ਅਮਰੀਕਾ ਵਾਂਗ ਪਾਕਿ ਵੀ ਪੰਜਵੜ ਦੇ ਕਾਤਲਾਂ ਨੂੰ ਬੇਨਕਾਬ ਕਰੇ: ਯੂਨਾਈਟਿਡ ਖਾਲਸਾ ਦਲ ਯੂ.ਕੇ.

Monday, Jul 13, 2026 - 09:02 PM (IST)

ਅਮਰੀਕਾ ਵਾਂਗ ਪਾਕਿ ਵੀ ਪੰਜਵੜ ਦੇ ਕਾਤਲਾਂ ਨੂੰ ਬੇਨਕਾਬ ਕਰੇ: ਯੂਨਾਈਟਿਡ ਖਾਲਸਾ ਦਲ ਯੂ.ਕੇ.

ਲੰਡਨ (ਸਰਬਜੀਤ ਸਿੰਘ ਬਨੂੜ) - ਯੂਨਾਈਟਿਡ ਖਾਲਸਾ ਦਲ ਯੂ.ਕੇ. ਨੇ ਪਾਕਿਸਤਾਨ ਸਰਕਾਰ ਨੂੰ ਭਾਈ ਪਰਮਜੀਤ ਸਿੰਘ ਪੰਜਵੜ ਦੇ ਕਤਲ ਮਾਮਲੇ ਵਿੱਚ ਹਮਲਾਵਰਾਂ ਅਤੇ ਉਨ੍ਹਾਂ ਦੇ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

ਜਥੇਬੰਦੀ ਦੇ ਪ੍ਰਧਾਨ ਭਾਈ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ ਦੇ ਕਤਲ ਨੂੰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪਾਕਿਸਤਾਨ ਸਰਕਾਰ ਵੱਲੋਂ ਅਜੇ ਤੱਕ ਇਸ ਮਾਮਲੇ ਦੀ ਜਾਂਚ ਦੇ ਨਤੀਜੇ ਜਨਤਕ ਨਹੀਂ ਕੀਤੇ ਗਏ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੂੰ ਭੇਜੇ ਪੱਤਰ ਵਿੱਚ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ ਕੋਈ ਆਮ ਵਿਅਕਤੀ ਨਹੀਂ ਸਨ, ਸਗੋਂ ਸਿੱਖ ਕੌਮ ਨਾਲ ਜੁੜੀ ਇੱਕ ਪ੍ਰਮੁੱਖ ਸ਼ਖ਼ਸੀਅਤ ਸਨ, ਜੋ ਲਗਭਗ 28 ਸਾਲਾਂ ਤੋਂ ਲਾਹੌਰ ਵਿੱਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ 6 ਮਈ 2023 ਨੂੰ ਲਾਹੌਰ ਦੇ ਇੱਕ ਪਾਰਕ ਵਿੱਚ ਸੈਰ ਦੌਰਾਨ ਉਨ੍ਹਾਂ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ।

ਇਹ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਇਸ ਕਤਲ ਪਿੱਛੇ ਭਾਰਤੀ ਏਜੰਸੀਆਂ ਦੀ ਭੂਮਿਕਾ ਹੋ ਸਕਦੀ ਹੈ, ਪਰ ਇਸ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਨਤੀਜਾ ਜਨਤਕ ਨਹੀਂ ਕੀਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਕਿ ਜਾਂਚ ਪੂਰੀ ਕਰਕੇ ਸਾਰੇ ਤੱਥ ਦੁਨੀਆ ਸਾਹਮਣੇ ਰੱਖੇ ਜਾਣ।

ਇਸੇ ਦੌਰਾਨ ਯੂਨਾਈਟਿਡ ਖਾਲਸਾ ਦਲ ਯੂ.ਕੇ. ਨੇ ਅਮਰੀਕਾ ਸਰਕਾਰ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ। ਜਥੇਬੰਦੀ ਨੇ ਕਿਹਾ ਕਿ ਅਮਰੀਕੀ ਜਾਂਚ ਏਜੰਸੀਆਂ ਵੱਲੋਂ ਸਿੱਖ ਕਾਰਕੁਨਾਂ ਨੂੰ ਧਮਕਾਉਣ, ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਦੀਆਂ ਸਾਜ਼ਿਸ਼ਾਂ ਅਤੇ ਫਿਰੌਤੀ ਮੰਗਣ ਵਾਲੇ ਗਿਰੋਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੈ।

ਯੂਨਾਈਟਿਡ ਖਾਲਸਾ ਦਲ ਯੂ.ਕੇ. ਨੇ ਕਿਹਾ ਕਿ ਉਹ ਆਪਣੇ ਸਿਆਸੀ ਉਦੇਸ਼ਾਂ ਲਈ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾਉਣ ਦੇ ਹੱਕ ਦਾ ਸਮਰਥਨ ਕਰਦੇ ਹਨ ਅਤੇ ਆਪਣੇ ਵਿਚਾਰਾਂ ਅਨੁਸਾਰ ਸੰਘਰਸ਼ ਜਾਰੀ ਰੱਖਣਗੇ।


author

Inder Prajapati

Content Editor

Related News