ਇਟਲੀ : ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ

Monday, Apr 29, 2024 - 06:17 PM (IST)

ਮਿਲਾਨ/ ਇਟਲੀ (ਸਾਬੀ ਚੀਨੀਆ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਟਲੀ ਵਿੱਚ ਖਾਲਸਾ ਪੰਥ  ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਵੱਖ-ਵੱਖ ਸ਼ਹਿਰਾਂ ਵਿੱਚ ਗੁਰੂਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ। ਬੀਤੇ ਦਿਨ ਇਟਲੀ ਦੇ ਜ਼ਿਲਾ ਬੈਰਗਮੋ ਵਿਖੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਵੱਲੋਂ ਕੋਵੋ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਦੇ ਵਿੱਚ ਬਹੁਤ ਹੀ ਸੁਚੱਜੇ ਢੰਗ ਦੇ ਨਾਲ ਅਤੇ ਸਿੱਖੀ ਪਰੰਪਰਾਵਾਂ ਤਹਿਤ ਆਰੰਭ ਹੋਇਆ। 

PunjabKesari

ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਜਗ੍ਹਾ-ਜਗ੍ਹਾ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵਿਦੇਸ਼ੀ ਮੂਲ ਦੇ ਲੋਕ ਵੀ ਸਿੱਖੀ ਸਿਧਾਤਾਂ ਤੋਂ ਪ੍ਰਭਾਵਿਤ ਹੋ ਰਹੇ ਸਨ। ਵੱਖ-ਵੱਖ ਗੁਰੂਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਵੱਖ-ਵੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ।  

ਪੜ੍ਹੋ ਇਹ ਅਹਿਮ ਖ਼ਬਰ- ਸਤਿਗੁਰੂ ਗਊਆਂ ਵਾਲਿਆਂ ਦੇ ਨਿਰਵਾਣ ਦਿਵਸ 'ਤੇ ਵਿਦੇਸ਼ਾਂ ਦੀ ਸੰਗਤ ਵੱਲੋਂ ਸ਼ਰਧਾ ਦੇ ਫੁੱਲ ਕੀਤੇ ਗਏ ਭੇਟ 

ਇਸ ਨਗਰ ਕੀਰਤਨ ਵਿੱਚ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਵੱਲੋਂ  ਗੱਤਕੇ ਦੇ ਜੌਹਰ ਵਿਖਾਏ ਗਏ। ਵੱਖ-ਵੱਖ ਰਾਗੀ ਕੀਰਤਨੀ ਜੱਥਿਆ ਦੁਆਰਾ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ। ਸ਼ਾਮ ਨੂੰ ਕੋਵੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆਂ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਪਾਰਕਿੰਗ ਵਿੱਚ ਖੁੱਲ੍ਹੇ ਪੰਡਾਲ ਸਜਾਏ ਗਏ। ਜਿੱਥੇ ਪੰਥ ਦੇ ਪ੍ਰਸਿੱਧ ਢਾਡੀ ਭਾਈ ਸੁਖਵੀਰ ਸਿੰਘ ਭੋਰ ਦੁਆਰਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਵਿਸ਼ਾਲ ਨਗਰ ਕੀਰਤਨ ਮੌਕੇ ਸੰਤ ਬਾਬਾ ਜੀਤ ਸਿੰਘ ਮੁਖੀ ਨਿਰਮਲ ਕੁਟੀਆ ਜੋਹਲਾਂ, ਜਲੰਧਰ ਸੰਪ੍ਰਦਾਇ ਹੋਤੀ ਮਰਦਾਨ ਨੇ ਵੀ ਸ਼ਿਰਕਤ ਕੀਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ। ਇਸ ਨਗਰ ਕੀਰਤਨ ਮੌਕੇ ਗੁਰਦਆਰਾ ਪ੍ਰਬੰਧਕ ਕਮੇਟੀ ਕੋਵੋ ਵਲੋਂ ਵੱਖ-ਵੱਖ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਇਲਾਕੇ ਦੀ ਸੰਗਤਾਂ ਅਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ। ਅੰਤ ਵਿੱਚ ਗੁਰਦਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News