SGPC ਵੱਲੋਂ ਇਮਰਾਨ ਨੂੰ ਨਗਰ ਕੀਰਤਨ 'ਚ ਸ਼ਾਮਲ ਹੋਣ ਦਾ ਸੱਦਾ

07/10/2019 12:24:51 PM

ਇਸਲਾਮਾਬਾਦ (ਏਜੰਸੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਐੱਸ.ਜੀ.ਪੀ.ਸੀ. ਪ੍ਰਧਾਨ ਗੋਵਿੰਦ ਸਿੰਘ ਲੋਂਗੋਵਾਲ ਨੇ ਪਾਕਿਸਤਾਨ ਗੁਰਦੁਰਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਦਾ ਪੱਤਰ ਭੇਜਿਆ ਹੈ। ਨਾਲ ਹੀ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ, ਮੁੱਖ ਮੰਤਰੀ ਸਰਦਾਰ ਉਸਮਾਨ ਅਹਿਮਦ ਖਾਨ ਬੁਜ਼ਦਾਰ, ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਪੱਤਰ ਲਿਖਿਆ ਹੈ।

ਲੋਂਗੋਵਾਲ ਨੇ ਦੱਸਿਆ ਕਿ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਕੱਢਿਆ ਜਾਣ ਵਾਲਾ ਵਿਸ਼ਾਲ ਨਗਰ ਕੀਰਤਨ 26 ਜੁਲਾਈ ਨੂੰ ਭਾਰਤ ਸਥਿਤ ਅਟਾਰੀ ਵਾਹਗਾ ਬਾਰਡਰ ਪੁੱਜੇਗਾ। ਨਗਰ ਕੀਰਤਨ ਲਈ ਪਾਕਿਸਤਾਨ ਵਿਚ ਰਾਗੀ ਜਥੇ, ਨਿਸ਼ਾਨਚੀ, ਨਗਾਰਾ ਪ੍ਰਬੰਧਕ ਅਤੇ ਹੋਰ ਟੀਮਾਂ ਭੇਜੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਬੰਧੀ ਵੀਜ਼ਾ ਪ੍ਰਕਿਰਿਆ ਲਈ ਪਹਿਲੀ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਮੈਂਬਰ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ, ਚੀਫ਼ ਖ਼ਾਲਸਾ ਦੀਵਾਨ, ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਕੈਪਟਨ ਨੂੰ ਅਟਾਰੀ ਸੀਮਾ 'ਤੇ ਸਵਾਗਤ ਲਈ ਪੱਤਰ
ਲੋਂਗੋਵਾਲ ਨੇ ਦੱਸਿਆ ਕਿ ਐੱਸ.ਜੀ.ਪੀ.ਸੀ. ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਰ ਅਮਰਿੰਦਰ ਸਿੰਘ ਨੂੰ ਵੀ ਸੱਦਾ ਪੱਤਰ ਭੇਜਿਆ ਹੈ। ਮੰਗਲਵਾਰ ਨੂੰ ਕੈਪਟਨ ਨੂੰ ਭੇਜੇ ਗਏ ਪੱਤਰ ਵਿਚ ਲੋਂਗੋਵਾਲ ਨੇ ਅਪੀਲ ਕੀਤੀ ਕਿ ਉਹ ਅਟਾਰੀ ਸੀਮਾ 'ਤੇ ਨਗਰ ਕੀਰਤਨ ਦਾ ਸਵਾਗਤ ਖੁਦ ਕਰਨ।

Vandana

This news is Content Editor Vandana