PoK 'ਚ ਹੰਗਾਮੇ ਕਾਰਨ ਪਾਕਿਸਤਾਨ ਸਰਕਾਰ ਗੋਡਿਆਂ ਭਾਰ, 23 ਅਰਬ ਰੁਪਏ ਦਾ ਫੰਡ ਕੀਤਾ ਜਾਰੀ
Tuesday, May 14, 2024 - 10:34 AM (IST)

ਇਸਲਾਮਾਬਾਦ (ਏ.ਐੱਨ.ਆਈ.)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿੱਚ ਵਧਦੀ ਮਹਿੰਗਾਈ ਨੂੰ ਲੈ ਕੇ ਲੋਕਾਂ ਦਾ ਗੁੱਸਾ ਸਿਖਰ 'ਤੇ ਹੈ। ਉੱਥੇ ਹਿੰਸਕ ਪ੍ਰਦਰਸ਼ਨਾਂ ਨੇ ਪਾਕਿਸਤਾਨ ਸਰਕਾਰ ਨੂੰ ਗੋਡਿਆਂ ਤੱਕ ਲਿਆ ਦਿੱਤਾ ਹੈ। ਸ਼ਹਿਬਾਜ਼ ਸ਼ਰੀਫ ਸਰਕਾਰ ਨੇ ਪੀ.ਓ.ਕੇ ਲਈ ਤੁਰੰਤ ਪ੍ਰਭਾਵ ਨਾਲ 23 ਅਰਬ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਥਾਨਕ ਸਰਕਾਰ ਨੇ ਬਿਜਲੀ ਦਰਾਂ ਅਤੇ ਰੋਟੀ ਦੀਆਂ ਕੀਮਤਾਂ ਵਿੱਚ ਵੀ ਕਟੌਤੀ ਦਾ ਐਲਾਨ ਕੀਤਾ ਹੈ। ਫਿਲਹਾਲ ਪੀ.ਓ.ਕੇ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਸ਼ੁੱਕਰਵਾਰ ਤੋਂ ਇਸ ਇਲਾਕੇ 'ਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਸੋਮਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਹੋਈਆਂ। ਮਰਨ ਵਾਲਿਆਂ ਦੀ ਗਿਣਤੀ ਤਿੰਨ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚ ਦੋ ਪ੍ਰਦਰਸ਼ਨਕਾਰੀ ਅਤੇ ਇੱਕ ਐਸ.ਆਈ. ਐਤਵਾਰ ਨੂੰ ਹੋਈ ਝੜਪ 'ਚ 100 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।
ਦਰਅਸਲ ਪਿਛਲੇ ਚਾਰ ਦਿਨਾਂ ਤੋਂ ਮਕਬੂਜ਼ਾ ਕਸ਼ਮੀਰ ਵਿੱਚ ਸਮਾਜ ਸੇਵੀਆਂ, ਕਾਰੋਬਾਰੀਆਂ ਅਤੇ ਵਕੀਲਾਂ ਵੱਲੋਂ ਬਣਾਈ ਗਈ ਸਾਂਝੀ ਅਵਾਮੀ ਐਕਸ਼ਨ ਕਮੇਟੀ ਨੇ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਅਤੇ ਟੈਕਸਾਂ ਵਿੱਚ ਵਾਧੇ ਖ਼ਿਲਾਫ਼ ਰਾਜਧਾਨੀ ਮੁਜ਼ੱਫਰਾਬਾਦ ਤੱਕ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਸੋਮਵਾਰ ਨੂੰ ਵੀ ਲੱਖਾਂ ਪ੍ਰਦਰਸ਼ਨਕਾਰੀਆਂ ਨੇ ਮੁਜ਼ੱਫਰਾਬਾਦ ਵੱਲ ਆਪਣਾ ਲਾਂਗ ਮਾਰਚ ਜਾਰੀ ਰੱਖਿਆ। ਪੁਲਸ ਨੇ ਮਾਰਚ ਨੂੰ ਰੋਕਣ ਲਈ ਤਾਕਤ ਦੀ ਵਰਤੋਂ ਕੀਤੀ, ਜਿਸ ਕਾਰਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਝੜਪਾਂ ਹੋਈਆਂ। ਐਤਵਾਰ ਨੂੰ ਭੀੜ ਵਿੱਚੋਂ ਕਿਸੇ ਨੇ ਪੁਲਸ ਐਸਆਈ ਅਦਨਾਨ ਕੁਰੈਸ਼ੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਝੜਪ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਪੁਲਸ ਮੁਲਾਜ਼ਮ ਸਨ। ਹੁਣ ਤੱਕ ਦੋ ਪ੍ਰਦਰਸ਼ਨਕਾਰੀਆਂ ਦੀ ਵੀ ਮੌਤ ਹੋ ਚੁੱਕੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਦੱਖਣੀ ਅਫਰੀਕਾ 'ਚ ਡਿੱਗੀ ਇਮਾਰਤ, ਮਰਨ ਵਾਲਿਆਂ ਦੀ ਗਿਣਤੀ ਹੋਈ 32
ਤੁਹਾਨੂੰ ਦੱਸ ਦੇਈਏ ਕਿ ਭਿੰਬਰ ਤੋਂ ਸ਼ੁਰੂ ਹੋਇਆ ਪ੍ਰਦਰਸ਼ਨਕਾਰੀਆਂ ਦਾ ਕਾਫਲਾ ਸੋਮਵਾਰ ਨੂੰ ਦਿਰਕੋਟ ਤੋਂ ਮੁਜ਼ੱਫਰਾਬਾਦ ਵਿੱਚ ਦਾਖਲ ਹੋਇਆ। ਇਹ ਪ੍ਰਦਰਸ਼ਨਕਾਰੀ ਮੁਜ਼ੱਫਰਾਬਾਦ ਵਿੱਚ ਵਿਧਾਨ ਸਭਾ ਦਾ ਘਿਰਾਓ ਕਰਨਗੇ। ਪੀ.ਓ.ਕੇ ਵਿੱਚ ਚੌਥੇ ਦਿਨ ਵੀ ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ ਬੰਦ ਰਹੀਆਂ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੀ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਲਈ ਸਰਗਰਮ ਹੋ ਗਏ ਹਨ। ਸ਼ਹਿਬਾਜ਼ ਨੇ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਸੋਮਵਾਰ ਨੂੰ ਪ੍ਰਦਰਸ਼ਨਕਾਰੀਆਂ ਅਤੇ ਸਥਾਨਕ ਸਰਕਾਰ ਨਾਲ ਗੱਲਬਾਤ ਤੋਂ ਬਾਅਦ, ਉਸਨੇ ਤੁਰੰਤ ਪ੍ਰਭਾਵ ਨਾਲ ਪੀ.ਓ.ਕੇ ਲਈ 23 ਅਰਬ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ।
ਪਾਕਿਸਤਾਨ ਸਰਕਾਰ ਨੇ ਤੁਰੰਤ ਬੁਲਾਈ ਮੀਟਿੰਗ, ਲਿਆ ਵੱਡਾ ਫ਼ੈਸਲਾ
ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਇੱਕ ਬਿਆਨ ਵਿੱਚ ਕਿਹਾ ਕਿ ਅਚਾਨਕ ਵਿਰੋਧ ਅਤੇ ਇਸ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਸ਼ਰੀਫ ਨੇ ਸੋਮਵਾਰ ਨੂੰ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪੀ.ਓ.ਕੇ ਦੇ ਪ੍ਰਧਾਨ ਮੰਤਰੀ ਚੌਧਰੀ ਅਨਵਾਰੁਲ ਹੱਕ, ਸਥਾਨਕ ਮੰਤਰੀਆਂ ਅਤੇ ਉੱਚ ਲੀਡਰਸ਼ਿਪ ਸ਼ਾਮਲ ਸਨ। ਇਸ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਸ਼ਰੀਫ ਨੇ ਪੀ.ਓ.ਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 23 ਅਰਬ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ। ਮੀਟਿੰਗ ਵਿੱਚ ਗਠਜੋੜ ਪਾਰਟੀਆਂ ਦੇ ਮੰਤਰੀਆਂ ਅਤੇ ਆਗੂਆਂ ਨੇ ਵੀ ਸ਼ਿਰਕਤ ਕੀਤੀ ਅਤੇ ਸਥਿਤੀ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਪੀ.ਐਮ.ਓ ਨੇ ਕਿਹਾ ਕਿ ਕਸ਼ਮੀਰ ਦੇ ਨੇਤਾਵਾਂ ਅਤੇ ਮੀਟਿੰਗ ਵਿੱਚ ਸ਼ਾਮਲ ਲੋਕਾਂ ਨੇ ਸ਼ਹਿਬਾਜ਼ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।