ਪ੍ਰਵਾਸੀ ਭਾਰਤੀ ਅਮਰੀਕਾ ਨੂੰ ਬਣਾ ਰਹੇ ਮਜ਼ਬੂਤ : ਟਰੰਪ

09/23/2019 9:53:33 PM

ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਭਾਵਸ਼ਾਲੀ ਅਤੇ ਵਿਕਾਸਸ਼ੀਲ ਭਾਰਤੀ ਮੂਲ ਦੇ ਅਮਰੀਕੀ ਭਾਈਚਾਰੇ ਦੇ ਦੇਸ਼ ਵਿਚ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਅਸਲ ਵਿਚ ਮਾਣ ਹੈ ਕਿ ਉਹ ਅਮਰੀਕੀਆਂ ਦੇ ਰੂਪ ਵਿਚ ਇਥੇ ਹਨ। ਟਰੰਪ ਨੇ ਟੈਕਸਾਸ ਦੇ ਹਿਊਸਟਨ ਵਿਚ ਆਯੋਜਿਤ ਇਤਿਹਾਸਕ ਹਾਓਡੀ ਮੋਦੀ ਪ੍ਰੋਗਰਾਮ ਵਿਚ ਅਮਰੀਕਾ ਵਿਚ ਭਾਰਤੀ ਭਾਈਚਾਰੇ ਦੇ ਲੋਕਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਟਰੰਪ 50 ਹਜ਼ਾਰ ਤੋਂ ਵਧੇਰੇ ਭਾਰਤੀ ਮੂਲ ਦੇ ਅਮਰੀਕੀਆਂ ਦੀ ਸਭਾ ਨੂੰ ਸੰਬੋਧਿਤ ਕਰ ਰਹੇ ਸਨ ਜੋ ਐਨ.ਆਰ.ਜੀ. ਸਟੇਡੀਅਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਇਕੱਠੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੂਜੀ ਵਾਰ ਜਿੱਤ ਦੀ ਵਧਾਈ ਦਿੰਦਾ ਹਾਂ।

ਉਨ੍ਹਾਂ ਮੋਦੀ ਨੂੰ ਵਿਸ਼ਵ ਦਾ ਮਹਾਨ ਤੇ ਦੂਰਅੰਦੇਸ਼ੀ ਸੋਚ ਵਾਲਾ ਆਗੂ ਦੱਸਿਆ। ਉਨ੍ਹਾਂ ਅਮਰੀਕਾ ਦੀ ਤਰੱਕੀ ਵਿੱਚ ਭਾਰਤੀ ਭਾਈਚਾਰੇ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤੀ-ਅਮਰੀਕੀ ਕੰਪਨੀਆਂ ਵਿੱਚ ਵੀ ਅਮਰੀਕੀ ਨਾਗਰਿਕ ਨੌਕਰੀਆਂ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਦੋਵਾਂ ਮੁਲਕਾਂ ਦੇ ਸਬੰਧ ਬਹੁਤ ਮਜ਼ਬੂਤ ਹਨ ਅਤੇ ਉਹ ਮੋਦੀ ਨਾਲ ਮਿਲ ਕੇ ਇਨ੍ਹਾਂ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੇ ਸੰਵਿਧਾਨ ਵਿੱਚ ਇਹ ਗੱਲ ਸਾਂਝੀ ਹੈ ਕਿ ਸਰਕਾਰਾਂ ਲੋਕਾਂ ਦੀ ਬਿਹਤਰੀ ਲਈ ਹਨ।

ਵਿਸ਼ਵ ਵਿੱਚ ਭਾਰਤ ਤੇ ਅਮਰੀਕਾ ਦੇ ਨਾਗਰਿਕ ਖ਼ੁਸ਼ਹਾਲ ਹੋ ਰਹੇ ਹਨ ਅਤੇ ਦੋਵਾਂ ਮੁਲਕਾਂ ਦੀ ਅਰਥਵਿਵਸਥਾ ਬਿਹਤਰ ਹੋਈ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਉਨ੍ਹਾਂ (ਟਰੰਪ ਦੇ) ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰੀ ਸਭ ਤੋਂ ਵੱਧ ਘਟੀ ਹੈ ਅਤੇ ਲੋਕਾਂ ਨੂੰ ਟੈਕਸਾਂ ਵਿੱਚ ਸਭ ਤੋਂ ਵੱਧ ਛੋਟ ਮਿਲੀ ਹੈ। ਟਰੰਪ ਨੇ ਸਾਫ਼ ਕਰ ਦਿੱਤਾ ਕਿ ਦੋਵੇਂ ਦੇਸ਼ ਇਸਲਾਮੀ ਕੱਟੜਵਾਦ ਨਾਲ ਲੜਨ ਲਈ ਇਕਜੁਟ ਹਨ। ਉਨ੍ਹਾਂ ਕਿਹਾ ਕਿ ਭਾਰਤ ਤੇ ਅਮਰੀਕਾ ਦੋਵੇਂ ਲੋਕਾਂ ਨੂੰ ਗਰੀਬੀ ਤੇ ਗੁਰਬਤ ਤੋਂ ਬਾਹਰ ਕੱਢਣਗੇ। ਉਨ੍ਹਾਂ ਅਮਰੀਕਾ ਵਿੱਚ ਗੈਰਕਾਨੂੰਨੀ ਪਰਵਾਸ ਦੀ ਸਮੱਸਿਆ ਨੂੰ ਗੰਭੀਰ ਦੱਸਿਆ।

Sunny Mehra

This news is Content Editor Sunny Mehra