ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿ ਸਰਕਾਰ 1000 ਤੋਂ ਵਧ ਪੁਲਸ ਮੁਲਾਜ਼ਮ ਕਰੇਗੀ ਤਾਇਨਾਤ

04/10/2024 10:12:54 AM

ਗੁਰਦਾਸਪੁਰ (ਵਿਨੋਦ) : ਪਾਕਿਸਤਾਨੀ ਸੂਬੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐੱਸ. ਜੀ. ਪੀ. ਸੀ.) ਦੇ ਚੇਅਰਮੈਨ ਰਮੇਸ਼ ਸਿੰਘ ਅਰੋੜਾ ਨੇ ਸਿੱਖ ਭਾਈਚਾਰੇ ਦੇ ਮਨਾਏ ਜਾ ਰਹੇ ਸਮਾਗਮਾਂ ਲਈ ਭਾਰਤ ਨੂੰ ਸੱਦਾ ਦਿੱਤਾ ਹੈ ਅਤੇ ਆਉਣ ਵਾਲੇ ਵਿਸਾਖੀ ਮੇਲੇ ਦੇ ਨਾਲ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਨ ਦਾ ਦ੍ਰਿੜ੍ਹ ਸੰਕਲਪ ਜ਼ਾਹਿਰ ਕੀਤਾ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਰਮੇਸ਼ ਸਿੰਘ ਅਰੋੜਾ ਨੇ ਇਹ ਪ੍ਰਗਟਾਵਾ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਵਿਸਾਖੀ ਦੇ ਦਿਹਾੜੇ ਸਬੰਧੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਨੇ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ, ਰਿਹਾਇਸ਼ ਅਤੇ ਸਫਾਈ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਯਾਤਰੀ ਬੋਰਡਿੰਗ ਬਲਾਕ, ਰਸੋਈ ਅਤੇ ਮੁੱਖ ਪ੍ਰਾਰਥਨਾ ਸਥਾਨ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ: ਪਾਕਿਸਤਾਨੀ ਸਿੱਖ ਜਤਿੰਦਰ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਲਾਹੌਰ ’ਚ ਚਲਾਉਂਦਾ ਹੈ ‘ਇਫਤਾਰ ਲੰਗਰ’

ਉਨ੍ਹਾਂ ਕਿਹਾ ਕਿ ਦੇਸ਼ ’ਚ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਬਹੁ-ਪੱਧਰੀ ਅਤੇ ਫੁਲਪਰੂਫ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਯਾਤਰਾ ਦੌਰਾਨ ਮੁਫਤ ਭੋਜਨ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਅਰੋੜਾ ਨੇ ਕਿਹਾ ਕਿ ਯਾਤਰਾ ਦੇ ਬਿਹਤਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸ਼ਰਧਾਲੂਆਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ ਅਤੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਏ ਪ੍ਰੋਟੋਕੋਲ ਅਨੁਸਾਰ ਵੀਜ਼ੇ ਜਾਰੀ ਕੀਤੇ ਜਾਣਗੇ, ਜਦਕਿ ਪਾਕਿਸਤਾਨ ਸਰਕਾਰ ਨੇ ਵੱਖ-ਵੱਖ ਸਿੱਖ ਗੁਰਦੁਆਰਿਆਂ ਵਿਚ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਖਾਸ ਕਰ ਕੇ ਗੁ. ਸ੍ਰੀ ਨਨਕਾਣਾ ਸਾਹਿਬ ਅਤੇ ਗੁ. ਸ੍ਰੀ ਡੇਰਾ ਸਾਹਿਬ ਲਾਹੌਰ ਵਿਚ ਸਿੱਖ ਸੰਗਤਾਂ ਦੀ ਸੁਰੱਖਿਆ ਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਵਿਸਾਖੀ ਦੇ ਜਸ਼ਨਾਂ ਲਈ ਪਾਕਿਸਤਾਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ 2,843 ਵੀਜ਼ੇ

ਇਸ ਮੌਕੇ ਮੰਤਰੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਨਕ ਨੁਮਾਇੰਦਿਆਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਸੁਝਾਵਾਂ ਤੋਂ ਜਾਣੂ ਕਰਵਾਉਂਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਜ਼ਿਲਾ ਕੁਲੈਕਟਰ ਰਾਓ ਆਤਿਫ਼ ਰਜ਼ਾ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਅਤੇ ਪੀ. ਐੱਸ. ਜੀ. ਪੀ. ਸੀ. ਦੇ ਸਹਿਯੋਗ ਨਾਲ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਵਿਖੇ ਸੁਰੱਖਿਆ, ਭੋਜਨ ਅਤੇ ਰਿਹਾਇਸ਼ ਲਈ ਇਕ ਵਿਆਪਕ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਹੈ। ਰਾਓ ਨੇ ਕਿਹਾ ਕਿ ਸੁਰੱਖਿਆ ਦੀ ਨਿਗਰਾਨੀ ਲਈ 6 ਐੱਸ. ਡੀ. ਪੀ. ਓ., 17 ਇੰਸਪੈਕਟਰ, 103 ਵਧੀਕ ਪੁਲਸ ਸੁਪਰਡੈਂਟ, 94 ਹੈੱਡ ਕਾਂਸਟੇਬਲ, 667 ਕਾਂਸਟੇਬਲ ਅਤੇ 36 ਮਹਿਲਾ ਕਾਂਸਟੇਬਲਾਂ ਸਮੇਤ ਲਗਭਗ 1,000 ਪੁਲਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਹਿੰਦੂ ਬੀਬੀ ਅਫ਼ਸਰ ਡਾ. ਸਨਾ ਰਾਮਚੰਦ, ਔਕਾਫ਼ ਬੋਰਡ, ਪੀ. ਐੱਸ. ਜੀ. ਪੀ. ਸੀ., ਪੁਲਸ ਅਤੇ ਵੱਖ-ਵੱਖ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਹੈਜ਼ਾ ਦੇ ਕਹਿਰ ਤੋਂ ਭੱਜ ਰਹੇ ਸੀ ਲੋਕ, ਸਮੁੰਦਰ 'ਚ ਕਿਸ਼ਤੀ ਪਲਟਣ ਕਾਰਨ 98 ਲੋਕਾਂ ਨੇ ਗਵਾਈ ਆਪਣੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News