ਇਟਲੀ: ਬੋਰਗੋ ਸੰਨ ਯਾਕਮੋ ਵਿਖੇ ਸਜਾਇਆ ਗਿਆ ਨਗਰ ਕੀਰਤਨ, ਸੰਗਤਾਂ ਦਾ ਪਹੁੰਚਿਆ ਠਾਠਾਂ ਮਾਰਦਾ ਇਕੱਠ

10/09/2023 1:08:50 PM

ਮਿਲਾਨ (ਸਾਬੀ ਚੀਨੀਆ)- ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਬੋਰਗੋ ਸੰਨ ਯਾਕਮੋ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਹਰ ਸਾਲ ਅਕਤੂਬਰ ਦੇ ਮਹੀਨੇ ਵਿੱਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਸਜਾਏ ਜਾਂਦੇ ਨਗਰ ਕੀਰਤਨ ਵਿੱਚ ਇਟਲੀ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤ ਦਰਸ਼ਨਾਂ ਨੂੰ ਪਹੁੰਚਦੀਆਂ ਹਨ। ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਸੰਗਤਾਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਇਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ 5 ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਇਲਾਕੇ ਦੀਆਂ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਬੋਰਗੋ ਸੰਨ ਯਾਕਮੋ ਦੇ ਵੱਖ-ਵੱਖ ਚੌਂਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸਮਾਪਤੀ ਮੌਕੇ ਨਗਰ ਕੀਰਤਨ 'ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ। ਮਿਸਲ ਮੀਰੀ ਪੀਰੀ ਬੁੱਢਾ ਦਲ ਇਟਲੀ ਦੇ ਸਿੰਘਾ ਵੱਲੋਂ ਆਲੌਕਿਕ ਦ੍ਰਿਸ਼ ਵਿਖਾਏ ਗਏ।

ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ। ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਲਈ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸੇਵਾ ਨਿਭਾਉਣ 'ਤੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਗਿਆ।

cherry

This news is Content Editor cherry