂਡਮ ਦੇ ਹਮਾਇਤੀ ਸਿੱਖ ਕਾਰਕੁਨਾਂ ਨੇ ਇਸ ਕਾਰਵਾਈ ਦਾ ਤਿੱਖਾ ਵਿਰੋਧ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ।
ਕਾਰਕੁਨਾਂ ਦਾ ਕਹਿਣਾ ਸੀ ਕਿ ਵਿਦੇਸ਼ਾਂ ਵਿੱਚ ਸਿੱਖਾਂ ਖ਼ਿਲਾਫ਼ ਨਿਗਰਾਨੀ, ਦਖ਼ਲਅੰਦਾਜ਼ੀ ਅਤੇ ਕਥਿਤ ਸਾਜ਼ਿਸ਼ਾਂ ਦੇ ਦੋਸ਼ਾਂ ਵਿਚ ਘਿਰੇ ਭਾਰਤੀ ਰਾਜ ਦੇ ਨੁਮਾਇੰਦਿਆਂ ਨੂੰ ਸਿੱਖ ਧਾਰਮਿਕ ਅਸਥਾਨਾਂ ਵਿੱਚ ਸਨਮਾਨਿਤ ਕਰਨਾ ਕੌਮਕ ਭਾਵਨਾਵਾਂ ਦੇ ਉਲਟ ਹੈ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਦਰਸ਼ਨ ਧਾਲੀਵਾਲ ਦੀ ਭੂਮਿਕਾ ਬਾਰੇ ਜਾਂਚ ਦੀ ਮੰਗ ਕੀਤੀ।
ਖ਼ਾਲਿਸਤਾਨ ਸਮਰਥਕ ਜਥੇਬੰਦੀਆਂ ਨੇ ਅਮਰੀਕੀ ਏਜੰਸੀਆਂ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫ.ਬੀ.ਆਈ.) ਤੇ ਸੰਯੁਕਤ ਰਾਜ ਅਮਰੀਕਾ ਦਾ ਨਿਆਂ ਵਿਭਾਗ (ਡੀ.ਓ.ਜੇ.) ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਅਤੇ ਭਾਰਤੀ ਡਿਪਲੋਮੈਟਿਕ ਅਧਿਕਾਰੀਆਂ ਦਰਮਿਆਨ ਸੰਭਾਵਿਤ ਸੰਪਰਕਾਂ ਅਤੇ ਵਿਦੇਸ਼ੀ ਦਖ਼ਲਅੰਦਾਜ਼ੀ ਨਾਲ ਜੁੜੇ ਮਾਮਲਿਆਂ ਦੀ ਪੜਤਾਲ ਕੀਤੀ ਜਾਵੇ।
ਬਿਆਨ ਵਿੱਚ ਦਾਅਵਾ ਕੀਤਾ ਗਿਆ ਕਿ ਭਾਰਤ ਦੀ ਮੌਜੂਦਾ ਸਰਕਾਰ ਉੱਤੇ ਕੈਨੇਡਾ, ਅਮਰੀਕਾ, ਬ੍ਰਿਟੇਨ ਅਤੇ ਇਟਲੀ ਸਮੇਤ ਕਈ ਦੇਸ਼ਾਂ ਵਿੱਚ ਟਰਾਂਸਨੇਸ਼ਨਲ ਰਿਪ੍ਰੈਸ਼ਨ, ਜਾਸੂਸੀ ਅਤੇ ਖ਼ਾਲਿਸਤਾਨ ਹਮਾਇਤੀਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਲੱਗਦੇ ਰਹੇ ਹਨ। ਇਸੇ ਕਾਰਨ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
