ਅੰਮ੍ਰਿਤਸਰ ''ਚ ਟਰੂਡੋ ਦਾ ਨਿੱਘਾ ਸਵਾਗਤ, ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ (ਤਸਵੀਰਾਂ)

02/22/2018 11:32:23 AM

ਅੰਮ੍ਰਿਤਸਰ (ਸਰਬਜੀਤ)— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੁੱਧਵਾਰ ਨੂੰ ਅੰਮ੍ਰਿਤਸਰ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ ਉਨ੍ਹਾਂ ਨੇ ਕੜਾਹ ਪ੍ਰਸ਼ਾਦ ਲਿਆ ਅਤੇ ਸਖਤ ਸੁਰੱਖਿਅਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ। 

ਟਰੂਡੋ ਕੁੜਤਾ-ਪਜਾਮਾ ਅਤੇ ਸਿਰ 'ਤੇ ਕੇਸਰੀ ਪਟਕਾ ਬੰਨ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ, ਉਨ੍ਹਾਂ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਹੈ। ਜਦੋਂ ਟਰੂਡੋ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਦਾਖਲ ਹੋਏ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। 


ਇੱਥੇ ਦੱਸ ਦੇਈਏ ਕਿ ਜਦੋਂ ਟਰੂਡੋ ਪਰਿਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਤਾਂ ਸਭ ਕੁਝ ਆਮ ਵਾਂਗ ਸੀ, ਸ਼ਰਧਾਲੂਆਂ ਦੀ ਵੱਡੀ ਭੀੜ ਉਸ ਸਮੇਂ ਉੱਥੇ ਮੌਜੂਦ ਸੀ। ਪੂਰੀ ਸੁਰੱਖਿਆ ਵਿਵਸਥਾ ਨਾਲ ਟਰੂਡੋ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ।

ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਰੂਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਸੁਨਹਿਰੀ ਰੰਗ ਦੀ ਕਿਰਪਾਨ, ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮਾਡਲ ਅਤੇ ਹੋਰ ਧਾਰਮਿਕ ਪੁਸਤਕਾਂ ਭੇਟ ਕਰ ਕੇ ਸਨਮਾਨ ਕੀਤਾ ਗਿਆ।

ਟਰੂਡੋ, ਉਨ੍ਹਾਂ ਦੀ ਪਤਨੀ ਸੋਫੀ ਅਤੇ ਬੱਚਿਆਂ ਅਤੇ ਕੈਨੇਡੀਅਨ ਸਿੱਖ ਮੰਤਰੀਆਂ ਨੂੰ ਵੀ ਸਿਰੋਪਾਓ ਭੇਟ ਕਰ ਕੇ ਸਨਮਾਨਤ ਕੀਤਾ ਗਿਆ।