ਇਟਲੀ ਵਿਚ ਖਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ
Wednesday, May 10, 2023 - 02:22 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਜ਼ਿਲ੍ਹਾ ਕਰੇਮੋਨਾ ਦੇ ਕਾਜੇਲਮੇਜੋਰੇ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਿੰਘ ਸਭਾ ਸ਼ਹੀਦਾਂ ਕਾਜੇਲਮੇਜੋਰੇ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਨੇ ਜੋ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਉਂਦਿਆਂ ਪੰਜਾਬ ਵਰਗਾ ਮਾਹੌਲ ਬਣਾ ਦਿੱਤਾ।
ਨਗਰ ਕੀਰਤਨ ਦੀ ਖਾਸੀਅਤ ਕਹੀ ਜਾ ਸਕਦੀ ਹੈ ਕਿ ਸਿੱਖਾਂ ਤੋਂ ਇਲਾਵਾ ਹੋਰਨਾ ਕਈ ਧਰਮਾ ਨਾਲ ਸਬੰਧਤ ਸੰਗਤਾਂ ਵੀ ਪਹੁੰਚੀਆਂ ਹੋਈਆਂ ਸਨ। ਇਟਾਲੀਅਨ ਅਤੇ ਹੋਰਨਾਂ ਮੂਲ ਦੇ ਲੋਕ ਸਿੱਖੀ ਸਿਧਾਤਾਂ ਅਤੇ ਗੌਰਵਮਈ ਇਤਿਹਾਸ ਤੋਂ ਪ੍ਰਭਾਵਿਤ ਹੋਏ। ਫੁੱਲਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਜਾਈ ਗਈ। ਪੁਲਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨੂੰ ਬੜੇ ਸੁਚੱਜੇ ਢੰਗ ਨਾਲ ਕੰਟਰੋਲ ਕਰਕੇ ਸਹਿਯੋਗ ਦਿੱਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਦੂਰ-ਦੁਰਾਡੇ ਤੋਂ ਕਾਫ਼ਲਿਆਂ ਦੇ ਰੂਪ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗ ਕਰਨ ਵਾਲੇ ਪ੍ਰਸ਼ਾਸ਼ਨਿਕ ਅਧਿਕਾਰੀਆ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਕਲਗੀਧਰ ਸਾਹਿਬ ਕਰੇਮੋਨਾ ਗੱਤਕਾ ਅਕੈਡਮੀ ਵਾਲੇ ਸਿੰਘਾਂ ਨੇ ਗੱਤਕੇ ਦੇ ਜੌਹਰ ਵਿਖਾਉਂਦੇ ਹੋਏ ਖ਼ੂਬ ਵਾਹ-ਵਾਹ ਖੱਟੀ। ਭਾਈ ਗੁਰਮੁੱਖ ਸਿੰਘ ਜੌਹਲ ਦੇ ਕਵੀਸ਼ਰੀ ਜੱਥੇ ਨੇ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਸੇਵਾ ਸੋਸਾਇਟੀ ਅਤੇ ਕਲਤੂਰਾ ਸਿੱਖ ਦੇ ਸੇਵਾਦਾਰਾਂ ਵੱਲੋਂ ਇਟਾਲੀਅਨ ਭਾਸ਼ਾ ਅਤੇ ਗੁਰਮੁਖੀ ਵਿਚ ਪ੍ਰਕਾਸ਼ਿਤ ਕਿਤਾਬਾਂ ਫਰੀ ਵੰਡਕੇ ਨਗਰ ਕੀਰਤਨ ਵਿਚ ਪੁੱਜੇ ਇਟਾਲੀਅਨ ਜਾਂ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਨਗਰ ਕੀਰਤਨ ਦੀ ਮਹਾਨਤਾ ਬਾਰੇ ਜਾਣੂ ਕਰਵਾਇਆ ਗਿਆ। ਸੇਵਾਦਾਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਸਟਾਲਾਂ ਦਾ ਪ੍ਰਬੰਧ ਕਰਕੇ ਆਈਆਂ ਸੰਗਤਾਂ ਨੂੰ ਲੰਗਰ ਛਕਾ ਕੇ ਸੇਵਾਵਾਂ ਵਿੱਚ ਹਿੱਸਾ ਪਾਇਆ ਗਿਆ।