ਇਜ਼ਰਾਇਲ ਦੀ ਅਦਾਲਤ ਨੇ ਨੇਤਨਯਾਹੂ ਨੂੰ ਪੇਸ਼ ਹੋਣ ਦਾ ਦਿੱਤਾ ਆਦੇਸ਼

05/21/2020 2:01:46 AM

ਯੇਰੂਸ਼ਲਮ (ਏ. ਪੀ.) - ਇਜ਼ਰਾਇਲ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਖਿਲਾਫ ਅਪਰਾਧਿਕ ਮੁਕੱਦਮੇ ਦੀ ਸੁਣਵਾਈ ਦੀ ਸ਼ੁਰੂਆਤ ਵਿਚ ਐਤਵਾਰ ਨੂੰ ਯੇਰੂਸ਼ਲਮ ਦੀ ਅਦਾਲਤ ਵਿਚ ਪੇਸ਼ ਹੋਣਗੇ। ਨੇਤਨਯਾਹੂ ਦੇ ਵਕੀਲ ਨੇ ਅਦਾਲਤ ਤੋਂ ਉਨ੍ਹਾਂ ਦੀ ਕਾਰਵਾਈ ਸ਼ੁਰੂ ਹੋਣ ਦੌਰਾਨ ਪੇਸ਼ੀ ਤੋਂ ਛੋਟ ਦੇਣ ਦੀ ਗੁਜਾਰਿਸ਼ ਕੀਤੀ ਸੀ। ਅਦਾਲਤ ਨੇ ਗੁਜਾਰਿਸ਼ ਨੂੰ ਖਾਰਿਜ਼ ਕਰਦੇ ਹੋਏ ਕਿਹਾ ਕਿ ਦੋਸ਼ ਪੜੇ ਜਾਣ ਦੌਰਾਨ ਦੋਸ਼ੀ ਦਾ ਹਾਜ਼ਰ ਹੋਣਾ ਨਿਯਮ ਹੈ ਅਤੇ ਨੇਤਨਯਾਹੂ ਨੂੰ ਇਸ ਮਾਮਲੇ ਵਿਚ ਛੋਟ ਦੇਣ ਦਾ ਕੋਈ ਆਧਾਰ ਨਹੀਂ ਹੈ।

ਨੇਤਨਯਾਹੂ 'ਤੇ ਪਿਛਲੇ ਸਾਲ ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਸਨ। ਉਨ੍ਹਾਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦੇ ਮੁਕੱਦਮੇ ਦੀ ਸੁਣਵਾਈ ਪਿਛਲੇ ਮਹੀਨੇ ਸ਼ੁਰੂ ਹੋਣੀ ਸੀ ਪਰ ਕੋਰੋਨਾਵਾਇਰਸ ਮਹਾਮਾਰੀ ਕਾਰਨ ਉਨ੍ਹਾਂ ਦੇ ਨਿਆਂ ਮੰਤਰੀ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਨੇਤਨਯਾਹੂ ਨੇ ਇਸ ਹਫਤੇ ਦੀ ਸ਼ੁਰੂਆਤ ਵਿਚ ਚੌਧੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਹ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੇ ਨੇਤਾ ਹਨ।

Khushdeep Jassi

This news is Content Editor Khushdeep Jassi