ਬ੍ਰਿਟੇਨ ਦੇ ਨਵੇਂ ਸਟ੍ਰੇਨ ਕਾਰਨ ਨੀਦਰਲੈਂਡ ਨੇ ਤਾਲਾਬੰਦੀ ਦੀ ਮਿਆਦ ''ਚ ਕੀਤਾ ਵਾਧਾ
Wednesday, Feb 03, 2021 - 10:46 AM (IST)
ਐਮਸਟਰਡਮ- ਨੀਦਰਲੈਂਡ ਨੇ ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਗੂ ਤਾਲਾਬੰਦੀ ਦੀ ਮਿਆਦ ਨੂੰ ਦੋ ਮਾਰਚ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਡਚ ਨਿਊਜ਼ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੂਟੇ ਦੇ ਹਵਾਲੇ ਤੋਂ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਹੈ।
ਰੂਟੇ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਦੇਸ਼ ਵਿਚ ਵਾਇਰਸ ਦੇ ਮਾਮਲਿਆਂ ਵਿਚ ਕਮੀ ਆ ਰਹੀ ਸੀ ਪਰ ਬ੍ਰਿਟੇਨ ਵਿਚ ਪਾਏ ਗਏ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਹੁਣ ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਦੌਰਾਨ ਇਸ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਕੋਲ 2 ਮਾਰਚ ਤੱਕ ਤਾਲਾਬੰਦੀ ਵਿਸਥਾਰ ਕਰਨ ਦੇ ਇਲਾਵਾ ਕੋਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਹੁਣ ਕੋਈ ਠੋਸ ਕਦਮ ਨਹੀਂ ਚੁੱਕਦੇ ਤਾਂ ਬਾਅਦ ਵਿਚ ਮਾਮਲੇ ਕਾਬੂ ਤੋਂ ਬਾਹਰ ਹੋ ਸਕਦੇ ਹਨ। ਇਸ ਲਈ ਉਹ ਕੋਈ ਵੀ ਖ਼ਤਰਾ ਨਹੀਂ ਲੈਣਾ ਚਾਹੁੰਦੇ। ਲਗਾਤਾਰ ਮਿਲ ਰਹੀ ਜਾਣਕਾਰੀ ਦੇ ਆਧਾਰ 'ਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਹ ਫ਼ੈਸਲਾ ਲਈਏ। ਉਨ੍ਹਾਂ ਕਿਹਾ ਕਿ ਤਾਲਾਬੰਦੀ ਦੀ ਮਿਆਦ ਵਧਣ ਦੇ ਫ਼ੈਸਲੇ ਦੀ 23 ਫਰਵਰੀ ਨੂੰ ਸਮੀਖਿਆ ਕੀਤੀ ਜਾ ਸਕਦੀ ਹੈ। ਸਰਕਾਰ ਵਲੋਂ ਲੋਕਾਂ ਨੂੰ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।