PoK ''ਚ ਬੇਕਾਬੂ ਹੋਏ ਹਾਲਾਤ, ਪ੍ਰਦਰਸ਼ਨ ਦੌਰਾਨ 600 ਤੋਂ ਵੱਧ ਆਗੂ ਅਤੇ ਵਰਕਰਾਂ ਨੂੰ ਕੀਤਾ ਗ੍ਰਿਫ਼ਤਾਰ
Friday, Jul 10, 2026 - 02:03 PM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਗ਼ੈਰ-ਕਾਨੂੰਨੀ ਕਬਜ਼ੇ ਵਾਲੇ ਜੰਮੂ-ਕਸ਼ਮੀਰ (PoK) 'ਚ ਹਾਲਾਤ ਲਗਾਤਾਰ ਬੇਕਾਬੂ ਹੁੰਦੇ ਜਾ ਰਹੇ ਹਨ। ਇੱਥੇ ਪਾਕਿਸਤਾਨੀ ਸਰਕਾਰ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਬਹੁਤ ਜ਼ਿਆਦਾ ਹਿੰਸਕ ਅਤੇ ਤੇਜ਼ ਹੋ ਗਏ ਹਨ। ਰਿਪੋਰਟਾਂ ਮੁਤਾਬਕ, ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਪ੍ਰਦਰਸ਼ਨਾਂ 'ਚ ਨਾਗਰਿਕ ਅਧਿਕਾਰਾਂ ਲਈ ਲੜ ਰਹੇ 600 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਵਿੱਚ ਮੁੱਖ ਆਗੂ ਸ਼ੌਕਤ ਨਵਾਜ਼ ਮੀਰ ਵੀ ਸ਼ਾਮਲ ਹਨ।
ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ 'ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ' (JAAC) ਨੇ ਪਾਕਿਸਤਾਨੀ ਸਰਕਾਰ ਨੂੰ 48 ਘੰਟਿਆਂ ਦਾ ਸਖ਼ਤ ਅਲਟੀਮੇਟਮ ਜਾਰੀ ਕਰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ, ਤਾਂ 9 ਜੁਲਾਈ ਨੂੰ ਪੂਰੇ ਇਲਾਕੇ 'ਚ ਵੱਡੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਕਾਰਵਾਈ ਦੇ ਵਿਰੋਧ ਵਿੱਚ ਪੂਰੇ ਮੁਜ਼ੱਫਰਾਬਾਦ ਅਤੇ ਹੋਰ ਹਿੱਸਿਆਂ ਵਿੱਚ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਆਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਕਈ ਥਾਵਾਂ 'ਤੇ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਸ਼ੈੱਲਿੰਗ ਅਤੇ ਫਾਇਰਿੰਗ ਵੀ ਕੀਤੀ ਗਈ, ਜਿਸ ਨਾਲ ਹਾਲਾਤ ਹੱਥੋਂ ਬਾਹਰ ਹੁੰਦੇ ਜਾ ਰਹੇ ਹਨ।
ਇਹ ਗ੍ਰਿਫ਼ਤਾਰੀਆਂ ਮੁਜ਼ੱਫਰਾਬਾਦ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੀ ਰਾਜਧਾਨੀ) ਦੀ ਖੇਤਰੀ ਸਰਕਾਰ ਵੱਲੋਂ ਸਾਂਝੀ ਅਵਾਮੀ ਐਕਸ਼ਨ ਕਮੇਟੀ (JAAC) 'ਤੇ ਪਾਬੰਦੀ ਲਗਾਉਣ ਤੋਂ ਇੱਕ ਦਿਨ ਬਾਅਦ ਹੋਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਵਿੱਚੋਂ 36 ਮੰਗਾਂ ਨੂੰ ਪਿਛਲੇ ਸਾਲ ਜੇਏਏਸੀ ਦੇ ਪ੍ਰਤੀਨਿਧੀਆਂ, ਖੇਤਰੀ ਅਧਿਕਾਰੀਆਂ ਅਤੇ ਪਾਕਿਸਤਾਨ ਦੀ ਸੰਘੀ ਸਰਕਾਰ ਵਿਚਕਾਰ ਗੱਲਬਾਤ ਤੋਂ ਬਾਅਦ ਸਵੀਕਾਰ ਕਰ ਲਿਆ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨ ਸਰਕਾਰ ਨੇ ਇਸ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ। ਇੱਥੇ ਖਾਣ-ਪੀਣ ਦੀਆਂ ਚੀਜ਼ਾਂ, ਆਟੇ ਅਤੇ ਜ਼ਰੂਰੀ ਦਵਾਈਆਂ ਦੀ ਸਪਲਾਈ ਰੋਕ ਦਿੱਤੀ ਗਈ ਹੈ ਅਤੇ ਇੰਟਰਨੈੱਟ-ਮੋਬਾਈਲ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।
