ਜਿੱਨਾਹ ਹਾਊਸ ਦੀ ਭੰਨ-ਤੋੜ ਦਾ ਮਾਮਲਾ : ਅਦਾਲਤ ਵੱਲੋਂ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦੀ ਮਨਜ਼ੂਰੀ
Friday, Aug 25, 2023 - 01:48 AM (IST)

ਲਾਹੌਰ (ਭਾਸ਼ਾ)-ਇਮਰਾਨ ਖ਼ਾਨ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਪਾਕਿਸਤਾਨ ਦੀ ਇਕ ਅਦਾਲਤ ਨੇ ਲਾਹੌਰ ਕੋਰ ਕਮਾਂਡਰ ਦੀ ਰਿਹਾਇਸ਼ (ਜਿੱਨਾਹ ਹਾਊਸ) ਵਿਚ 9 ਮਈ ਨੂੰ ਹੋਈ ਭੰਨ-ਤੋੜ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੀ ਜਾਂਚ ਕਰਨ ਦੀ ਪੁਲਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ (70) ਨੂੰ ਇਸ ਮਹੀਨੇ ਦੇ ਸ਼ੁਰੂ ਵਿਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੰਜਾਬ ਸੂਬੇ ਦੀ ਅਟਕ ਜ਼ਿਲ੍ਹਾ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ।
‘ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਨੇ ਵੀਰਵਾਰ ਨੂੰ ਰਿਪੋਰਟ ਦਿੱਤੀ ਕਿ ਲਾਹੌਰ ਪੁਲਸ ਦੇ ਜਾਂਚ ਮੁਖੀ ਵੱਲੋਂ ਦਾਇਰ ਇਕ ਪਟੀਸ਼ਨ ਦੇ ਜਵਾਬ ਵਿਚ ਅੱਤਵਾਦ ਵਿਰੋਧੀ ਅਦਾਲਤ (ਏ. ਟੀ. ਸੀ.) ਨੇ 9 ਮਈ ਨੂੰ ਜਿੱਨਾਹ ਹਾਊਸ ਦੀ ਭੰਨ-ਤੋੜ ਦੇ ਸਬੰਧ ਵਿਚ ਖ਼ਾਨ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਜਾਂਚ ਦੀ ਪੁਲਸ ਨੂੰ ਮਨਜ਼ੂਰੀ ਦਿੱਤੀ ਹੈ।
ਪੁਲਸ ਸੂਤਰਾਂ ਦੇ ਹਵਾਲੇ ਨਾਲ ਇਕ ਖ਼ਬਰ ਵਿਚ ਕਿਹਾ ਗਿਆ ਹੈ ਕਿ ਇਮਰਾਨ ਤੋਂ ਪੁੱਛਗਿੱਛ ਲਈ ਇਕ ਜਾਂਚ ਟੀਮ ਅਟਕ ਜੇਲ੍ਹ ਭੇਜੀ ਜਾਵੇਗੀ। ਜਾਂਚ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਅੱਗਜ਼ਨੀ ਮਾਮਲੇ ’ਚ ਫਿਲਹਾਲ ਇਮਰਾਨ ਦੀ ਗ੍ਰਿਫ਼ਤਾਰੀ ’ਤੇ ਰੋਕ ਰਹੇਗੀ।
ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ’ਚ ਪਟੀਸ਼ਨ ’ਤੇ ਸੁਣਵਾਈ ਮੁਲਤਵੀ
ਇਸਲਾਮਾਬਾਦ (ਭਾਸ਼ਾ)-ਇਸਲਾਮਾਬਾਦ ਹਾਈਕੋਰਟ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਸੈਸ਼ਨ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਅਤੇ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ। ਇਮਰਾਨ ਖ਼ਾਨ ਫਿਲਹਾਲ ਜੇਲ੍ਹ ’ਚ ਬੰਦ ਹਨ।