ਇਟਲੀ ਦੇ ਕਸਬਾ ਪਾਸੀਆਨੋ ਦੀ ਪੋਰਦੇਨੋਨੇ (ਤਰੇਸਤੇ) ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

05/31/2022 3:21:37 PM

ਰੋਮ (ਕੈਂਥ) : ਉੱਤਰੀ ਇਟਲੀ ਦੇ ਕਸਬਾ ਪਾਸੀਆਨੋ ਦੀ ਪੋਰਦੇਨੋਨੇ (ਤਰੇਸਤੇ) ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਾਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਅਤੇ ਉਪਰੰਤ ਦੁਪਹਿਰ ਨੂੰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਿੰਡ ਦੀਆਂ ਗਲੀਆਂ ’ਚ ਪਰਿਕਰਮਾ ਕੀਤੀ ਗਈ, ਨਗਰ ਕੀਰਤਨ ’ਚ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ।

ਇਸ ਮੌਕੇ ਨਗਰ ਕੀਰਤਨ ਦਾ ਪਾਰਕ ’ਚ ਪੜਾਅ ਕੀਤਾ ਗਿਆ ਅਤੇ ਇਸ ਮੌਕੇ ਭਾਈ ਗੁਰਮੁਖ ਸਿੰਘ ਜੌਹਲ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਗੱਤਕੇ ਵਾਲੇ ਸਿੰਘਾਂ ਵਲੋਂ ਗੱਤਕੇ ਦੇ ਜਾਹੋ-ਜਲਾਲ ਦਿਖਾਏ ਗਏ। ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੀ ਸਮਾਪਤੀ ਮੁੜ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ।

Manoj

This news is Content Editor Manoj