ਹਿੰਦੂ-ਸਿੱਖ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ, ਲਹਿੰਦੇ ਪੰਜਾਬ ਦੀ ਸਰਕਾਰ ਦਾ ਐਲਾਨ

Wednesday, Oct 23, 2024 - 05:33 PM (IST)

ਹਿੰਦੂ-ਸਿੱਖ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ, ਲਹਿੰਦੇ ਪੰਜਾਬ ਦੀ ਸਰਕਾਰ ਦਾ ਐਲਾਨ

ਲਾਹੌਰ : ਪਾਕਿਸਤਾਨ ਦੀ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਮੌਕੇ ਸੂਬੇ ਦੇ 2,200 ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ 10,000 ਰੁਪਏ ਦੇਵੇਗੀ। ਪਾਕਿਸਤਾਨ ਦੀ ਪੰਜਾਬ ਸਰਕਾਰ ਸੂਬੇ ਦੇ 2,200 ਸਿੱਖ ਅਤੇ ਹਿੰਦੂ ਪਰਿਵਾਰਾਂ ਲਈ 'ਤਿਉਹਾਰ ਕਾਰਡ' ਜਾਰੀ ਕਰੇਗੀ ਜਿਸ ਤਹਿਤ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਦੇ ਮੌਕੇ 'ਤੇ 10,000 ਪਾਕਿਸਤਾਨੀ ਰੁਪਏ (ਲਗਭਗ 3,000 ਰੁਪਏ) ਦਿੱਤੇ ਜਾਣਗੇ।

ਅਧਿਕਾਰੀਆਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅਗਲੇ ਮਹੀਨੇ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਬੁੱਧਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸਬੰਧਤ ਅਧਿਕਾਰੀਆਂ ਨੂੰ 'ਸਾਡੇ ਹਿੰਦੂ ਤੇ ਸਿੱਖ ਭਰਾਵਾਂ' ਨੂੰ ਤਿਉਹਾਰ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਮੰਤਰੀ ਮੰਡਲ ਨੇ 2,200 ਸਿੱਖ ਤੇ ਹਿੰਦੂ ਪਰਿਵਾਰਾਂ ਲਈ 'ਫੈਸਟੀਵਲ ਕਾਰਡ' ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਉਨ੍ਹਾਂ ਦੇ ਧਾਰਮਿਕ ਤਿਉਹਾਰ ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਜੋ ਅਗਲੇ ਮਹੀਨੇ ਆ ਰਿਹਾ ਹੈ) ਅਤੇ ਦੀਵਾਲੀ ਮਨਾਉਣ ਲਈ 10,000 ਰੁਪਏ ਦਿੱਤੇ ਜਾਣਗੇ। ਇਸ ਸਾਲ ਤੋਂ ਸ਼ੁਰੂ ਹੋ ਕੇ, ਹਰ ਸਾਲ ਇਨ੍ਹਾਂ 2,200 ਪਰਿਵਾਰਾਂ ਨੂੰ ਤਿਉਹਾਰ ਕਾਰਡ ਤਹਿਤ ਪੈਸੇ ਦਿੱਤੇ ਜਾਣਗੇ।

ਇਸ ਦੌਰਾਨ, ਵਿਦੇਸ਼ੀ ਸ਼ਰਧਾਲੂਆਂ ਲਈ ਵੀਜ਼ਾ ਜਾਰੀ ਕਰਨ ਦੀ ਸਹੂਲਤ ਲਈ ਇੱਕ ਵੀਜ਼ਾ ਆਟੋਮੇਸ਼ਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ, ਜਿਸ 'ਚ ਭਾਰਤ ਦੇ 3,000 ਤੋਂ ਵੱਧ ਸਿੱਖ ਸ਼ਰਧਾਲੂ ਅਤੇ ਹੋਰ ਦੇਸ਼ਾਂ ਤੋਂ 1,000 ਤੋਂ ਵੱਧ ਸਿੱਖ ਸ਼ਰਧਾਲੂ ਸ਼ਾਮਲ ਹਨ, ਜਿਨ੍ਹਾਂ ਦੇ ਅਗਲੇ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇੱਥੇ ਆਉਣ ਦੀ ਸੰਭਾਵਨਾ ਹੈ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਵਧੀਕ ਸਕੱਤਰ ਸ਼ਰਾਈਨਜ਼ ਸੈਫੁੱਲਾ ਖੋਖਰ ਨੇ ਇਸ ਬਾਰੇ ਜਾਣਕਾਰੀ ਦਿੱਤੀ।

ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਦੇਣ ਤੋਂ ਇਲਾਵਾ ਸਿੱਖ ਸ਼ਰਧਾਲੂਆਂ ਲਈ ਆਵਾਜਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੋਰਡ ਦੇ 100 ਸੁਰੱਖਿਆ ਗਾਰਡਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।

ਖੋਖਰ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧਾਂ 'ਤੇ ਨੇੜਿਓਂ ਨਜ਼ਰ ਰੱਖੀ ਜਾਵੇਗੀ ਕਿ ਸ਼ਰਧਾਲੂਆਂ ਦੀ ਮਹਿਮਾਨਨਿਵਾਜ਼ੀ 'ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਖੋਖਰ ਨੇ ਕਿਹਾ ਕਿ ਭਾਰਤ ਤੋਂ ਸਿੱਖ ਸ਼ਰਧਾਲੂਆਂ ਦੇ 14 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣ ਦੀ ਉਮੀਦ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ 15 ਨਵੰਬਰ ਨੂੰ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਹੋਵੇਗਾ।

ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ 'ਚ ‘ਪ੍ਰਕਾਸ਼ ਪੁਰਬ’ (ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ) ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਵਧੀਆ ਰਿਹਾਇਸ਼, ਆਵਾਜਾਈ ਅਤੇ ਭੋਜਨ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।


author

Baljit Singh

Content Editor

Related News