ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੀ ਚੋਣ ਵਿਰੁੱਧ ਪੇਸ਼ਾਵਰ ਹਾਈ ਕੋਰਟ ''ਚ ਪਟੀਸ਼ਨ ਦਾਇਰ

Tuesday, Oct 14, 2025 - 03:32 PM (IST)

ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੀ ਚੋਣ ਵਿਰੁੱਧ ਪੇਸ਼ਾਵਰ ਹਾਈ ਕੋਰਟ ''ਚ ਪਟੀਸ਼ਨ ਦਾਇਰ

ਪੇਸ਼ਾਵਰ (ਏਜੰਸੀ)- ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇਯੂਆਈ-ਐਫ) ਨੇ ਮੰਗਲਵਾਰ ਨੂੰ ਪੇਸ਼ਾਵਰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੀ ਹਾਲੀਆ ਚੋਣ ਨੂੰ ਰੱਦ ਕਰਨ ਅਤੇ ਇਸ ਨੂੰ "ਅਯੋਗ" ਘੋਸ਼ਿਤ ਕਰਨ ਦੀ ਬੇਨਤੀ ਕੀਤੀ ਗਈ ਹੈ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਉਮੀਦਵਾਰ ਸੋਹੇਲ ਅਫਰੀਦੀ ਨੂੰ ਸੋਮਵਾਰ ਨੂੰ ਵਿਰੋਧੀ ਧਿਰ ਦੇ ਵਾਕਆਊਟ ਕਾਰਨ ਹੋਏ ਵਿਧਾਨ ਸਭਾ ਸੈਸ਼ਨ ਦੌਰਾਨ ਖੈਬਰ ਪਖਤੂਨਖਵਾ ਸੂਬੇ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ। ਅਫਰੀਦੀ ਨੂੰ 90 ਵੋਟਾਂ ਮਿਲੀਆਂ, ਜਦੋਂ ਕਿ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇਯੂਆਈ-ਐਫ), ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਵਿਰੋਧੀ ਉਮੀਦਵਾਰਾਂ ਨੂੰ ਕੋਈ ਵੋਟ ਨਹੀਂ ਮਿਲੀ। ਇਹ ਪਟੀਸ਼ਨ ਜੇਯੂਆਈ-ਐਫ ਦੇ ਉਮੀਦਵਾਰ ਅਤੇ ਸੂਬਾਈ ਅਸੈਂਬਲੀ ਮੈਂਬਰ ਮੌਲਾਨਾ ਲੁਤਫੁਰ ਰਹਿਮਾਨ ਨੇ ਦਾਇਰ ਕੀਤੀ।

ਰਹਿਮਾਨ ਜੇਯੂਆਈ-ਐਫ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਦੇ ਛੋਟੇ ਭਰਾ ਹਨ। ਰਹਿਮਾਨ ਨੇ ਅਦਾਲਤ ਨੂੰ ਚੋਣ ਨੂੰ ਰੱਦ ਕਰਨ ਦੀ ਅਪੀਲ ਕੀਤੀ ਅਤੇ ਇਸਨੂੰ "ਗੈਰ-ਕਾਨੂੰਨੀ, ਮਨਮਾਨੀ ਅਤੇ ਅਧਿਕਾਰ ਖੇਤਰ ਤੋਂ ਬਾਹਰ" ਕਰਾਰ ਦਿੱਤਾ। ਉਨ੍ਹਾਂ ਨੇ ਚੋਣ ਦੀ ਪ੍ਰਮਾਣਿਕਤਾ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਹੁਦਾ ਛੱਡ ਰਹੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਦਾ ਅਸਤੀਫਾ ਰਸਮੀ ਤੌਰ 'ਤੇ ਸਵੀਕਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਸੰਵਿਧਾਨ ਦੀ ਧਾਰਾ 130(8) ਦਾ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਨਵੀਂ ਚੋਣ ਕਰਵਾਉਣ ਤੋਂ ਪਹਿਲਾਂ ਮੁੱਖ ਮੰਤਰੀ ਦਾ ਅਹੁਦਾ ਖਾਲੀ ਹੋਣਾ ਚਾਹੀਦਾ ਹੈ। ਪਟੀਸ਼ਨ ਵਿੱਚ ਖੈਬਰ ਪਖਤੂਨਖਵਾ ਸਰਕਾਰ, ਰਾਜਪਾਲ ਫੈਜ਼ਲ ਕਰੀਮ ਕੁੰਡੀ, ਸੂਬਾਈ ਅਸੈਂਬਲੀ ਦੇ ਸਪੀਕਰ ਬਾਬਰ ਸਲੀਮ ਸਵਾਤੀ, ਅਸੈਂਬਲੀ ਸਕੱਤਰ, ਅਹੁਦਾ ਛੱਡ ਰਹੇ ਮੁੱਖ ਮੰਤਰੀ ਗੰਡਾਪੁਰ ਅਤੇ ਨਵੇਂ ਚੁਣੇ ਗਏ ਮੁੱਖ ਮੰਤਰੀ ਅਫਰੀਦੀ ਨੂੰ ਪ੍ਰਤੀਵਾਦੀ ਵਜੋਂ ਨਾਮਜ਼ਦ ਕੀਤਾ ਗਿਆ ਹੈ।


author

cherry

Content Editor

Related News