ਮੁਸ਼ੱਰਫ ਨੇ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਸੁਪਰੀਮ ਕੋਰਟ ''ਚ ਦਿੱਤੀ ਚੁਣੌਤੀ

01/16/2020 3:57:00 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਸਾਬਕਾ ਮਿਲਟਰੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਨੇ ਇਕ ਵਿਸ਼ੇਸ਼ ਟ੍ਰਿਬਿਊਨਲ ਦੇ ਉਸ ਫੈਸਲੇ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਜਿਸ ਵਿਚ ਉਹਨਾਂ ਨੂੰ ਰਾਜਧ੍ਰੋਹ ਦਾ ਦੋਸ਼ੀ ਠਹਿਰਾਉਂਦੇ ਹੋਏ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਨੇ ਸਾਬਕਾ ਫੌਜ ਮੁਖੀ ਵਿਰੁੱਧ 2013 ਵਿਚ ਰਾਜਧ੍ਰੋਹ ਦਾ ਮਾਮਲਾ ਦਾਇਰ ਕੀਤਾ ਸੀ।

ਇਨੀ ਦਿਨੀਂ ਦੁਬਈ ਵਿਚ ਰਹਿ ਰਹੇ ਮੁਸ਼ੱਰਫ 'ਤੇ ਦੋਸ਼ ਹੈ ਕਿ ਉਹਨਾਂ ਨੇ ਨਵੰਬਰ 2007 ਵਿਚ ਸੰਵਿਧਾਨ ਨੂੰ ਮੁਅੱਤਲ ਕਰਦੇ ਹੋਏ ਐਮਰਜੈਂਸੀ ਲਗਾਈ ਸੀ। ਇਸ ਕਾਰਨ ਉੱਚੀਆਂ ਅਦਾਲਤਾਂ ਦੇ ਕਈ ਜੱਜਾਂ ਨੂੰ ਉਹਨਾਂ ਦੇ ਘਰਾਂ ਵਿਚ ਬੰਦ ਕਰ ਦਿੱਤਾ ਗਿਆ ਅਤੇ 100 ਤੋਂ ਵੱਧ ਜੱਜਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਇਸਲਾਮਾਬਾਦ ਦੀ ਵਿਸ਼ੇਸ ਅਦਾਲਤ ਨੇ ਪਿਛਲੇ ਸਾਲ 17 ਦਸੰਬਰ ਨੂੰ 74 ਸਾਲਾ ਰਿਟਾਇਟਡ ਜਨਰਲ ਨੂੰ ਰਾਜਧ੍ਰੋਹ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਸੀ। ਭਾਵੇਂਕਿ ਸੋਮਵਾਰ ਨੂੰ ਰਾਜਧ੍ਰੋਹ ਮਾਮਲੇ ਵਿਚ ਮੁਸ਼ੱਰਫ ਦੇ ਮੁਕੱਦਮੇ ਨੂੰ ਗੈਰ ਸੰਵਿਧਾਨਿਕ ਐਲਾਨਿਆ ਗਿਆ, ਜਿਸ ਵਿਚ ਸਾਬਕਾ ਫੌਜ ਮੁਖੀ ਨੂੰ  ਮੌਤ ਦੀ ਸਜ਼ਾ ਸੁਣਾਈ ਗਈ ਸੀ। 

ਡਾਨ ਅਖਬਾਰ ਦੇ ਮੁਤਾਬਕ 90 ਸਫਿਆਂ ਦੀ ਅਪੀਲ ਵਿਚ ਮੁਸ਼ੱਰਫ ਨੇ ਵਿਸ਼ੇਸ਼ ਅਦਾਲਤ ਦੇ ਆਦੇਸ਼ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਵਿਚ ਅਦਾਲਤ ਤੋਂ ਹੋਰ ਉਚਿਤ ਰਾਹਤ ਦਿੱਤੇ ਜਾਣ ਦੀ ਅਪੀਲ ਕੀਤੀ ਗਈ। ਐਕਸਪ੍ਰੈੱਸ ਟ੍ਰਿਬਿਊਨ ਦੇ ਮੁਤਾਬਕ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਵਿਸ਼ੇਸ਼ ਅਦਾਲਤ ਵਿਚ ਸਾਬਕਾ ਰਾਸ਼ਟਰਪਤੀ ਦੀ ਗੌਰ ਮੌਜੂਦਗੀ ਜਾਣਬੁੱਝ ਕੇ ਨਹੀਂ ਸੀ ਅਤੇ ਉਹ ਬੀਮਾਰੀ ਦੇ ਕਾਰਨ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ ਸਨ। ਇਸ ਵਿਚ ਕਿਹਾ ਗਿਆ ਹੈ ਕਿ ਵਿਸ਼ੇਸ਼ ਅਦਾਲਤ ਨੇ ਮੁਸ਼ੱਰਫ ਦੀ ਬੀਮਾਰੀ ਨੂੰ ਸਵੀਕਾਰ ਕਰ ਲਿਆ ਸੀ ਪਰ ਸਾਬਕਾ ਰਾਸ਼ਟਰਪਤੀ ਨੂੰ ਉਹਨਾਂ ਦੀ ਗੈਰ ਮੌਜੂਦਗੀ ਵਿਚ ਹੀ ਦੋਸ਼ੀ ਠਹਿਰਾ ਦਿੱਤਾ।


Vandana

Content Editor

Related News