ਇਕੋ ਪਰਿਵਾਰ ਦੇ 5 ਜੀਆਂ ਦਾ ਗੋਲ਼ੀਆਂ ਮਾਰ ਕੇ ਕਤਲ ! ਪਾਕਿਸਤਾਨ ''ਚ ਬੇਕਾਬੂ ਹੋਏ ਹਾਲਾਤ
Monday, Jan 05, 2026 - 03:39 PM (IST)
ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਖੈਬਰ ਪਖਤੂਨਖਵਾ ਸੂਬੇ ਵਿੱਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ। ਇੱਥੇ ਵਾਪਰੀਆਂ ਤਾਜ਼ਾ ਹਿੰਸਕ ਘਟਨਾਵਾਂ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਕਰਕ ਸ਼ਹਿਰ ਦੇ ਬਾਹਰਵਾਰ ਹੋਈ ਇੱਕ ਖੂਨੀ ਝੜਪ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਅਤੇ ਇੱਕ ਮਹਿਮਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਅਨੁਸਾਰ ਇਸ ਵਾਰਦਾਤ ਦੇ ਪਿੱਛੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਲੱਕੀ ਮਰਵਤ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ 3 ਪੁਲਸ ਮੁਲਾਜ਼ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਬੰਨੂ ਜ਼ਿਲ੍ਹੇ ਵਿੱਚ ਇੱਕ ਹੋਰ ਪੁਲਸ ਅਧਿਕਾਰੀ ਦਾ ਕਤਲ ਕਰ ਦਿੱਤਾ ਗਿਆ, ਜੋ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਦਾ ਹਿੱਸਾ ਜਾਪਦਾ ਹੈ।
ਜ਼ਿਕਰਯੋਗ ਹੈ ਕਿ ਸਾਲ 2025 ਪਾਕਿਸਤਾਨ ਦੇ ਸੁਰੱਖਿਆ ਕਰਮਚਾਰੀਆਂ ਲਈ ਬਹੁਤ ਘਾਤਕ ਸਾਬਤ ਹੋਇਆ ਹੈ। ਖਾਸ ਕਰਕੇ ਖੈਬਰ ਪਖਤੂਨਖਵਾ ਵਿੱਚ ਵਧਦੀ ਅੱਤਵਾਦੀ ਗਤੀਵਿਧੀਆਂ ਕਾਰਨ ਇਹ ਮਾਮਲਾ ਹੋਰ ਜ਼ਿਆਦਾ ਗੰਭੀਰ ਹੋ ਗਿਆ ਹੈ। ਹਾਲਾਂਕਿ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਸੰਗਠਨ ਨੇ ਨਹੀਂ ਲਈ ਹੈ, ਪਰ ਇਸ ਖੇਤਰ ਵਿੱਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੀ ਮਜ਼ਬੂਤ ਪਕੜ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
