ਇਟਲੀ ਦੀ ਧਰਤੀ ''ਤੇ ਖਾਲਸਾਈ ਜਾਹੋ-ਜਲਾਲ ਨਾਲ ਸਜਿਆ 15ਵਾਂ ਅਲੌਕਿਕ ਨਗਰ ਕੀਰਤਨ

Tuesday, Apr 21, 2026 - 12:21 PM (IST)

ਇਟਲੀ ਦੀ ਧਰਤੀ ''ਤੇ ਖਾਲਸਾਈ ਜਾਹੋ-ਜਲਾਲ ਨਾਲ ਸਜਿਆ 15ਵਾਂ ਅਲੌਕਿਕ ਨਗਰ ਕੀਰਤਨ

ਬਰੇਸ਼ੀਆ (ਦਲਵੀਰ ਸਿੰਘ ਕੈਂਥ) ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਥਾਪੜੇ ਨਾਲ ਜਨਮੇ ਖਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਸਮਾਗਮ ਇਟਲੀ ਦੇ ਵੱਖ-ਵੱਖ ਇਲਾਕਿਆਂ ਵਿਚ ਕਰਵਾਏ ਜਾ ਰਹੇ ਹਨ। ਅਨੇਕਾਂ ਵਿਸ਼ਾਲ ਨਗਰ ਕੀਰਤਨ, ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਇਟਲੀ ਦੀ ਧਰਤੀ ਤੇ ਵੱਸਦੀ ਸਿੱਖ ਸੰਗਤ ਦੁਆਰਾ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬਰੇਸ਼ੀਆ ਜ਼ਿਲ੍ਹੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ (ਬਰੇਸ਼ੀਆ) ਵੱਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। 

PunjabKesari

PunjabKesari

ਇਸ ਵਿਚ ਇਟਲੀ ਦੇ ਵੱਖ-ਵੱਖ  ਇਲਾਕਿਆਂ ਵਿਚ ਵੱਸਦੀਆਂ ਸੰਗਤਾਂ ਵਲੋਂ ਦੂਰ ਦਰਾਡੇ ਤੋਂ ਪਹੁੰਚ ਕਰਕੇ ਨਗਰ ਕੀਰਤਨ ਵਿੱਚ ਸ਼ਮੂਲ਼ੀਅਤ ਕੀਤੀ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜਾਏ ਦੀਵਾਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਕੀਰਤਨ ਕੀਤਾ ਗਿਆ ਅਤੇ ਮਾਝੈ ਵਾਲਾ ਜੱਥਾ ਭਾਈ ਗੁਰਜੀਤ ਸਿੰਘ ਘਰਿਆਲੀ ਤੇ ਭਾਈ ਜੋਗਿੰਦਰ ਸਿੰਘ ਦਦੇਹਰ ਸਾਹਿਬ ਵਾਲਿਆਂ ਨੇ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰੂਦੁਆਰਾ ਸਾਹਿਬ ਤੋਂ  ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਦੇ ਵਿੱਚ ਬਹੁਤ ਹੀ ਸੁਚੱਜੇ ਢੰਗ ਦੇ ਨਾਲ ਅਤੇ ਸਿੱਖੀ ਪਰੰਪਰਾਵਾਂ ਤਹਿਤ ਹੋਈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਜਰਮਨੀ ਤੋਂ ਵੱਡੀ ਖ਼ਬਰ; ਗੁਰਦੁਆਰਾ ਸਾਹਿਬ 'ਚ ਹਿੰਸਕ ਝੜਪ, 11 ਲੋਕ ਜ਼ਖਮੀ

ਸਾਰੇ ਰਸਤੇ ਵਿਚ ਸੰਗਤਾਂ ਦੁਆਰਾ  ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਨਗਰ ਕੀਰਤਨ ਦੇ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰਿਆ ਦੀ ਕਸਤੇਨੇਦਲੋ ਸ਼ਹਿਰ ਵਿੱਚ ਗੂੰਜ ਰਹੀ। ਸਾਹਿਬਜਾਦਾ  ਅਜੀਤ ਸਿੰਘ, ਸਾਹਿਬਜਾਦਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਮੌਕੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ  ਲੰਗਰਾਂ ਦੇ ਸਟਾਲ ਲਗਾਏ ਗਏ। ਸਥਾਨਿਕ ਨਗਰ ਕੌਂਸਲ ਦੇ ਅਧਿਕਾਰੀਆ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਜਿਹਨਾਂ ਸਿੱਖ ਭਾਈਚਾਰੇ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦੀ ਵਧਾਈ ਦਿੱਤੀ। ਇਸ ਨਗਰ ਕੀਰਤਨ ਵਿੱਚ ਹੋਰਨਾਂ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਖੇਡ ਕਲੱਬਾਂ ਦੇ ਮੈਂਬਰਾਂ ਨੇ ਵੀ ਹਾਜ਼ਰੀ ਲਵਾਈ।  ਗੁਰਦਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਆਈਆ ਸਾਰੀਆਂ ਅਹਿਮ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਅਤੇ ਸਮੁੱਚੀਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਸਹਿਯੋਗ ਕਰਨ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ 'ਤੇ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News