ਪਾਕਿਸਤਾਨ : ਇਮਰਾਨ ਖਾਨ ਨੂੰ ਦੂਜੇ ਤੋਸ਼ਾਖਾਨਾ ਕੇਸ ''ਚ ਮਿਲੀ ਜ਼ਮਾਨਤ
Wednesday, Nov 20, 2024 - 09:36 PM (IST)
ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੀ ਇਕ ਹਾਈ ਕੋਰਟ ਨੇ ਬੁੱਧਵਾਰ ਨੂੰ ਦੂਜੇ ਤੋਸ਼ਾਖਾਨਾ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸਲਾਮਾਬਾਦ ਹਾਈ ਕੋਰਟ (ਆਈਐੱਚਸੀ) ਦੇ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਨੇ ਸੁਣਵਾਈ ਪੂਰੀ ਕਰਨ ਤੋਂ ਬਾਅਦ ਖਾਨ ਦੀ ਜ਼ਮਾਨਤ ਪਟੀਸ਼ਨ ਨੂੰ ਪਾਕਿਸਤਾਨੀ 10-10 ਲੱਖ ਰੁਪਏ ਦੇ ਦੋ ਬਾਂਡ ਭਰਨ ਦੀ ਸ਼ਰਤ 'ਤੇ ਮਨਜ਼ੂਰੀ ਦੇ ਦਿੱਤੀ।
ਖਾਨ (72) ਨੂੰ 5 ਅਗਸਤ, 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਉਹ ਜੇਲ੍ਹ 'ਚ ਹੈ। ਇਹ ਤੁਰੰਤ ਸਪੱਸ਼ਟ ਨਹੀਂ ਹੈ ਕਿ ਹੁਣ ਉਸ ਨੂੰ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪਾਕਿਸਤਾਨ ਦੀ ਇਕ ਅਦਾਲਤ ਨੇ ਤੋਸ਼ਾਖਾਨਾ-2 ਮਾਮਲੇ 'ਚ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਬਰੀ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਤੋਸ਼ਾਖਾਨਾ 2.0 ਦੇ ਨਾਂ ਨਾਲ ਜਾਣਿਆ ਜਾਂਦਾ ਇਹ ਕੇਸ ਦੋਸ਼ਾਂ 'ਤੇ ਆਧਾਰਿਤ ਹੈ ਕਿ ਖਾਨ ਅਤੇ ਉਸ ਦੀ ਪਤਨੀ ਨੇ ਨਿਯਮਾਂ ਦੀ ਉਲੰਘਣਾ ਕਰਕੇ ਸਰਕਾਰੀ ਤੋਹਫ਼ੇ ਰਿਆਇਤੀ ਕੀਮਤਾਂ 'ਤੇ ਰੱਖੇ ਅਤੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ।
ਜੱਜ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਖਾਨ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਹੇਠਲੀ ਅਦਾਲਤ ਵਿਚ ਪੇਸ਼ ਹੋਣ ਦਾ ਵੀ ਹੁਕਮ ਦਿੱਤਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਹ ਅਦਾਲਤ ਦਾ ਸਹਿਯੋਗ ਨਹੀਂ ਕਰਦਾ ਤਾਂ ਉਸ ਦੀ ਜ਼ਮਾਨਤ ਰੱਦ ਹੋ ਸਕਦੀ ਹੈ। ਖਾਨ ਅਤੇ ਉਸਦੀ ਪਤਨੀ ਬੁਸ਼ਰਾ ਬੀਬੀ ਨੂੰ ਇਸ ਮਾਮਲੇ ਵਿੱਚ 13 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸੇ ਦਿਨ ਇਦਤ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ। ਬੀਬੀ ਨੂੰ ਇਸਲਾਮਾਬਾਦ ਹਾਈ ਕੋਰਟ ਨੇ 24 ਅਕਤੂਬਰ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਉਸ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। 2022 ਵਿੱਚ ਬੇਭਰੋਸਗੀ ਮਤੇ ਰਾਹੀਂ ਉਸਦੀ ਸਰਕਾਰ ਡਿੱਗਣ ਤੋਂ ਬਾਅਦ ਖਾਨ ਦਰਜਨਾਂ ਮਾਮਲਿਆਂ ਵਿੱਚ ਫਸੇ ਹੋਏ ਹਨ।