ਬ੍ਰਿਟਿਸ਼ ਕੋਲੰਬੀਆ ਤੇ ਓਂਟਾਰੀਓ ਗੁਰਦੁਆਰਾ ਕਮੇਟੀ ਨੇ ਪੱਤਰ ਲਿਖ ਜਥੇਦਾਰ ਹਰਪ੍ਰੀਤ ਸਿੰਘ ਨੂੰ ਕੀਤੇ ਸਵਾਲ

Saturday, Jun 18, 2022 - 12:09 AM (IST)

ਇੰਟਰਨੈਸ਼ਨਲ ਡੈਸਕ (ਬਿਊਰੋ) : ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਦੇ ਬੁਲਾਰੇ ਮਨਿੰਦਰ ਸਿੰਘ ਤੇ ਓਂਟਾਰੀਓ ਗੁਰਦੁਆਰਾ ਕਮੇਟੀ ਦੇ ਬੁਲਾਰੇ ਭਾਈ ਅਮਰਜੀਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਕਈ ਸਵਾਲ ਕੀਤੇ ਹਨ। ਉਨ੍ਹਾਂ ਪੱਤਰ ਲਿਖਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਪਰ ਇਸ ਅਧੀਨ ਕੰਮ ਕਰ ਰਹੇ ਜਥੇਦਾਰ ਸਾਹਿਬਾਨ ਵੱਲੋਂ ਇਸ ਸਤਿਕਾਰਤ ਅਹੁਦੇ ਨੂੰ ਸਿਆਸੀ ਹਿੱਤਾਂ ਜਾਂ ਨਿੱਜ ਲਈ ਵਰਤਣ ਦਾ ਮਤਲਬ ਇਸ ਦਾ ਸਤਿਕਾਰ ਸਿੱਖ ਮਨਾਂ ’ਚੋਂ ਖ਼ਤਮ ਕਰਨ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀਆਂ ਸਿੱਖ ਸੰਗਤਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਤੁਸੀਂ (ਜਥੇਦਾਰ ਗਿਆਨੀ ਹਰਪ੍ਰੀਤ ਸਿੰਘ) ‘ਚੋਰੀ-ਛਿਪੇ’ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਸਬੰਧੀ ਹੁਕਮਨਾਮਿਆਂ ਦੀ ਉਲੰਘਣਾ ਕਰਨ ਵਾਲੇ ਦੋਸ਼ੀ ਵਿਅਕਤੀ ਰਿਪੁਦਮਨ ਸਿੰਘ ਮਲਿਕ ਕੋਲ ਆ ਰਹੇ ਹੋ। ਸਿੱਖ ਸੰਗਤਾਂ ਜਾਣਨਾ ਚਾਹੁੰਦੀਆਂ ਹਨ ਕਿ ਕੀ ਇਹ ਸੱਚ ਹੈ?

ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਦੀ ਥਾਂ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ : ਕਾਲਕਾ

PunjabKesari

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਆਪਣਾ ਇਕ ਵਫ਼ਦ ਵੀ ਇਸੇ ਦੋਸ਼ੀ ਰਿਪੁਦਮਨ ਸਿੰਘ ਮਲਿਕ ਕੋਲ ਭੇਜਿਆ ਗਿਆ ਸੀ, ਜਿਸ ਕਾਰਨ ਕੈਨੇਡਾ ਦੀਆਂ ਸਿੱਖ ਸੰਗਤਾਂ ’ਚ ਇਸ ਸਰਕਾਰੀ ਅਤੇ ਸਿਆਸੀ ਖੇਡ ਲਈ ਭਾਰੀ ਰੋਸ, ਗੁੱਸਾ, ਨਾਰਾਜ਼ਗੀ ਤੇ ਕਈ ਤਰ੍ਹਾਂ ਦੇ ਸਵਾਲ ਅਤੇ ਸ਼ੰਕੇ ਪੈਦਾ ਹੋਏ ਸਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਵਾਇਤ ਹੈ ਕਿ ਜਦੋਂ ਕਿਸੇ ਵੀ ਵਿਅਕਤੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਦੀ ਉਲੰਘਣਾ ਹੋਵੇ ਤਾਂ ਉਲੰਘਣਾ ਕਰਨ ਵਾਲੇ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਾਂਝ ਨਹੀਂ ਰੱਖੀ ਜਾ ਸਕਦੀ, ਜਿੰਨਾ ਚਿਰ ਉਹ ਆਪਣੀਆਂ ਕੀਤੀਆਂ ਹੋਈਆਂ ਭੁੱਲਾਂ-ਗਲਤੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਜਾਂ ਸਜ਼ਾ ਨਹੀਂ ਲਵਾ ਲੈਂਦਾ।

ਖ਼ਬਰ ਇਹ ਵੀ : ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਸਾਬਕਾ ਵਿਧਾਇਕ ਗ੍ਰਿਫ਼ਤਾਰ, ਉਥੇ ਚੰਨੀ 'ਤੇ ਵੀ ਲਟਕੀ ਤਲਵਾਰ, ਪੜ੍ਹੋ TOP 10

ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕਰਦਿਆਂ ਕਿਹਾ ਕਿ ਤੁਸੀਂ ਸਪੱਸ਼ਟ ਕਰੋ ਕਿ ਵਾਕਈ ਤੁਸੀਂ ਕੈਨੇਡਾ ਆ ਰਹੇ ਹੋ ਅਤੇ ਦੋਸ਼ੀ ਵਿਅਕਤੀਆਂ ਦੇ ਸੱਦੇ ’ਤੇ ਕੀ ਤੁਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਨੂੰ ਅੱਗੇ ਵਧਾਉਣ ਆ ਰਹੇ ਹੋ? ਕੀ ਕਾਰਨ ਹੈ ਕਿ ਤੁਸੀਂ ਕੈਨੇਡਾ ਦੀ ਸਿੱਖ ਸੰਗਤ ਅੱਗੇ ਗੁਰਦੁਆਰਾ ਸਾਹਿਬਾਨ ’ਚ ਨਹੀਂ ਆਉਣਾ ਚਾਹੁੰਦੇ? ਜੇ ਤੁਸੀਂ ਕੈਨੇਡਾ ਦੀ ਧਰਤੀ ’ਤੇ ਨਹੀਂ ਆ ਰਹੇ ਹੋ, ਫਿਰ ਤੁਸੀਂ ਕਦੋਂ ਰਿਪੁਦਮਨ ਸਿੰਘ ਮਲਿਕ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਕਰੋਗੇ?

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News