US-ਈਰਾਨ ਗੱਲਬਾਤ ਲਈ ਪਾਕਿ ਦੀ ਵੱਡੀ ਪਹਿਲ; ਸ਼ਹਿਬਾਜ਼ ਸ਼ਰੀਫ਼ ਨੇ ਈਰਾਨ ਤੇ ਕਤਰ ਦੇ ਨੇਤਾਵਾਂ ਨਾਲ ਕੀਤੀ ਚਰਚਾ
Sunday, Jul 12, 2026 - 12:39 PM (IST)
ਇਸਲਾਮਾਬਾਦ (ਏਜੰਸੀ) – ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਨੇ ਅਮਰੀਕਾ ਤੇ ਈਰਾਨ ਵਿਚਾਲੇ ਰੁਕੀ ਹੋਈ ਗੱਲਬਾਤ ਨੂੰ ਮੁੜ ਪਟੜੀ ’ਤੇ ਲਿਆਉਣ ਦੀ ਕੂਟਨੀਤਕ ਪਹਿਲ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਅਤੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਵੱਖ-ਵੱਖ ਗੱਲਬਾਤ ਕਰ ਕੇ ਖੇਤਰੀ ਸ਼ਾਂਤੀ ਤੇ ਸੰਵਾਦ ’ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ ਸ਼ਰੀਫ਼ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਵਿਚ ਹਾਲੀਆ ਤਣਾਅ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਖੇਤਰ ਵਿਚ ਸ਼ਾਂਤੀ ਤੇ ਸਥਿਰਤਾ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਬਚਣ ਦੀ ਅਪੀਲ ਕੀਤੀ, ਜਿਸ ਨਾਲ ਸ਼ਾਂਤੀ ਯਤਨਾਂ ਨੂੰ ਨੁਕਸਾਨ ਪਹੁੰਚੇ।
ਸ਼ਰੀਫ਼ ਨੇ ਇਸਲਾਮਾਬਾਦ ਸਮਝੌਤਾ ਮੰਗ-ਪੱਤਰ ਤਹਿਤ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਨ ਦੀ ਲੋੜ ਦੁਹਰਾਈ ਅਤੇ ਕਿਹਾ ਕਿ ਪਾਕਿਸਤਾਨ ਗੱਲਬਾਤ ਨੂੰ ਅੱਗੇ ਵਧਾਉਣ ਅਤੇ ਖੇਤਰ ਵਿਚ ਸਥਾਈ ਸ਼ਾਂਤੀ ਸਥਾਪਤ ਕਰਨ ਵਾਸਤੇ ਰਚਨਾਤਮਕ ਭੂਮਿਕਾ ਨਿਭਾਉਣ ਲਈ ਤਿਆਰ ਹੈ।
ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਈਰਾਨ ਦੇ ਸਵਰਗੀ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ’ਤੇ ਪਾਕਿਸਤਾਨ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਖੇਤਰੀ ਸਥਿਰਤਾ ਲਈ ਪਾਕਿਸਤਾਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਦੋਵਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਰਾਬਤਾ ਬਣਾਈ ਰੱਖਣ ’ਤੇ ਵੀ ਸਹਿਮਤੀ ਜਤਾਈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਤਰ ਦੇ ਅਮੀਰ ਨਾਲ ਵੀ ਫ਼ੋਨ ’ਤੇ ਗੱਲਬਾਤ ਕੀਤੀ।
