ਪੁਰਤਗਾਲ ’ਚ 4 ਲੱਖ ਪ੍ਰਵਾਸੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ
Friday, Sep 19, 2025 - 05:17 AM (IST)

ਮਿਲਾਨ (ਸਾਬੀ ਚੀਨੀਆ) - ਪੁਰਤਗਾਲ ਸਰਕਾਰ ਇੱਥੇ ਰਹਿ ਰਹੇ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿਚ 14,000 ਦੇ ਕਰੀਬ ਭਾਰਤੀ ਕਾਮੇ ਵੀ ਸ਼ਾਮਲ ਹਨ। ਵੱਖ-ਵੱਖ ਦੇਸ਼ਾਂ ਤੋਂ ਆ ਕੇ ਪੁਰਤਗਾਲ ਵਿਚ ਰਹਿ ਰਹੇ ਵਿਦੇਸ਼ੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। 2 ਮਹੀਨੇ ਪਹਿਲਾਂ ਬਣੀ ਸਰਕਾਰ ਇਮੀਗ੍ਰੇਸ਼ਨ ਵਿਰੋਧੀ ਨੀਤੀਆਂ ਅਪਣਾ ਕੇ ਵਿਦੇਸ਼ੀਆਂ ਨੂੰ ਦੇਸ਼ ’ਚੋਂ ਕੱਢਣਾ ਚਾਹੁੰਦੀ ਹੈ।
ਦੱਸਣਯੋਗ ਹੈ ਕਿ ਪੁਰਤਗਾਲ ’ਚੋਂ ਕੱਢੇ ਜਾਣ ਵਾਲੇ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਪ੍ਰਵਾਸੀਆਂ ਦੀ ਗਿਣਤੀ 4 ਲੱਖ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਉਥੋਂ ਦੀ ਨਵੀਂ ਸਰਕਾਰ ਨੇ ਡਿਟੇਨ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ ਦੇ ਵੀ ਕਈ ਨੌਜਵਾਨ ਪੁਰਤਗਾਲ ਵਿਚ ਰਹਿ ਰਹੇ ਹਨ ਅਤੇ ਪਿਛਲੇ 5-6 ਸਾਲਾਂ ਤੋਂ ਸਰਕਾਰ ਨੂੰ ਟੈਕਸ ਵੀ ਦੇ ਰਹੇ ਹਨ। ਉਹ ਸਾਰੇ ਕਾਨੂੰਨੀ ਤੌਰ ’ਤੇ ਉਥੇ ਰਹਿ ਰਹੇ ਹਨ ਅਤੇ ਸਰਕਾਰ ਦੀਆਂ ਮੈਡੀਕਲ ਸਹੂਲਤਾਂ ਵੀ ਲੈ ਰਹੇ ਹਨ। ਇਸ ਦੇ ਬਾਵਜੂਦ ਨਵੀਂ ਸਰਕਾਰ ਧੱਕੇ ਨਾਲ ਉਨ੍ਹਾਂ ਨੂੰ ਉਥੋਂ ਕੱਢਣਾ ਚਾਹੁੰਦੀ ਹੈ। ਕਈ ਪ੍ਰਵਾਸੀਆਂ ਨੂੰ ਤਾਂ ਪੁਰਤਗਾਲ ਸਰਕਾਰ ਨੇ ਫੜ੍ਹ ਕੇ ਜੇਲਾਂ ’ਚ ਬੰਦ ਕਰ ਦਿੱਤਾ ਹੈ, ਜਿਨ੍ਹਾਂ ’ਚ 10-12 ਭਾਰਤੀ ਵੀ ਸ਼ਾਮਲ ਹਨ।
ਅੱਜ ਵੱਖ-ਵੱਖ ਦੇਸ਼ਾਂ ਦੇ ਇਮੀਗ੍ਰਾਂਟਸ ਲਿਸਬਨ ਪਾਰਲੀਮੈਂਟ ਦੇ ਬਾਹਰ ਇਕੱਠੇ ਹੋਏ ਅਤੇ ਉਨ੍ਹਾਂ ਨੇ ਪੁਰਤਗਾਲ ਦੀ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੁਲਵਿੰਦਰ ਸਿੰਘ ਫਰਾਂਸ, ਯਾਦਵਿੰਦਰ ਸਿੰਘ ਬਰਾੜ, ਅਮਰੀਕ ਸਿੰਘ ਸਪੇਨ ਅਤੇ ਨਿੰਜਾ ਹੁੰਦਲ ਨੇ ਪ੍ਰਵਾਸੀਆਂ ਨੂੰ ਹੋਕਾ ਦਿੱਤਾ ਕਿ ਉਹ ਆਪਣੇ ਹੱਕਾਂ ਲਈ ਡਟ ਕੇ ਖੜ੍ਹਨ ਤਾਂ ਜੋ ਸਰਕਾਰ ਨੂੰ ਆਪਣੇ ਫੈਸਲੇ ਵਾਪਸ ਲੈਣੇ ਪੈਣ।