ਪਾਕਿਸਤਾਨ ''ਚ ਅੱਤਵਾਦੀ ਸੰਗਠਨਾਂ ''ਤੇ ਰੋਕ ਨਹੀਂ : ਬਿਲਾਵਲ ਭੁੱਟੋ

03/14/2019 12:09:37 PM

ਇਸਲਾਮਾਬਾਦ (ਬਿਊੁਰੋ)— ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਇਕ ਵਾਰ ਫਿਰ ਗਲੋਬਲ ਅੱਤਵਾਦੀ ਐਲਾਨੇ ਜਾਣ ਤੋਂ ਬਚ ਗਿਆ। ਇਸ ਮਗਰੋਂ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਚੇਅਰਮੈਨ ਅਤੇ ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਮੈਂਬਰ ਬਿਲਾਵਲ ਭੁੱਟੋ ਜ਼ਰਦਾਰੀ ਨੇ ਦੇਸ਼ ਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿਚ ਅੱਤਵਾਦੀ ਸੰਗਠਨ ਸ਼ਰੇਆਮ ਕੰਮ ਕਰ ਰਹੇ ਹਨ। ਬਿਲਾਵਲ ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਬੇਨਜ਼ੀਰ ਭੁੱਟੋ ਅਤੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੇ ਬੇਟੇ ਹਨ। 

ਉਨ੍ਹਾਂ ਨੇ ਇਮਰਾਨ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਦੂਜੇ ਦੇਸ਼ਾਂ 'ਤੇ ਹਮਲਾ ਕਰਨ ਵਾਲੇ ਅੱਤਵਾਦੀ ਸ਼ਰੇਆਮ ਕਿਉਂ ਘੁੰਮ ਰਹੇ ਹਨ। ਉਨ੍ਹਾਂ ਨੇ ਸਿੰਧ ਵਿਧਾਨ ਸਭਾ ਵਿਚ ਬੁੱਧਵਾਰ ਨੂੰ ਪੱਤਰਕਾਰਾਂ ਨੂੰ ਇਹ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿਚ ਕੰਮ ਕਰ ਰਹੇ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਨਾ ਕੀਤੇ ਜਾਣ ਕਾਰਨ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸਜ਼ਾ ਭੁਗਤਣੀ ਪਈ। ਇਹ ਅੱਤਵਾਦੀ ਸੰਗਠਨ ਪਾਕਿਸਤਾਨ ਵਿਚ ਬੱਚਿਆਂ ਨੂੰ ਮਾਰ ਰਹੇ ਹਨ ਅਤੇ ਵਿਦੇਸ਼ੀ ਧਰਤੀ 'ਤੇ ਹਮਲੇ ਕਰ ਰਹੇ ਹਨ। ਇਸ ਦੀ ਸਜ਼ਾ ਪੂਰਾ ਪਾਕਿਸਤਾਨ ਭੁਗਤ ਰਿਹਾ ਹੈ। 

ਬਿਲਾਵਲ ਭੁੱਟੋ ਨੇ ਇਹ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਵਿਚ ਤਿੰਨ ਮੰਤਰੀ ਅਜਿਹੇ ਹਨ ਜਿਨ੍ਹਾਂ ਦੇ ਸੰਪਰਕ ਪਾਬੰਦੀਸ਼ੁਦਾ ਸੰਗਠਨਾਂ ਨਾਲ ਹਨ।

Vandana

This news is Content Editor Vandana