ਪਾਕਿ ਪੀ.ਐੱਮ. 8 ਨਵੰਬਰ ਨੂੰ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
Thursday, Jul 04, 2019 - 01:37 PM (IST)

ਇਸਲਾਮਾਬਾਦ (ਏਜੰਸੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਕਰਤਾਰਪੁਰ ਸਾਹਿਬ) ਤੇ ਡੇਰਾ ਬਾਬਾ ਨਾਨਕ ਨੂੰ ਜੋੜਨ ਲਈ ਉਸਾਰੇ ਜਾ ਰਹੇ ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 8 ਨਵੰਬਰ ਨੂੰ ਕਰਨਗੇ। 9 ਨਵੰਬਰ ਨੂੰ ਭਾਰਤ ਵੱਲੋਂ ਲਾਂਘੇ ਰਾਹੀਂ ਪਹਿਲਾ ਜਥਾ ਪਾਕਿਸਤਾਨ ਪੁੱਜੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਦਾਰ ਤਾਰਾ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 10 ਤੋਂ 12 ਨਵੰਬਰ ਤੱਕ ਰੱਖੇ ਜਾਣਗੇ, ਜਿਸ ਵਿਚ ਭਾਰਤ ਸਮੇਤ ਹੋਰਨਾਂ ਦੇਸ਼ਾਂ ਤੋਂ ਲੱਗਭਗ ਇਕ ਲੱਖ ਸ਼ਰਧਾਲੂ ਸ਼ਾਮਲ ਹੋਣਗੇ।
ਇਸ ਦੇ ਬਾਅਦ ਇਕ ਦਿਨ ਲਈ ਯਾਤਰੀਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਠਹਿਰਾਇਆ ਜਾਵੇਗਾ। ਸਰਦਾਰ ਤਾਰਾ ਸਿੰਘ ਮੁਤਾਬਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਬਗੈਰ ਵੀਜ਼ਾ ਦੇ ਦਰਸ਼ਨਾਂ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਪੀ.ਐੱਸ.ਜੀ.ਪੀ.ਸੀ. ਵੱਲੋਂ ਇਹ ਵੀ ਉਪਰਾਲੇ ਕੀਤੇ ਜਾ ਰਹੇ ਹਨ ਕਿ ਲਾਂਘਾ ਦੇ ਨਾਲ ਹੀ ਸ੍ਰੀ ਨਨਕਾਣਾ ਸਾਹਿਬ ਨੂੰ ਵੀ ਜੋੜਿਆ ਜਾਵੇ ਤਾਂ ਜੋ ਭਾਰਤ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਅਗਲੇ ਦਿਨ ਬਿਨਾਂ ਵੀਜ਼ਾ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਵੀ ਦਰਸ਼ਨ ਕਰ ਸਕੇ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਬਾਰੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਪੀ.ਐੱਮ. ਪਾਸੋਂ ਮੰਗ ਹੋ ਚੁੱਕੀ ਹੈ ਅਤੇ ਇਸ ਦੀ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਵੀ ਸਲਾਹ ਮਸ਼ਵਰਾ ਲਿਆ ਜਾਵੇਗਾ ਅਤੇ ਨਾਲ ਹੀ ਇਸ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਹੋਰ ਬਿਹਤਰ ਬਣਾਉਣ ਦਾ ਉਪਰਾਲਾ ਕੀਤਾ ਜਾਵੇਗਾ।
ਤਾਰਾ ਸਿੰਘ ਮੁਤਾਬਕ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਰਟਰ ਰੂਪ ਸਿੰਘ, ਮੈਂਬਰ ਗੁਰਮੀਤ ਸਿੰਘ ਬੂਹ ਅਤੇ ਸਰਦਾਰ ਤਰਨਜੀਤ ਸਿੰਘ ਆਦਿ ਨਾਲ ਬੈਠਕ ਕਰ ਕੇ ਉਨ੍ਹਾਂ ਨੂੰ ਪੂਰਾ ਨਵੰਬਰ ਮਹੀਨਾ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਕਥਾਵਾਚਕ ਤੇ ਰਾਗੀ ਜਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਭੇਜੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਦੇਸ਼-ਵਿਦੇਸ਼ ਤੋਂ ਪਾਕਿਸਤਾਨ ਪਹੁੰਚੀ ਸੰਗਤ ਇਲਾਹੀ ਬਾਣੀ ਤੇ ਗੁਰਬਾਣੀ ਦੇ ਰਸ਼ਭਿੰਨੇ ਕੀਰਤਨ ਨਾਲ ਨਿਹਾਲ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਮਰਾਨ ਖਾਨ ਵੱਲੋਂ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਕਮੇਟੀ ਤਿਆਰਾ ਕੀਤੀ ਗਈ ਹੈ ਜੋ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਦੀ ਰਿਹਾਇਸ਼, ਸੁਰੱਖਿਆ ਆਦਿ ਦੇ ਪ੍ਰਬੰਧ ਕਰੇਗੀ।
ਇਸ ਦੇ ਇਲਾਵਾ ਭਾਰਤ ਤੇ ਹੋਰਨਾਂ ਦੇਸ਼ਾਂ ਤੋਂ ਆਉਣ ਵਾਲੇ ਜਥਿਆਂ ਦੇ ਵੀਜ਼ਾ ਪ੍ਰਬੰਧਾਂ ਲਈ ਇਕ ਵੱਖਰੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ 550ਵਾਂ ਪ੍ਰਕਾਸ਼ ਪੁਰਬ ਪਹਿਲਾ ਅਜਿਹਾ ਮੌਕਾ ਹੋਵੇਗਾ ਜਦੋਂ ਦੇਸ਼-ਵਿਦੇਸ਼ ਦੇ ਸਿੱਖ ਸੰਗਠਨ ਇਕ ਮੰਚ 'ਤੇ ਹੋਣਗੇ। ਇਸ ਮੌਕੇ ਨਾਨਕਸ਼ਾਹੀ ਕੈਲੰਡਰ ਸਮੇਤ ਕਈ ਮਾਮਲਿਆਂ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਿਆ ਜਾਵੇਗਾ।