Trump ਖ਼ਿਲਾਫ਼ ਦੇਸ਼ ਭਰ ''ਚ ਸੜਕਾਂ ''ਤੇ ਉਤਰੇ ਲੋਕ, ਲਾਏ ਨਾਅਰੇ (ਤਸਵੀਰਾਂ)
Sunday, Jun 15, 2025 - 10:17 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਵਧਦੇ ਜਾ ਰਹੇ ਹਨ। ਕੈਲੀਫੋਰਨੀਆ ਰਾਜ ਦੇ ਲਾਸ ਏਂਜਲਸ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਏ ਸਨ। ਹੁਣ ਇਹ ਵਿਰੋਧ ਪ੍ਰਦਰਸ਼ਨ ਕਈ ਸ਼ਹਿਰਾਂ ਵਿੱਚ ਫੈਲ ਗਿਆ ਹੈ। ਸ਼ਨੀਵਾਰ ਨੂੰ ਫਿਲਾਡੇਲਫੀਆ ਵਿੱਚ ਸੈਂਕੜੇ ਲੋਕ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਖ਼ਿਲਾਫ਼ ਸੜਕਾਂ 'ਤੇ ਉਤਰ ਆਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਟਰੰਪ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਵਿਰੋਧ ਪ੍ਰਦਰਸ਼ਨਾਂ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿੱਚ ਸੈਂਕੜੇ ਸਮਾਗਮਾਂ ਵਿੱਚ ਲੱਖਾਂ ਲੋਕਾਂ ਨੇ ਹਿੱਸਾ ਲਿਆ। ਨਿਊਯਾਰਕ, ਡੇਨਵਰ, ਸ਼ਿਕਾਗੋ, ਆਸਟਿਨ ਵਿੱਚ ਵੀ ਲੋਕਾਂ ਨੇ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਦੇ ਖ਼ਿਲਾਫ਼ ਰੋਸ ਮਾਰਚ ਕੱਢੇ।
ਪਿਛਲੇ ਹਫ਼ਤੇ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਕੀਤੀ ਅਤੇ ਕਈ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲਿਆ। ਇਸ ਦੇ ਖ਼ਿਲਾਫ਼ ਲਾਸ ਏਂਜਲਸ ਵਿੱਚ ਹਿੰਸਾ ਭੜਕ ਗਈ। ਹਿੰਸਾ ਕਾਰਨ ਰਾਸ਼ਟਰਪਤੀ ਟਰੰਪ ਨੇ ਲਾਸ ਏਂਜਲਸ ਵਿੱਚ ਨੈਸ਼ਨਲ ਗਾਰਡ ਤਾਇਨਾਤ ਕਰਨ ਦੇ ਆਦੇਸ਼ ਦਿੱਤੇ, ਜਿਸ ਨਾਲ ਲੋਕ ਹੋਰ ਗੁੱਸੇ ਵਿੱਚ ਆ ਗਏ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਦੰਗੇ ਅਤੇ ਅੱਗਜ਼ਨੀ ਸ਼ੁਰੂ ਹੋ ਗਈ। ਲਾਸ ਏਂਜਲਸ ਵਿੱਚ ਅਜੇ ਵੀ ਵਿਰੋਧ ਪ੍ਰਦਰਸ਼ਨ ਜਾਰੀ ਹਨ। ਹਾਲਾਂਕਿ ਇਸ ਸਮੇਂ ਸਥਿਤੀ ਆਮ ਹੈ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ, ਪੁਲਸ ਦੇ ਤਸ਼ਦੱਦ ਨੇ ਲਈ ਜਾਨ
ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਹੱਥਾਂ ਵਿੱਚ ਢੋਲ ਲੈ ਕੇ ਨੱਚਦੇ ਦੇਖਿਆ ਗਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਟਰੰਪ ਵਿਰੋਧੀ ਨਾਅਰੇ ਲਗਾਏ। ਅਟਲਾਂਟਾ ਵਿੱਚ ਵੀ ਲਗਭਗ 5 ਹਜ਼ਾਰ ਲੋਕ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਸ਼ਨੀਵਾਰ ਨੂੰ ਟਰੰਪ ਨੇ ਵਾਸ਼ਿੰਗਟਨ ਵਿੱਚ ਆਯੋਜਿਤ ਫੌਜੀ ਪਰੇਡ ਵਿੱਚ ਸ਼ਿਰਕਤ ਕੀਤੀ। ਇਹ ਪਰੇਡ ਫੌਜ ਦੀ 250ਵੀਂ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਕੀਤੀ ਗਈ ਸੀ। ਵਾਸ਼ਿੰਗਟਨ ਵਿੱਚ ਵੀ ਲੋਗਨ ਸਰਕਲ ਵਿੱਚ ਲਗਭਗ 200 ਲੋਕਾਂ ਨੇ ਟਰੰਪ ਖ਼ਿਲਾਫ਼ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਟਰੰਪ ਦੇ ਵੱਡੇ ਕੱਟਆਊਟ ਬਣਾਏ ਸਨ।
ਵਰਜੀਨੀਆ ਵਿੱਚ ਇੱਕ SUV ਨੇ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਇੱਕ 21 ਸਾਲਾ ਨੌਜਵਾਨ ਜ਼ਖਮੀ ਹੋ ਗਿਆ। ਪੁਲਸ ਨੇ ਦੋਸ਼ੀ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨਕਾਰੀਆਂ ਨੇ 'ਸਾਨੂੰ ਕਿੰਗ ਨਹੀਂ ਚਾਹੀਦਾ' ਅਤੇ 'ਮਿੰਨੀ ਮੁਸੋਲਿਨੀ ਨੂੰ ਦੇਸ਼ ਨਿਕਾਲਾ ਦਿਓ' ਵਰਗੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੋਕਤੰਤਰ ਦੀ ਰੱਖਿਆ ਲਈ ਇੱਥੇ ਹਨ। ਕੁਝ ਲੋਕਾਂ ਨੇ ਅਮਰੀਕਾ ਦੀ ਤਰੱਕੀ ਵਿੱਚ ਪ੍ਰਵਾਸੀਆਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਸਰਕਾਰ ਦੀ ਇਮੀਗ੍ਰੇਸ਼ਨ ਵਿਰੋਧੀ ਨੀਤੀ ਦੀ ਸਖ਼ਤ ਨਿੰਦਾ ਕੀਤੀ। ਕੁਝ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਚੋਣ ਵਿੱਚ ਟਰੰਪ ਨੂੰ ਵੋਟ ਦਿੱਤੀ ਸੀ, ਪਰ ਹੁਣ ਉਨ੍ਹਾਂ ਨੂੰ ਇਸ 'ਤੇ ਪਛਤਾਵਾ ਹੈ ਕਿਉਂਕਿ ਟਰੰਪ ਪ੍ਰਸ਼ਾਸਨ ਵਿੱਚ ਫਾਸ਼ੀਵਾਦ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।