ਪਾਕਿਸਤਾਨ ਦੀ ਪੰਜਾਬ ਪੁਲਸ ਨੇ ਪਾਬੰਦੀਸ਼ੁਦਾ ਸੰਗਠਨ TTP ਦੇ 49 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ
Saturday, Jan 17, 2026 - 04:35 PM (IST)
ਲਾਹੌਰ (ਏਜੰਸੀ) - ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪੁਲਸ ਨੇ ਅੱਤਵਾਦ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਸ ਦੇ ਅਨੁਸਾਰ, ਪਿਛਲੇ 30 ਦਿਨਾਂ ਦੌਰਾਨ ਚਲਾਈਆਂ ਗਈਆਂ ਵੱਖ-ਵੱਖ ਮੁਹਿੰਮਾਂ ਵਿੱਚ ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਦੇ 49 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਕਾਊਂਟਰ ਟੈਰੋਰਿਜ਼ਮ ਡਿਪਾਰਟਮੈਂਟ (CTD) ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 425 ਖੁਫੀਆ ਜਾਣਕਾਰੀ ਅਧਾਰਤ ਆਪਰੇਸ਼ਨ ਚਲਾਏ ਗਏ ਸਨ। ਇਨ੍ਹਾਂ ਕਾਰਵਾਈਆਂ ਦੌਰਾਨ 427 ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਹਥਿਆਰਾਂ ਅਤੇ ਵਿਸਫੋਟਕਾਂ ਸਮੇਤ 49 ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਨੇ ਵੱਖ-ਵੱਖ ਸ਼ਹਿਰਾਂ ਵਿੱਚ ਅਹਿਮ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਇਨ੍ਹਾਂ ਖਿਲਾਫ ਹੁਣ ਤੱਕ 44 ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।
ਬਰਾਮਦ ਹੋਇਆ ਖ਼ਤਰਨਾਕ ਸਾਮਾਨ
ਪੁਲਸ ਨੇ ਅੱਤਵਾਦੀਆਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਮਾਰੂ ਸਮੱਗਰੀ ਬਰਾਮਦ ਕੀਤੀ ਹੈ, ਜਿਸ ਵਿੱਚ 16,480 ਗ੍ਰਾਮ ਵਿਸਫੋਟਕ, 2 ਹੈਂਡ ਗ੍ਰਨੇਡ ਅਤੇ 36 ਡੈਟੋਨੇਟਰ, 58 ਫੁੱਟ ਸੇਫਟੀ ਫਿਊਜ਼ ਵਾਇਰ, 6 IED ਬੰਬ ਅਤੇ ਪਾਬੰਦੀਸ਼ੁਦਾ ਸਾਹਿਤ ਬਰਾਮਦ ਕੀਤਾ ਹੈ।
ਬਿਨਾਂ ਸਬੂਤ ਭਾਰਤ 'ਤੇ ਲਗਾਏ ਇਲਜ਼ਾਮ
ਸੀ.ਟੀ.ਡੀ. (CTD) ਨੇ ਆਪਣੇ ਬਿਆਨ ਵਿੱਚ ਇਹ ਵੀ ਦਾਅਵਾ ਕੀਤਾ ਹੈ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਵਿੱਚੋਂ ਇੱਕ ਭਾਰਤੀ ਖੁਫੀਆ ਏਜੰਸੀ ਲਈ ਕੰਮ ਕਰ ਰਿਹਾ ਸੀ, ਹਾਲਾਂਕਿ ਪੁਲਸ ਵੱਲੋਂ ਇਸ ਸਬੰਧੀ ਕੋਈ ਵੀ ਪੁਖਤਾ ਸਬੂਤ ਪੇਸ਼ ਨਹੀਂ ਕੀਤਾ ਗਿਆ।
