ਇਮਰਾਨ ਨੇ ਦਿੱਤਾ ਸਿੱਧੂ ਨੂੰ ਵਿਸ਼ੇਸ਼ ਮਾਣ

11/09/2019 3:52:45 PM

ਇਸਲਾਮਾਬਾਦ /ਡੇਰਾ ਬਾਬਾ ਨਾਨਕ (ਬਿਊਰੋ): ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਸ਼ਨੀਵਾਰ ਨੂੰ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਪਹੁੰਚ ਚੁੱਕਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਥੇ ਪਹੁੰਚੇ ਜਥੇ ਦਾ ਨਿੱਘਾ ਸਵਾਗਤ ਕੀਤਾ। ਮੀਡੀਆ ਖਬਰਾਂ ਮੁਤਾਬਕ ਇਮਰਾਨ ਖਾਨ ਸਭ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਜੱਫੀ ਪਾ ਕੇ ਮਿਲੇ। ਫਿਰ ਡਾਕਟਰ ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ। ਸਿੱਧੂ ਨਾਲ ਗੱਲਬਾਤ ਕਰਦਿਆਂ ਇਮਰਾਨ ਖਾਨ ਉਨ੍ਹਾਂ ਨੂੰ ਆਪਣੇ ਨਾਲ ਲੈ ਕੇ ਚੱਲੇ। ਕੁਝ ਪਲਾਂ ਵਿਚ ਇਮਰਾਨ ਖਾਨ ਰਸਮੀ ਤੌਰ 'ਤੇ ਉਦਘਾਟਨ ਕਰਨਗੇ। ਇਸ ਮਗਰੋਂ ਸੰਗਤ ਨੂੰ ਸੰਬੋਧਨ ਕਰਨਗੇ

ਇਸ ਤੋਂ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕੋਰੀਡੋਰ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਦੇ ਬਾਅਦ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ਕੀਤਾ ਗਿਆ। ਇੱਥੇ ਪਹੁੰਚੇ ਪਹਿਲੇ ਜਥੇ ਵਿਚ ਕੈਪਟਨ ਅਮਰਿੰਦਰ ਸਿੰਘ, ਡਾਕਟਰ ਮਨਮੋਹਨ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਨਵਜੋਤ ਸਿੰਘ ਸਿੱਧੂ,  ਐੱਮ.ਪੀ. ਹਰਸਿਮਰਤ ਕੌਰ ਬਾਦਲ, ਸੀਨੀਅਰ ਐਡਵੋਕੇਟ ਐੱਚ. ਐੱਸ. ਫੂਲਕਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹਨ। ਲਾਂਘਾ ਖੁੱਲ੍ਹ ਜਾਣ ਨਾਲ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। 

ਇੱਥੇ ਦੱਸ ਦਈਏ ਕਿ ਪਿਛਲੇ 72 ਸਾਲਾਂ ਤੋਂ ਸ਼ਰਧਾਲੂਆਂ ਵੱਲੋਂ ਇਸ ਲਾਂਘੇ ਦੇ ਖੁੱਲ੍ਵਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਜੋ ਅੱਜ ਪ੍ਰਵਾਨ ਹੋ ਗਈਆਂ ਹਨ। ਇਸ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਅੱਜ ਦਾ ਦਿਨ ਇਤਿਹਾਸਿਕ ਸਫਿਆਂ ਵਿਚ ਦਰਜ ਹੋਵੇਗਾ।

Vandana

This news is Content Editor Vandana