ਇਟਲੀ : ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੀਆਂ ਸਮੂਹ ਸੰਗਤਾਂ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ

Sunday, Dec 20, 2020 - 06:01 PM (IST)

ਰੋਮ (ਕੈਂਥ): ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਪੰਜਾਬ ਸਮੇਤ ਪੂਰੇ ਭਾਰਤ ਦੇ ਕਿਸਾਨਾਂ ਅਤੇ ਆਮ ਵਰਗ ਦੇ ਵਲੋਂ ਕੀਤਾ ਜਾ ਰਿਹਾ ਹੈ ਉੱਥੇ ਦੂਜੇ ਪਾਸੇ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਭਾਈਚਾਰੇ ਵਲੋਂ ਆਏ ਦਿਨ ਕਾਰ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਕੇ ਖੇਤੀ ਕਾਨੂੰਨ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਯੂਰਪ ਦੇ ਦੇਸ਼ ਇਟਲੀ ਵਿੱਚ ਵੀ ਆਏ ਦਿਨ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਵੱਖੋ-ਵੱਖ ਢੰਗਾਂ ਤਰੀਕਿਆਂ ਨਾਲ ਰੋਸ ਰੈਲੀਆਂ ਕਰਕੇ ਭਾਰਤ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 

ਇਸੇ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ (ਕਰੇਮੋਨਾ) ਅਤੇ ਸਮੂਹ ਇਲਾਕੇ ਦੀ ਸੰਗਤਾਂ ਵੱਲੋਂ ਕਰੇਮੋਨਾ ਸ਼ਹਿਰ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਨੇ ਹਿੱਸਾ ਲੈਕੇ ਕਿਸਾਨਾਂ ਦੇ ਹੱਕ ਦੇ ਵਿੱਚ ਨਾਅਰੇ ਲਗਾਏ ਅਤੇ ਸਰਕਾਰ ਵੱਲੋਂ ਬਣਾਏ ਤਿੰਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਸੰਗਤਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਗਿਆ ਕਿ ਭਾਰਤ ਸਰਕਾਰ ਵੱਲੋਂ ਇਹ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਡੂੰਘੀ ਠੇਸ ਪਹੁੰਚਾਈ ਗਈ ਹੈ। ਇਸ ਕਰਕੇ ਹੀ ਅੱਜ ਪੰਜਾਬ ਅਤੇ ਬਾਕੀ ਸੂਬਿਆਂ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਡੇਰੇ ਲਗਾਏ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ ਕਿਉਂਕਿ ਇਹ ਕਾਨੂੰਨ ਕਿਸਾਨਾਂ ਅਤੇ ਦੇਸ ਦੀ ਕਿਸਾਨੀ ਨੂੰ ਬਰਬਾਦ ਕਰ ਦੇਣਗੇ, ਜਿਸ ਦੀ ਜ਼ਿੰਮੇਵਾਰ ਕੇਂਦਰ ਦੀ ਸਰਕਾਰ ਹੋਵੇਗੀ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਦੀ ਸਮੂਹ ਪ੍ਰਬੰਧਕ ਕਮੇਟੀ ਮੈਂਬਰ, ਸਮੂਹ ਨੌਜਵਾਨ ਵਰਗ, ਬੀਬੀਆਂ ਅਤੇ ਸਮੂਹ ਸੰਗਤਾਂ ਵੱਲੋਂ ਵਿਸ਼ੇਸ਼ ਤੌਰ 'ਤੇ ਇਸ ਰੈਲੀ ਵਿੱਚ ਯੋਗਦਾਨ ਪਾ ਕੇ ਸਫ਼ਲ ਬਣਾਇਆ ਗਿਆ।

ਨੋਟ- ਇਟਲੀ ਵਿਚ ਸਮੂਹ ਸੰਗਤਾਂ ਵੱਲੋਂ ਕਿਸਾਨ ਅੰਦੋਲਨ ਨੂੰ ਮਿਲੇ ਸਮਰਥਨ ਬਾਰੇ ਦੱਸੋ ਆਪਣੀ ਰਾਏ।


 


Vandana

Content Editor

Related News