ਇਟਲੀ ਦੇ ਸ਼ਹਿਰ ਫੌਦੀ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
Wednesday, Oct 01, 2025 - 01:52 PM (IST)

ਮਿਲਾਨ (ਸਾਬੀ ਚੀਨੀਆ)- ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਕਰਕੇ ਜਾਣੇ ਜਾਂਦੇ ਇਟਲੀ ਦੇ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਸਬੰਧੀ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ।
ਦੱਸਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਇਹ ਨਗਰ ਕੀਰਤਨ ਸਜਾਇਆ ਜਾਂਦਾ ਰਿਹਾ ਹੈ, ਜਿਸ ਵਿੱਚ ਯੂਰਪ ਭਰ ਦੇ ਵੱਖ-ਵੱਖ ਦੇਸ਼ਾਂ ਤੋਂ ਸੰਗਤਾਂ ਬਹੁਤ ਉਤਸ਼ਾਹ ਦੇ ਨਾਲ ਨਤਮਸਤਕ ਹੋਣ ਲਈ ਪੁੱਜਦੀਆਂ ਹਨ। 25 ਸਤੰਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਸਨ, ਜਿਨ੍ਹਾਂ ਦੇ ਭੋਗ ਸ਼ਨੀਵਾਰ ਨੂੰ ਭੋਗ ਪਾਏ ਗਏ। ਇਸ ਉਪਰੰਤ ਖੁੱਲੇ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਸੁਖਬੀਰ ਸਿੰਘ ਭੌਰ, ਹੈੱਡ ਗ੍ਰੰਥੀ ਬਾਬਾ ਗੁਰਬਖਸ਼ ਸਿੰਘ ਜੀ, ਭਾਈ ਜਗਜੀਤ ਸਿੰਘ ਜੀ ਸੁਲਤਾਨਪੁਰ ਵਾਲੇ, ਕਵੀਸ਼ਰ ਭਾਈ ਸੁਲੱਖਣ ਸਿੰਘ ਜੀ ਅਤੇ ਕਵੀਸ਼ਰ ਭਾਈ ਤਰਸੇਮ ਸਿੰਘ ਜੀ ਦੇ ਜੱਥਿਆਂ ਨੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸ਼ਹਿਰ ਦੇ ਮੇਅਰ ਨੇ ਵੀ ਹਾਜ਼ਰੀ ਲਵਾਉਂਦਿਆਂ ਵਧਾਈ ਦਿੱਤੀ। ਸੇਵਾਦਾਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸਟਾਲਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।