ਇਟਲੀ : ਮੀਂਹ ਦੇ ਬਾਵਜੂਦ ਸੰਗਤਾਂ ਨੇ ਨਗਰ ਕੀਰਤਨ ''ਚ ਕੀਤੀ ਸ਼ਮੂਲੀਅਤ

05/18/2023 2:47:04 PM

ਮਿਲਾਨ (ਸਾਬੀ ਚੀਨੀਆ): ਇਟਲੀ ਦੇ ਸ਼ਹਿਰ ਪਾਰਮਾ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਪਾਰਮਾ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਵਡਮੁੱਲੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਪਏ ਮੀਂਹ ਦੇ ਬਾਵਜੂਦ ਵੀ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਨਗਰ ਕੀਰਤਨ ਦਾ ਆਰੰਭ ਗੁਰਦੁਆਰਾ ਸਾਹਿਬ ਪਾਰਮਾ ਤੋਂ ਸਿੱਖੀ ਸਿਧਾਂਤਾਂ ਅਤੇ ਸਿੱਖੀ ਪ੍ਰੰਪਰਾਵਾਂ ਅਨੁਸਾਰ ਬਹੁਤ ਹੀ ਸੁਚੱਜੇ ਢੰਗ ਦੇ ਨਾਲ ਹੋਇਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਸਜਾਏ ਨਗਰ ਕੀਰਤਨ ਮੌਕੇ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਭਾਰਤੀ ਚੋਣ ਕਮਿਸ਼ਨਰ ਅਨੂਪ ਚੰਦਰਾ ਪਾਂਡੇ ਨਾਲ ਕੀਤੀ ਮੁਲਾਕਾਤ (ਤਸਵੀਰਾਂ)

ਸ਼ਹਿਰ ਦੀ ਪਰਿਕਰਮਾ ਉਪਰੰਤ ਨਗਰ ਕੀਰਤਨ ਦੀ ਸਮਾਪਤੀ 'ਤੇ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿੱਚ ਵੱਖ-ਵੱਖ ਰਾਗੀ ਢਾਡੀ ਸਿੰਘਾਂ ਦੁਆਰਾ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਦੌਰਾਨ ਦੌਰਾਨ ਸ੍ਰੀ ਕਲਗੀਧਰ ਗਤਕਾ ਪਾਰਟੀ ਕਰੇਮੋਨਾ ਦੇ ਸਿੰਘਾਂ ਦੁਆਰਾ ਗਤਕੇ ਦੇ ਕਰਤੱਬ ਵੀ ਦਿਖਾਏ ਗਏ। ਕਲਤੂਰਾ ਸਿੱਖ ਅਤੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਇਟਾਲੀਅਨ ਭਾਸ਼ਾ ਵਿੱਚ ਸਿੱਖ ਧਰਮ ਨਾਲ ਸੰਬੰਧਿਤ ਕਿਤਾਬਾਂ ਵੰਡੀਆਂ ਗਈਆਂ। ਅਖੀਰ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੁਆਰਾ ਸਮੁਚੀ ਸਿੱਖ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਪੁੱਜੀਆਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੇਵਾਦਾਰਾਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News