ਗਲਾਸਗੋ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਦਸ਼ਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ
Thursday, Jan 21, 2021 - 07:51 AM (IST)
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਕੋਰੋਨਾ ਵਾਇਰਸ ਕਰਕੇ ਹਰ ਤਰ੍ਹਾਂ ਦੀਆਂ ਸਰਗਰਮੀਆਂ ਘਰਾਂ ਦੇ ਕਮਰਿਆਂ ਤੱਕ ਸੁੰਗੜ ਕੇ ਰਹਿ ਗਈਆਂ ਹਨ। ਜਿਹੜੇ ਗੁਰਦੁਆਰਾ ਸਾਹਿਬਾਨਾਂ ਵਿਖੇ ਧਾਰਮਿਕ ਸਮਾਗਮਾਂ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਮੱਥਾ ਟੇਕਣ ਆਉਂਦੇ ਸਨ, ਹੁਣ ਉਨ੍ਹਾਂ ਗੁਰੂਘਰਾਂ ਵਿਚ ਵੀ ਬਹੁਤ ਘੱਟ ਸੰਗਤ ਪਹੁੰਚ ਰਹੀ ਹੈ।
ਸਰਕਾਰ ਦੀਆਂ ਹਿਦਾਇਤਾਂ ਨੂੰ ਧਿਆਨ 'ਚ ਰੱਖਦਿਆਂ ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਵਜੋਂ ਜਾਣੇ ਜਾਂਦੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੇ ਕੀਰਤਨੀਏ ਸਿੰਘਾਂ ਵੱਲੋਂ ਰਸਭਿੰਨੇ ਕੀਰਤਨ ਦਾ ਗਾਇਨ ਕਰਕੇ ਮਨਾਇਆ ਗਿਆ।
ਸੰਗਤਾਂ ਤੱਕ ਆਵਾਜ਼ ਪਹੁੰਚਾਉਣ ਲਈ ਇੰਟਰਨੈੱਟ ਸਾਧਨਾਂ ਦੀ ਮਦਦ ਲਈ ਗਈ। ਗੁਰਦੁਆਰਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਚੌਧਰੀ ਨੇ ਸੰਗਤਾਂ ਨੂੰ ਦਿਲੋਂ ਵਧਾਈ ਪੇਸ਼ ਕੀਤੀ। ਨਾਲ ਹੀ ਉਨ੍ਹਾਂ ਦੱਸਿਆ ਕਿ ਕਿਸਾਨ ਸੰਘਰਸ਼ ਦੇ ਸ਼ੁਰੂਆਤੀ ਦਿਨ ਤੋਂ ਲੈ ਕੇ ਨਿਰੰਤਰ ਹਰ ਰੋਜ਼ ਗੁਰਦੁਆਰਾ ਸਾਹਿਬ ਤੋਂ ਸੰਘਰਸ਼ ਦੀ ਜਿੱਤ ਦੀ ਅਰਦਾਸ ਕੀਤੀ ਜਾ ਰਹੀ ਹੈ। ਦਸ਼ਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ 'ਤੇ ਹਜ਼ੂਰੀ ਰਾਗੀ ਜੱਥੇ ਭਾਈ ਸੁਖਬੀਰ ਸਿੰਘ ਤੇ ਭਾਈ ਬਲਵਿੰਦਰ ਸਿੰਘ ਜੀ ਵੱਲੋਂ ਰਸਭਿੰਨੇ ਕੀਰਤਨ ਦੇ ਨਾਲ-ਨਾਲ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।