ਹੁਣ ਇਟਲੀ ''ਚ ਸੰਗਤ ਬਿਨਾਂ ਗ੍ਰੀਨ ਪਾਸ ਦੇ ਵੀ ਕਰ ਸਕਦੀ ਹੈ ਗੁਰਦੁਆਰਾ ਸਾਹਿਬ ਦੇ ਦਰਸ਼ਨ, ਨਵੇਂ ਨਿਰਦੇਸ਼ ਜਾਰੀ
Saturday, Aug 14, 2021 - 12:14 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿਚ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਜਾਣ ਵਾਲਿਆਂ 'ਤੇ ਸਰਕਾਰ ਵੱਲੋਂ ਕੋਈ ਪਾਬੰਦੀ ਨਹੀਂ ਲਾਈ ਗਈ ਹੈ। ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਿੱਖ ਗੁਰਦੁਆਰਾ ਪ੍ਰਬਧੰਕ ਕਮੇਟੀ ਇਟਲੀ, ਦੇ ਪ੍ਰਧਾਨ ਰਵਿੰਦਰਜੀਤ ਸਿੰਘ ਬਲਜਾਨੋ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਕਾਰ ਵੱਲੋਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਕਰਨ ਤੋਂ ਬਾਅਦ ਸਾਰੇ ਧਾਰਮਿਕ ਅਦਾਰਿਆਂ ਨੂੰ ਕਰੋਨਾ ਵਾਇਰਸ ਦੇ ਚਲਦਿਆਂ ਨਵੀਆਂ ਹਦਾਇਤਾਂ ਭੇਜੀਆਂ ਗਈਆਂ ਸਨ, ਜਿਨ੍ਹਾਂ ਮੁਤਾਬਕ ਮੂੰਹ 'ਤੇ ਮਾਸਕ ਲਾਉਣਾ ਅਤੇ ਇਕ-ਦੂਜੇ ਤੋਂ ਦੂਰੀ ਬਣਾਈ ਰੱਖਣਾ ਪਹਿਲਾਂ ਦੀ ਤਰ੍ਹਾਂ ਜ਼ਰੂਰੀ ਹੈ। ਉਥੇ ਹੀ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਗੁਰਦੁਆਰਾ ਸਾਹਿਬ ਆਉਣ ਲਈ ਗ੍ਰੀਨ ਪਾਸ ਦਾ ਹੋਣਾ ਜਾਂ ਨਾ ਹੋਣਾ ਕੋਈ ਬਹੁਤੀ ਤਵੱਜੋ ਨਹੀਂ ਰੱਖਦਾ।
ਕੋਵਿਡ-19 ਕਾਰਨ ਇਟਲੀ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਜ਼ਿਆਦਾ ਭੀੜ ਵਾਲੇ ਇਲਾਕਿਆਂ ਵਿਚ ਗ੍ਰੀਨ ਪਾਸ ਵੀ ਲਾਜ਼ਮੀ ਹੋਇਆ ਹੈ ਪਰ ਗੁਰਦੁਆਰਾ ਸਾਹਿਬ ਜਾਣ ਲਈ ਗ੍ਰੀਨ ਪਾਸ ਦਾ ਹੋਣਾ ਜ਼ਰੂਰੀ ਨਹੀਂ ਹੈ। ਭਾਈ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਗ੍ਰੀਨ ਪਾਸ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਦੁਵਿਧਾ ਜ਼ਰੂਰ ਹੈ। ਇਟਲੀ ਵਿਚ ਰਹਿੰਦੀਆਂ ਸਿੱਖ ਸੰਗਤਾਂ ਬਿਨ੍ਹਾਂ ਕਿਸੇ ਭੇਦਭਾਵ ਦੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ।