ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਜੈਕਾਰਿਆਂ ਨਾਲ ਗੂੰਜਿਆ ਇਟਲੀ ਦਾ ਸ਼ਹਿਰ ਬੈਰਗਾਮੋ
Saturday, Apr 01, 2023 - 09:24 PM (IST)
ਮਿਲਾਨ/ਇਟਲੀ (ਸਾਬੀ ਚੀਨੀਆ) : ਇਟਲੀ ਦੇ ਸ਼ਹਿਰ ਬੈਰਗਾਮੋ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਤੇ ਜਾਹੋ-ਜਲਾਲ ਨਾਲ ਸਜਾਇਆ ਗਿਆ। ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਦੁਆਰਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਪਿਆਸਾ ਪੋਨਦੀਤਾ ਤੋਂ ਹੋਈ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਦੁਆਰਾ ਕੀਤੀ ਗਈ। ਇਸ ਮੌਕੇ ਸਿੱਖ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੇਖਿਆਂ ਹੀ ਬਣਦਾ ਸੀ। ਨਗਰ ਕੀਰਤਨ ਦੌਰਾਨ ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਬੈਰਗਾਮੋ ਸ਼ਹਿਰ ਗੂੰਜ ਉਠਿਆ।
ਇਹ ਵੀ ਪੜ੍ਹੋ : ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ ਭਾਰਤੀ ਵਿਅਕਤੀ ਦੀ ਮੌਤ
ਇਟਲੀ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੀਆਂ ਸੰਗਤਾਂ ਦੇ ਚਿਹਰਿਆਂ 'ਤੇ ਚੜ੍ਹੇ ਨੂਰ ਤੋਂ ਖਾਲਸੇ ਦੀ ਚੜ੍ਹਦੀ ਕਲਾ ਦੀ ਦਿੱਖ ਆਪ-ਮੂਹਰੇ ਨਜ਼ਰੀਂ ਪੈ ਰਹੀ ਸੀ। ਕੇਸਰੀ ਦਸਤਾਰਾਂ ਤੇ ਦੁਮਾਲਿਆ ਨੂੰ ਵੇਖ ਕੇ ਲੱਗ ਰਿਹਾ ਸੀ ਜਿਵੇਂ ਇਹ ਖਾਸ ਦਿਨ ਕੇਸਰੀ ਰੰਗ ਦਾ ਹੀ ਚੜ੍ਹਿਆ ਹੋਵੇ। ਕਵੀਸ਼ਰੀ ਅਤੇ ਕੀਰਤਨੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਗੱਤਕਾ ਅਕੈਡਮੀ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਉਂਦਿਆਂ ਰੌਣਕਾਂ ਨੂੰ ਚਾਰ ਚੰਨ ਲਾਏ। ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਸ਼ਾਮ ਨੂੰ ਸਮਾਪਤ ਹੋਇਆ। ਪ੍ਰਬੰਧਕਾਂ ਨੇ ਇਸ ਮਹਾਨ ਕਾਰਜ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਸਿੱਧੂ ਦੇ ਜੇਲ੍ਹ 'ਚੋਂ ਬਾਹਰ ਆਉਂਦੇ ਹੀ ਗਰਮਾਈ ਸਿਆਸਤ, 'ਆਪ' ਨੇ ਕੀਤਾ 'ਪਲਟਵਾਰ'
ਜ਼ਿਕਰਯੋਗ ਹੈ ਕਿ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਦੀ ਪ੍ਰਬੰਧਕ ਕਮੇਟੀ ਲੰਬੇ ਸਮੇਂ ਤੋਂ ਇਟਲੀ ਵਿੱਚ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕਾਰਜ ਕਰ ਰਹੀ ਹੈ। ਪਿਛਲੇ ਹਫ਼ਤੇ ਹੀ ਪ੍ਰਬੰਧਕ ਕਮੇਟੀ ਨੇ ਵੱਡੇ ਪੱਧਰ 'ਤੇ ਹੋਲਾ-ਮਹੱਲਾ ਮਨਾਇਆ ਸੀ, ਜਿਸ ਵਿੱਚ ਸਿੱਖ ਸੰਗਤਾਂ ਵੱਡੇ ਇਕੱਠ ਵਿੱਚ ਪਹੁੰਚੀਆਂ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।