ਇਟਲੀ : ਲੋਧੀ ਸ਼ਹਿਰ ''ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
Sunday, Apr 09, 2023 - 12:35 PM (IST)

ਮਿਲਾਨ (ਸਾਬੀ ਚੀਨੀਆ): ਇਟਲੀ ਦੇ ਸ਼ਹਿਰ ਲੋਧੀ ਵਿਖੇ ਗੁਰਦੁਆਰਾ ਚਾਰ ਸਾਹਿਬਜ਼ਾਦੇ ਕਾਜ਼ਲਪੁਸਤਰਲੇਂਗੋ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਿਲਆ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਪਿਆਜਾਲੇ ਲੋਧੀ ਤੋਂ ਆਰੰਭ ਹੋਇਆ। ਨਗਰ ਕੀਰਤਨ ਵਿੱਚ ਇਲਾਕੇ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਹਜਾਰਾਂ ਦੀ ਗਿਣਤੀ ਦੀ ਵਿਚ ਸ਼ਿਰਕਤ ਕੀਤੀ, ੳੱੁਥੇ ਦੂਸਰੇ ਇਲਾਕਿਆਂ ਤੋਂ ਵੀ ਸੰਗਤ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਬੜੇ ਸੁੰਦਰ ਢੰਗ ਨਾਲ ਸਜਾਇਆ ਗਿਆ। ਇਸ ਮੌਕੇ ਵੱਖ-ਵੱਖ ਕੀਰਤਨੀ ਜੱਥਿਆਂ ਦੁਆਰਾ ਸੰਗਤਾਂ ਨਾਲ ਗੁਰਬਾਣੀ ਦੀ ਸਾਂਝ ਪਾਈ। ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਗਤਕਾ ਪਾਰਟੀ ਦੇ ਸਿੰਘ-ਸਿੰਘਣੀਆਂ ਨੇ ਗਤਕੇ ਦੇ ਜੌਹਰ ਵਿਖਾਏ। ਸ਼ਾਮ ਨੂੰ ਲੋਧੀ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਨਗਰ ਕੀਰਤਨ ਪਾਰਕ ਵਿੱਚ ਹੀ ਸਮਾਪਤ ਹੋਇਆ। ਜਿੱਥੇ ਪੰਡਾਲ ਸਜਾਇਆ ਗਿਆ। ਕਵੀਸ਼ਰੀ ਜੱਥਾ ਭਾਈ ਗੁਰਮੁਖ ਸਿੰਘ ਜੋਹਲ ਦੇ ਜੱਥੇ ਨੇ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਜਾਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਸਰਕਾਰ ਨੇ 'ਵੀਜ਼ਾ ਫੀਸ' ਸਬੰਧੀ ਲਿਆ ਇਹ ਫ਼ੈਸਲਾ
ਪ੍ਰਸ਼ਾਸਨਿਕ ਅਧਿਕਾਰੀਆਂ ਨੂੰਂ ਵੀ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ ਅਤੇ ਹੋਰ ਜਿਹੜੇ ਸੇਵਾਦਾਰਾਂ ਨੇ ਲੰਗਰਾਂ ਦੇ ਸਟਾਲ ਲਾਏ ਸਨ ਜਾਂ ਸੇਵਾ ਵਿਚ ਸਹਿਯੋਗ ਦਿੱਤਾ ਸੀ ਉਨ੍ਹਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਗਿਆ। ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਅਤੁੱਟ ਵਰਤਾਏ ਗਏ। ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਵੱਖ-ਵੱਖ ਸ਼ਹਿਰਾਂ ਤੋਂ ਪੁੱਜੀਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀਆਂ, ਸ਼ਹਿਰ ਦੇ ਪ੍ਰਸ਼ਾਸ਼ਨ ਅਤੇ ਨਗਰ ਕੀਰਤਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।